ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 9 ਨਵੰਬਰ
ਦਿਹਾਤੀ ਮਜ਼ਦੂਰ ਸਭਾ ਦੀ ਇਲਾਕਾ ਕਮੇਟੀ ਸੰਗਤ ਮੰਡੀ ਦੇ ਪ੍ਰਧਾਨ ਗੁਰਮੀਤ ਸਿੰਘ ਜੈ ਸਿੰਘ ਵਾਲਾ ਦੀ ਅਗਵਾਈ ਹੇਠ ਬੇਜ਼ਮੀਨੇ ਮਜ਼ਦੂਰਾਂ ਵੱਲੋਂ ਅੱਜ ਸਥਾਨਕ ਤਹਿਸੀਲ ਕੰਪਲੈਕਸ ਮੂਹਰੇ ਧਰਨਾ ਦਿੱਤਾ ਗਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਨ ਲਈ ਸੂਬਾਈ ਵਿੱਤ ਸਕੱਤਰ ਸਾਥੀ ਮਹੀਪਾਲ ਅਤੇ ਜ਼ਿਲ੍ਹਾ ਪ੍ਰਧਾਨ ਮਿੱਠੂ ਸਿੰਘ ਘੁੱਦਾ, ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਇਲਾਕਾ ਕਮੇਟੀ ਦੇ ਸਕੱਤਰ ਉਮਰਦੀਨ ਜੱਸੀ ਬਾਗਵਾਲੀ ਵੱਲੋਂ ਤਹਿਸੀਲਦਾਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਖੇਤ ਮਜ਼ਦੂਰਾਂ ਨੂੰ ਨਰਮੇ ਕਪਾਹ ਦੀ ਫਸਲ ਦੇ ਖਰਾਬੇ ਦਾ 35000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ, ਬਾਰਸ਼ਾਂ ਕਾਰਨ ਮਾਰੇ ਗਏ ਦੁਧਾਰੂ ਪਸ਼ੂਆਂ ਦਾ ਬਾਜ਼ਾਰੀ ਕੀਮਤ ਅਨੁਸਾਰ ਮੁਆਵਜ਼ਾ ਦਿੱਤਾ ਜਾਵੇ ਤੇ ਨੁਕਸਾਨੇ ਤੇ ਡਿੱਗੇ ਮਕਾਨਾਂ ਦੀ ਮੁੜ ਉਸਾਰੀ ਲਈ ਗ੍ਰਾਂਟ ਦਿੱਤੀ ਜਾਵੇ। ਇਸ ਮੌਕੇ ਸਰਬ ਸੰਮਤੀ ਨਾਲ 28 ਨਵੰਬਰ ਨੂੰ ‘ਪੰਜਾਬ ਬਚਾਓ ਸੰਯੁਕਤ ਮੋਰਚੇ’ ਵੱਲੋਂ ਲੁਧਿਆਣਾ ਵਿੱਚ ਕੀਤੀ ਜਾ ਰਹੀ ‘ਕਾਰਪੋਰੇਟ ਭਜਾਓ ਦੇਸ਼ ਬਚਾਓ ਪੰਜਾਬ ਬਚਾਓ’ ਰੈਲੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਮਗਰੋਂ ਰੇਲਵੇ ਸਟੇਸ਼ਨ ਤੱਕ ਨਿੱਜੀਕਰਨ ਵਿਰੋਧੀ ਮਾਰਚ ਵੀ ਕੀਤਾ ਗਿਆ।