ਹਰਪ੍ਰੀਤ ਕੌਰ
ਹੁਸ਼ਿਆਰਪੁਰ, 17 ਅਪਰੈਲ
ਲਾਲ ਭੱਠਾ ਮਜ਼ਦੂਰ ਯੂਨੀਅਨ ਵੱਲੋਂ ਸੀਟੂ ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਕੁਮਾਰ ਬਢੋਆਣ, ਸੋਮ ਨਾਥ ਅਤੇ ਧਨਪਤ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਵਿੱਚ ਧਰਨਾ ਦਿੱਤਾ ਗਿਆ ਜਿਸ ਵਿਚ ਵੱਡੀ ਗਿਣਤੀ ਭੱਠਾ ਮਜ਼ਦੂਰ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਮਹਿੰਦਰ ਕੁਮਾਰ ਬਢੋਆਣ ਨੇ ਕਿਹਾ ਕਿ ਭੱਠਾ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਕਿਰਤ ਅਧਿਕਾਰੀ ਨੂੰ ਮੰਗ ਪੱਤਰ ਦਿੱਤਾ ਜਾ ਚੁੱਕਿਆ ਹੈ ਪਰ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਭੱਠਾ ਮਾਲਕਾਂ ਵਲੋਂ ਦੋ ਵਾਰ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਉਹ ਖੁਦ ਮੀਟਿੰਗ ’ਚ ਹਾਜ਼ਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿਚ ਭੱਠਾ ਮਜ਼ਦੂਰਾਂ ਨੂੰ ਆਪਣਾ ਗੁਜ਼ਾਰਾ ਕਰਨਾ ਔਖਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਦੇ ਮੇਹਨਤਾਨੇ ਵਿਚ ਵਾਧਾ ਕੀਤਾ ਜਾਵੇ, ਉਨ੍ਹਾਂ ਦੇ ਰਹਿਣ ਲਈ ਯੋਗ ਰਿਹਾਇਸ਼ ਦਾ ਪ੍ਰਬੰਧ ਕੀਤਾ ਜਾਵੇ, ਪੀਣ ਵਾਲੇ ਸਾਫ਼ ਸੁਥਰੇ ਪਾਣੀ ਅਤੇ ਟਾਇਲਟਾਂ ਦਾ ਪ੍ਰਬੰਧ ਕੀਤਾ ਜਾਵੇ।