ਮਾਨਸਾ ’ਚ ਮਨਰੇਗਾ ਮਜ਼ਦੂਰਾਂ ਵੱਲੋਂ ਮੁਜ਼ਾਹਰਾ
ਵਰ੍ਹਦੇ ਮੀਂਹ ਵਿੱਚ ਮਨਰੇਗਾ ਮਜ਼ਦੂਰਾਂ ਨੇ ਡਿਪਟੀ ਕਮਿਸ਼ਨਰ ਮਾਨਸਾ ਖ਼ਿਲਾਫ਼ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਜ਼ੋਰਦਾਰ ਰੋਸ ਮੁਜ਼ਾਹਰਾ ਕੱਢਿਆ। ਮਜ਼ਦੂਰਾਂ ਵੱਲੋਂ ਇੱਕ ਮੈਮੋਰੰਡਮ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਭੇਜਿਆ ਗਿਆ। ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਤੇ ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹ ਕੁਦਰਤੀ ਕਰੋਪੀ ਅਤੇ ਸਮੇਂ ਦੇ ਹਾਕਮਾਂ ਦੀ ਨਲਾਇਕੀ ਸਦਕਾ ਆਏ ਹਨ, ਜਿਸ ਕਾਰਨ ਲੱਖਾਂ ਏਕੜ ਫ਼ਸਲ,ਹਜ਼ਾਰਾਂ ਪਿੰਡ ਤੇ ਲੱਖਾਂ ਘਰ ਬਰਬਾਦ ਹੋ ਚੁੱਕੇ ਹਨ ਅਤੇ ਲੱਖਾਂ ਲੋਕ ਆਪਣਾ ਸਭ ਕੁਝ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹੜ੍ਹਾਂ ਨੂੰ ਕੌਮੀ ਆਫ਼ਤ ਘੋਸ਼ਿਤ ਕਰੇ ਤਾਂ ਕਿ ਕੌਮੀ ਰਾਹਤ ਫੰਡ ਵਿੱਚੋਂ ਹੋਏ ਨੁਕਸਾਨ ਦੀ ਭਰਪਾਈ ਹੋ ਸਕੇ।
ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕਿ੍ਰਸ਼ਨ ਚੌਹਾਨ ਤੇ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਉੱਡਤ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਲਗਾਤਾਰ ਮਨਰੇਗਾ ਕਾਨੂੰਨ ਕਮਜ਼ੋਰ ਕਰ ਰਹੀਆਂ ਹਨ।