ਹਰਿਆਣਾ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਵੱਲੋਂ ਪ੍ਰਦਰਸ਼ਨ
ਇਥੋਂ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਹਰਿਆਣਾ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਬੈਨਰ ਹੇਠ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਮਿਨੀ ਸਕੱਤਰੇਤ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿਨੀ ਸਕੱਤਰੇਤ ਬਾਹਰ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਹਰਿਆਣਾ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਤੇ ਭਾਰਤੀ ਕਿਸਾਨ ਏਕਤਾ, ਪਗੜੀ ਸੰਭਾਲ ਜੱਟਾ2 (ਬੀਕੇਈ) ਦੇ ਬੈਨਰ ਹੇਠ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਇਕਠੇ ਹੋਏ ਜਿਥੇ ਉਨ੍ਹਾਂ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੂੰ ਸ਼ਰਧਾਂਜਲੀ ਭੇਟ ਕੀਤੀ। ਕਿਸਾਨ ਤੇ ਮਜ਼ਦੂਰ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ, ਜਿਥੇ ਉਨ੍ਹਾਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬੀਕੇਈ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਇਲਾਕੇ ਦੇ ਕਈ ਪਿੰਡਾਂ ਵਿੱਚ ਮੀਂਹ ਨਾਲ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਫਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੂੰ ਯੂਰੀਆ ਅਤੇ ਡੀਏਪੀ ਖਾਦਾਂ ਦੀ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ, ਨਕਲੀ ਖਾਦਾਂ, ਬੀਜਾਂ, ਜੈਵਿਕ ਖਾਦਾਂ ਨੂੰ ਰੋਕਣ ਲਈ ਸੋਧਿਆ ਐਕਟ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਵਿੱਚ ਸੁਧਾਰ ਕੀਤਾ ਜਾਵੇ। ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚੋਂ ਬੀਮਾ ਪ੍ਰੀਮੀਅਮ ਦੀ ਜਬਰੀ ਕਟੌਤੀ ਬੰਦ ਕੀਤੀ ਜਾਵੇ। ਬਕਾਇਆ ਬੀਮਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਏ। ਨਹਿਰਾਂ ਵਿੱਚ ਦੋ ਹਫ਼ਤਿਆਂ ਦੀ ਪਾਣੀ ਸਪਲਾਈ ਅਤੇ ਇੱਕ ਹਫ਼ਤੇ ਦੀ ਬੰਦੀ ਦਾ ਪੁਰਾਣਾ ਸ਼ਡਿਊਲ ਬਹਾਲ ਕੀਤਾ ਜਾਵੇ। ਕਿਸਾਨਾਂ ਨੂੰ ਪੋਰਟਲ ਸਿਸਟਮ ਤੋਂ ਮੁਕਤ ਕੀਤਾ ਜਾਵੇ। ਝੋਨੇ ਦੀ ਸਰਕਾਰੀ ਖਰੀਦ 15 ਸਤੰਬਰ ਤੋਂ ਸ਼ੁਰੂ ਕੀਤੀ ਜਾਵੇ। ਬਾਸਮਤੀ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਕੇ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ। ਔਲਖ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਪਹਿਲੀ ਸਤੰਬਰ ਨੂੰ ਹਰਿਆਣਾ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਕੁਰੂਕਸ਼ੇਤਰ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।