ਪੱਤਰ ਪ੍ਰੇਰਕ
ਮਾਨਸਾ, 28 ਅਗਸਤ
ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਇੱਕ ਰੈਲੀ ਕਰਦਿਆਂ ਬੱਸ ਪਾਸ ਦੇ ਫਾਰਮ ਨਾ ਦੇਣ ਲਈ ਕਾਲਜ ਪ੍ਰਬੰਧਕਾਂ ਖਿਲਾਫ਼ ਗ਼ਿਲਾ ਪ੍ਰਗਟ ਕੀਤਾ ਗਿਆ। ਵਿਦਿਆਰਥੀ ਜਥੇਬੰਦੀ ਨੇ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਪ੍ਰਗਟ ਕਰਦਿਆਂ ਇਹ ਵੀ ਦੋਸ਼ ਲਾਇਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਬੀਏ ਸਮੈਸਟਰ ਪਹਿਲਾ ਦੇ ਨਤੀਜੇ ਨੂੰ ਜਾਰੀ ਕਰਦਿਆਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਰੀ-ਅਪੀਅਰਾਂ ਕੱਢੀਆਂ ਹਨ, ਜਿਸ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ’ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ।
ਵਿਦਿਆਰਥੀ ਜਥੇਬੰਦੀ ਦੇ ਕਾਰਜਕਾਰੀ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਬੱਸ ਪਾਸ ਦੇ ਫਾਰਮ ਵੀ ਨਹੀਂ ਦਿੱਤੇ ਰਹੇ, ਜਿਸ ਨਾਲ ਉਨ੍ਹਾਂ ਦੀਆਂ ਜੇਬਾਂ ਉੱਤੇ ਬੱਸ ਕਿਰਾਏ ਦਾ ਬੋਝ ਪੈ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰੀ-ਅਪੀਅਰ ਵਾਲੇ ਪੇਪਰ ਦੀ ਰੀ-ਵੈਲੂਏਸ਼ਨ ਬਿਨਾ ਕਿਸੇ ਫ਼ੀਸ ਤੋਂ ਕਰਵਾਉਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਵਿਦਿਆਰਥੀਆਂ ਦੇ ਬੱਸ ਪਾਸ ਜਾਰੀ ਕਰਵਾਏ ਜਾਣ। ਇਸ ਦੌਰਾਨ ਤਹਿਸੀਲਦਾਰ ਨੇ ਵਿਦਿਆਰਥੀਆਂ ਤੋਂ ਆ ਕੇ ਮੰਗ ਪੱਤਰ ਪ੍ਰਾਪਤ ਕਰਦਿਆਂ ਮਸਲਿਆਂ ਦਾ ਹੱਲ ਛੇਤੀ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ, ਪੇਂਡੂ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਕ੍ਰਿਸ਼ਨ ਚੌਹਾਨ ਅਤੇ ਐਡਵੋਕੇਟ ਕੁਲਵਿੰਦਰ ਉੱਡਤ ਵੀ ਹਮਾਇਤ ਕੀਤੀ। ਇਸ ਤੋਂ ਇਲਾਵਾ ਗੁਰਵਿੰਦਰ ਸਿੰਘ ਨੰਦਗੜ੍ਹ, ਗੁਰਬਲ ਫਤਿਹਪੁਰ, ਗੋਪੀ ਭੁਪਾਲ, ਖੁਸ਼ਪ੍ਰੀਤ ਅਲੀਸ਼ੇਰ, ਭੁਪਿੰਦਰ ਕੁਮਾਰ ਝੰਡਾ, ਗੁਰਵਿੰਦਰ ਗੈਰੀ, ਕਮਲਪ੍ਰੀਤ ਕੌਰ ਝੁਨੀਰ, ਮਨਪ੍ਰੀਤ ਜਵਾਹਰਕੇ ਤੇ ਜੀਤ ਬਰਾੜ ਨੇ ਵੀ ਸੰਬੋਧਨ ਕੀਤਾ।