ਖੇਤਰੀ ਪ੍ਰਤੀਨਿਧ
ਬਰਨਾਲਾ, 16 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਫੌਜ ਵਿੱਚ ਭਰਤੀ ਸਬੰਧੀ ਕੇਂਦਰੀ ਮੋਦੀ ਹਕੂਮਤ ਵੱਲੋਂ ਠੋਸੀ ‘ਅਗਨੀਪਥ’ ਯੋਜਨਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਡੀਸੀ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੋੰਪਿਆ। ਇਸ ਮੌਕੇ ਹੋਰ ਕਿਸਾਨੀ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਨੂੰ ਵੀ ਮੰਗ ਪੱਤਰ ਭੇਜਿਆ। ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਗੁਰਦੇਵ ਸਿੰਘ ਮਾਗੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਨਜੀਤ ਰਾਜ ਤੇ ਲਖਵੀਰ ਸਿੰਘ ਦੁੱਲਮਸਰ ਅਤੇ ਜੈ ਕਿਸਾਨ ਅੰਦੋਲਨ ਦੇ ਕੁਲਦੀਪ ਸਿੰਘ ਜੇਈ ਨੇ ਮੰਗ ਕੀਤੀ ਕਿ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਅੰਦੋਲਨਕਾਰੀ ਕਿਸਾਨਾਂ ਉੱਤੇ ਕੀਤੇ ਖੂਨੀ ਕਾਂਡ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਤੋਂ ਇਲਾਵਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਮੁੜ ਵਸੇਬੇ ਲਈ ਫੌਰੀ ਸਹਾਇਤਾ ਰਾਸ਼ੀ ਦਿੱਤੀ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਦੇ ਨਾਂ ਵੀ ਮੰਗ ਪੱਤਰ ਸੌਂਪਿਆ ਗਿਆ।