ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 9 ਜੂਨ
ਬੇਰੁਜ਼ਗਾਰ ਵੈਟਰਨਰੀ ਡਿਪਲੋਮਾ ਹੋਲਡਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ (ਪੰਜਾਬ) ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਜੈਪਾਲ, ਸਾਹਿਲ ਕੰਬੋਜ, ਅਨੁਰਾਗ, ਵਿਕਰਮਜੀਤ ਅਤੇ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਮੀਟਿੰਗ ’ਚ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਸ਼ਵਾਸ ਦੁਆਇਆ ਸੀ ਕਿ ਉਨ੍ਹਾਂ ਦੀਆਂ ਅਸਾਮੀਆਂ ਜਲਦੀ ਤੋਂ ਜਲਦੀ ਭਰੀਆਂ ਜਾਣਗੀਆਂ ਪਰ ਹੁਣ ਉਸ ਗੱਲ ਨੂੰ ਵੀ ਕਈ ਮਹੀਨੇ ਨਿਕਲ ਗਏ ਹਨ ਅਤੇ ਸਰਕਾਰ ਅਸਾਮੀਆਂ ਭਰਨ ਸਬੰਧੀ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਵਿਭਾਗ ’ਚ ਸੈਂਕੜੇ ਅਸਾਮੀਆਂ ਖਾਲੀ ਹੋਣ ਕਾਰਨ ਵੀ ਸਰਕਾਰ ਉਨ੍ਹਾਂ ਦੀ ਪੱਕੀ ਭਰਤੀ ਨਹੀਂ ਕਰ ਰਹੀ ਜੇਕਰ ਫਿਰ ਵੀ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਐਸੋਸੀਏਸ਼ਨ ਵੱਲੋਂ ਆਉਣ ਵਾਲੇ 20 ਦਿਨਾਂ ’ਚ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਹਲਕਾ ਕਾਦੀਆਂ ਵਿੱਚ ਧਰਨਾ ਦਿੱਤਾ ਜਾਵੇਗਾ।