ਬਿਜਲੀ ਦੀ ਮਾੜੀ ਸਪਲਾਈ ਤੋਂ ਅੱਕੇ ਕਿਸਾਨਾਂ ਵੱਲੋਂ ਧਰਨਾ

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਬਣਦੀ ਸਪਲਾਈ ਨਾ ਦੇਣ ’ਤੇ ਸੰਘਰਸ਼ ਦੀ ਚਿਤਾਵਨੀ

ਬਿਜਲੀ ਦੀ ਮਾੜੀ ਸਪਲਾਈ ਤੋਂ ਅੱਕੇ ਕਿਸਾਨਾਂ ਵੱਲੋਂ ਧਰਨਾ

ਮਹਿਲ ਕਲਾਂ ਗਰਿੱਡ ਅੱਗੇ ਧਰਨਾ ਦਿੰਦੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਆਗੂ।

ਨਵਕਿਰਨ ਸਿੰਘ

ਮਹਿਲ ਕਲਾਂ, 27 ਅਕਤੂਬਰ

ਬਿਜਲੀ ਦੀ ਘੱਟ ਸਪਲਾਈ ਤੋਂ ਅੱਕੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਸਬ ਡਿਵੀਜ਼ਨ ਗਰਿੱਡ ਮਹਿਲ ਕਲਾਂ ਅੱਗੇ ਧਰਨਾ ਦਿੱਤਾ ਗਿਆ। ਪਾਵਰਕੌਮ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਜ਼ਰੂਰਤ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ ਕਲਾਲ ਮਾਜਰਾ, ਮੀਤ ਪ੍ਰਧਾਨ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ ਅਤੇ ਬਲਾਕ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਸਕੂਲਾਂ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਲਾਉਣ ਲਈ ਕਹਿ ਰਹੇ ਹਨ ਪਰ ਘਰੇਲੂ ਬਿਜਲੀ ਸਪਲਾਈ ਨਾ ਹੋਣ ਕਾਰਨ ਵਿਦਿਆਰਥੀ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਨ੍ਹਾਂ ਦਿਨਾਂ ਵਿੱਚ ਪਛੇਤੇ ਝੋਨੇ ਨੂੰ ਪਾਣੀ ਲਾਉਣ ਤੋਂ ਇਲਾਵਾ ਬਰਸੀਮ, ਜਵੀਂ ਆਦਿ ਹਰਾ ਚਾਰਾ ਬੀਜਣਾ ਹੁੰਦਾ ਹੈ ਪਰ ਖੇਤੀ ਖੇਤਰ ਲਈ ਬਿਜਲੀ ਸਪਲਾਈ ਨਾ ਆਉਣ ਕਾਰਨ ਉਹ ਹਰਾ ਚਾਰਾ ਬੀਜਣ ਤੋਂ ਅਸਮਰੱਥ ਹਨ।

ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਪੂਰੀ ਨਾ ਦਿੱਤੀ ਗਈ ਤਾਂ ਕਿਸਾਨ ਤਿੱਖਾ ਸੰਘਰਸ਼ ਵਿੱਢਣਗੇ। ਪਾਵਰਕੌਮ ਅਧਿਕਾਰੀਆਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਿੱਤਾ ਕਿ ਉਹ ਕਿਸਾਨਾਂ ਦੀ ਮੰਗ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਦਾ ਕਰਨਗੇ। ਇਸ ਮੌਕੇ ਮੋਹਨ ਸਿੰਘ ਸਹਿਜੜਾ, ਕੁਲਦੀਪ ਸਿੰਘ ਬਾਜਵਾ, ਨਿਰਭੈ ਸਿੰਘ ਤੇ ਦਲੀਪ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All