ਪੱਤਰ ਪ੍ਰੇਰਕ
ਮਾਨਸਾ, 12 ਸਤੰਬਰ
ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਯੂਨੀਅਨ ਵੱਲੋਂ ਇਥੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਜਥੇਬੰਦੀ ਵੱਲੋਂ ਵਾਰ-ਵਾਰ ਅਪੀਲਾਂ-ਦਲੀਲਾਂ ਦੇ ਬਾਵਜੂਦ ਪੜ੍ਹੇ-ਲਿਖੇ ਅਤੇ ਯੋਗ ਬੇਰੁਜ਼ਗਾਰ 5994 ਬੇਰੁਜ਼ਗਾਰ ਅਧਿਆਪਕਾਂ ਦਾ ਨਾ ਪੋਰਟਲ ਖੋਲ੍ਹ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਪਹਿਲ ਦੇਣ ਦੀ ਬਜਾਇ ਦੂਜੇ ਰਾਜਾਂ ਨੂੰ ਪਹਿਲ ਦੇ ਰਹੀ ਹੈ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਿੰਦਰ ਸਿੰਘ ਦੂਲੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਜੋ ਸੱਤਾ ਦੇ ਨਸ਼ੇ ਵਿੱਚ ਚੂਰ ਹੋ ਚੁੱਕੀ ਹੈ ਤੇ ਪੰਜਾਬ ਦੇ ਬੇਰੁਜ਼ਗਾਰ ਅਧਿਆਪਕਾਂ ਨੂੰ ਚੰਡੀਗੜ੍ਹ ਬੇਮਤਲਬੀਆਂ ਮੀਟਿੰਗਾ ਕਰਕੇ ਆਰਥਿਕ ਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰ ਰਹੀ ਹੈ। ਵਾਅਦਾ ਕੀਤਾ ਗਿਆ ਸੀ ਭਗਵੰਤ ਮਾਨ ਸਰਕਾਰ ਸੱਤਾ ਵਿੱਚ ਆਉਣ ’ਤੇ ਪੰਜਾਬ ਦੇ ਲੋਕਾਂ ਆਪਣੇ ਕੰਮ ਲਈ ਰਵਾਇਤੀ ਸਰਕਾਰਾਂ ਵਾਂਗ ਚੰਡੀਗੜ੍ਹ ਧੱਕੇ ਨਹੀ ਖਾਣੇ ਪੈਣਗੇ, ਪਰ ਮੌਕੇ ਦੀ ਸਰਕਾਰ ਆਪਣੇ ਰੁਜ਼ਗਾਰ ਦੇ ਵਾਅਦੇ ਤੋਂ ਭੱਜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ 25 ਸਤੰਬਰ ਤੱਕ ਪੋਰਟਲ ਨਾ ਖੋਲ੍ਹਿਆ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।