ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 26 ਅਗਸਤ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਜ਼ੀਰਾ ਵੱਲੋਂ ਫੂਡ ਸਪਲਾਈ ਦਫ਼ਤਰ ਜ਼ੀਰਾ ਅੱਗੇ ਆਪਣੀਆਂ ਮੰਗਾਂ ਸਬੰਧੀ ਰੋਸ ਧਰਨਾ ਲਗਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਸੂਬਾ ਮੀਤ ਪ੍ਰਧਾਨ ਦਿਲਬਾਗ ਸਿੰਘ, ਸੂਬਾ ਕਮੇਟੀ ਮੈਂਬਰ ਸੰਦੀਪ ਸਿੰਘ ਪੰਡੋਰੀ, ਗਿਆਨ ਸਿੰਘ, ਜਗਸੀਰ ਸਿੰਘ, ਰੇਸ਼ਮ ਸਿੰਘ, ਸੁਖਦੇਵ ਸਿੰਘ ,ਜਸਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਆ ਰਹੀ ਮੁਫਤ ਵਾਲੀ ਕਣਕ ਨਹੀਂ ਮਿਲ ਰਹੀ , ਜਦਕਿ ਜ਼ਮੀਨਾਂ ਵਾਲੇ ਅਮੀਰ ਲੋਕ ਕਣਕ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਦਫ਼ਤਰ ਦੀ ਵੈੱਬਸਾਈਟ ਨਾਲ ਸੰਪਰਕ ਨਾ ਹੋਣ ਕਾਰਨ ਲੋੜਵੰਦ ਪਰਿਵਾਰਾਂ ਦੇ ਮੈਂਬਰਾਂ ਦੇ ਕਾਰਡਾਂ ਵਿੱਚ ਨਾਮ ਦਰਜ ਨਹੀਂ ਹੋ ਰਹੇ। ਇਸ ਕਾਰਨ ਲੋਕਾਂ ਨੂੰ ਵਾਰ -ਵਾਰ ਦਫ਼ਤਰ ਦੇ ਚੱਕਰ ਲਗਾਉਣੇ ਪੈਂਦੇ ਹਨ। ਆਗੂਆਂ ਨੇ ਕਿਹਾ ਕਿ ਬਾਕੀ ਸੂਬਿਆਂ ਦੀ ਤਰਜ ’ਤੇ ਕਣਕ ਦੇ ਨਾਲ- ਨਾਲ ਜਿਵੇਂ ਘਿਓ, ਦਾਲ , ਖੰਡ, ਛੋਲੇ, ਸਾਬਣ, ਸਰ੍ਹੋਂ ਦਾ ਤੇਲ ਆਦਿ ਦਿੱਤੇ ਜਾਣ।
ਉਨ੍ਹਾਂ ਕਿਹਾ ਕਿ ਜੇ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਫੂਡ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਰਿੰਦਰ ਸਿੰਘ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ।