ਪੱਤਰ ਪ੍ਰੇਰਕ
ਮਾਨਸਾ, 9 ਸਤੰਬਰ
ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਤਾਲਮੇਲ ਕਮੇਟੀ ਵੱਲੋਂ ਅੱਜ ਇਥੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨਕਾਰੀਆਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮਾਲ ਪਟਵਾਰੀਆਂ ਦੀਆਂ 1056 (23 ਪ੍ਰਤੀਸ਼ਤ) ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ, ਜਿਸ ਕਾਰਨ ਉਨ੍ਹਾਂ ਪਾਸ ਪਹਿਲਾਂ ਹੀ ਕੰਮ ਦਾ ਬੋਝ ਹੈ ਤੇ ਅਸਾਮੀਆਂ ਖ਼ਤਮ ਹੋਣ ਕਾਰਨ ਕੰਮ ਹੋਰ ਵੱਧ ਜਾਏਗਾ। ਪਟਵਾਰੀਆਂ ਦੀ ਹਮਾਇਤ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵੀ ਧਰਨੇ ਵਿੱਚ ਸ਼ਮੂਲੀਅਤ ਕੀਤੀ ਗਈ। ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਦੀਪ ਭਾਰਦਵਾਜ ਨੇ ਦੱਸਿਆ ਕਿ 15 ਸਤੰਬਰ ਨੂੰ ਜ਼ਿਲ੍ਹਾ ਸੰਗਰੂਰ ’ਚ ਮੁੱਖ ਮੰਤਰੀ ਪੰਜਾਬ ਤੇ ਵਿੱਤ ਮੰਤਰੀ ਪੰਜਾਬ ਖ਼ਿਲਾਫ਼ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਤੇ ਪਟਵਾਰੀਆਂ ਦੀਆਂ 1056 ਅਸਾਮੀਆਂ ਘਟਾਉਣ ਵਿਰੁੱਧ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਹਰੇਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਵਾਰੀਆਂ/ਕਾਨੂੰਗੋਆਂ ਦੀਆਂ ਰੋਜ਼ਾਨਾ ਬੇਲੋੜੀਆਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮ-ਕਾਜ ਪ੍ਰਭਾਵਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਬੇਲੋੜੀਆਂ ਬਦਲੀਆਂ ’ਤੇ ਅਮਲ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਮਾਨਸਾ ਜੀਵਨ ਕੁਮਾਰ ਗਰਗ, ਨਾਇਬ ਤਹਿਸੀਲਦਾਰ ਬੀਰਬਲ ਸਿੰਘ, ਗੁਰਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।