ਜਸਵੰਤ ਜੱਸ
ਫਰੀਦਕੋਟ, 22 ਮਈ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਅਧਿਆਪਕਾਂ ਦੀਆਂ ਸਾਂਝੀਆਂ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਅੜੀਅਲ ਵਤੀਰੇ ਖ਼ਿਲਾਫ਼ ਸਾਰੇ ਵਰਗਾਂ ਵਿੱਚ ਤਿੱਖਾ ਰੋਸ ਪਾਇਆ ਜਾ ਰਿਹਾ ਹੈ।
ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ ਰਾਜ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਬਣਾਏ ਗਏ ‘ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ’ ਦੇ ਸੱਦੇ ‘ਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਕਨਵੀਨਰ ਅਤੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਜ਼ਿਲ੍ਹਾ ਕਮੇਟੀ ਆਗੂ ਕੁਲਦੀਪ ਸਿੰਘ ਸਹਿਦੇਵ, ਸੁਖਚੈਨ ਸਿੰਘ ਰਾਮਸਰ, ਨਿਰਮਲ ਸਿੰਘ ਜਟਾਣਾ ਤੇ ਬੇਅੰਤ ਸਿੰਘ ਮੌੜ ਦੀ ਅਗਵਾਈ ਹੇਠ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਧਾਰਨ ਕੀਤੇ ਗਏ ਰਵੱਈਏ ਦੀ ਨਿਖੇਧੀ ਕੀਤੀ।
ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਅਧਿਆਪਕਾਂ ਨੂੰ ਹਰ ਰੋਜ਼ ਪ੍ਰੇਸ਼ਾਨ ਕਰ ਰਹੀ ਹੈ, ਨਤੀਜੇ ਵਜੋਂ ਕਰੋਨਾ ਪੀੜਤ ਅਧਿਆਪਕਾਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ ਅਤੇ ਬਹੁਤ ਸਾਰੇ ਅਧਿਆਪਕ ਆਪਣੀਆਂ ਕੀਮਤੀ ਜਾਨਾਂ ਦੇ ਚੁੱੱਕੇ ਹਨ।
ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਨਤਕ ਕਰਕੇ 1 ਜਨਵਰੀ 2016 ਤੋਂ ਲਾਗੂ ਕੀਤੀ ਜਾਵੇ, ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪਰਖ ਕਾਲ ਤੇ ਭਰਤੀ ਕਰਨ ਦਾ ਫੈਸਲਾ ਤੁਰੰਤ ਵਾਪਸ ਲੈ ਕੇ ਪੂਰੇ ਤਨਖਾਹ ਸਕੇਲਾਂ ਵਿੱਚ ਸਿੱਧੀ ਭਰਤੀ ਕੀਤੀ ਜਾਵੇ, ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਆਧਾਰਤ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਤੁਰੰਤ ਪੂਰੇ ਤਨਖਾਹ ਸਕੇਲਾਂ ਵਿੱਚ ਰੈਗੂਲਰ ਕੀਤਾ ਜਾਵੇ ਅਤੇ ਵੱਖ ਵੱਖ ਵਰਗਾਂ ਦੀਆਂ ਬਕਾਇਆ ਪਈਆਂ ਤਰੱਕੀਆਂ ਦੇ ਹੁਕਮ ਤੁਰੰਤ ਜਾਰੀ ਕੀਤੇ ਜਾਣ।
ਆਗੂਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਦਾ ਇਹ ਵਤੀਰਾ ਜਾਰੀ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਦੀ ਰੂਪ-ਰੇਖਾ ਤਿੱਖੀ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ, ਡਾ. ਸੁਰਜੀਤ ਸਿੰਘ, ਭਾਰਤ ਭੂਸ਼ਨ, ਸੰਦੀਪ ਕੁਮਾਰ, ਨਵਦੀਪ ਕੌਰ, ਵਿਜੈ ਦੇਵਗਨ, ਪਰਮਜੀਤ ਸਿੰਘ, ਚੰਦਰ ਕਾਂਤਾ, ਗੁਰਪ੍ਰੀਤ ਕੌਰ, ਨੀਲਮ ਕੁਮਾਰੀ, ਸ਼ਮਿੰਦਰ ਕੌਰ ਅਤੇ ਸਿਮਰਜੀਤ ਕੌਰ ਆਦਿ ਸ਼ਾਮਲ ਸਨ।