ਪੱਤਰ ਪ੍ਰੇਰਕ
ਬਠਿੰਡਾ, 4 ਜੂਨ
ਇਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਬਠਿੰਡਾ ਵੱਲੋਂ ਅੱਜ ਧਰਨਾ ਦਿਵਸ ਮਨਾਇਆ ਗਿਆ। ਇਸ ਮੌਕੇ ਐਂਪਲਾਈਜ਼ ਫੈਡਰੇਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕੋਰੋਨਾ ਮਹਾਮਾਰੀ ਦੀ ਆੜ ਵਿੱਚ ਮੁਲਾਜ਼ਮ ਮਾਰੂ ਫ਼ੈਸਲੇ ਲਾਗੂ ਕਰ ਰਹੇ ਹਨ। ਅਹੁਦੇਦਾਰਾਂ ਨੇ ਕਿਹਾ ਕਿ ਜੇਕਰ ਸਰਕਾਰ ਅਜੇ ਵੀ ਮੁਲਾਜ਼ਮ ਵਿਰੋਧੀ ਫੈਸਲੇ ਕਰਨੋਂ ਪਿੱਛੇ ਨਹੀਂ ਹੱਟਦੀ ਤਾਂ ਆਉਣ ਵਾਲੇ ਦਿਨਾਂ ਪੰਜਾਬ ਦੇ ਸਮੂਹ ਮੁਲਾਜਮ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਕ)ਦੇ ਬੈਨਰ ਥੱਲੇ ਵੱਡੇ ਸੰਘਰਸ਼ ਕਰਨਗੇ।
ਇਸ ਮੌਕੇ ਬਠਿੰਡਾ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਗਾਏ ਗਏ। ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਅੱਜ ਦਾ ਇਹ ਮੰਗ ਪੱਤਰ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਨੂੰ ਦਿੱਤਾ ਗਿਆ।
ਮੰਗਾਂ ਦਾ ਜਲਦੀ ਹੱਲ ਨਾ ਕਰਨ ’ਤੇ ਸੰਘਰਸ਼ ਦੀ ਦਿੱਤੀ ਚਿਤਾਵਨੀ
ਫਾਜ਼ਿਲਕਾ(ਪਰਮਜੀਤ ਸਿੰਘ): ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਦੇ ਫੈਸਲੇ ਮੁਤਾਬਕ ਪੂਰੇ ਦੇਸ਼ ਅੰਦਰ ਮੁਲਾਜ਼ਮ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਸਬੰਧੀ ਪੰਜਾਬ ਸੂਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਪ੍ਰੋਟੈਸਟ ਡੇਅ ਨਗਰ ਕੌਂਸਲ ਦਫ਼ਤਰ ਫਾਜ਼ਿਲਕਾ ਵਿੱਚ ਰਜਿੰਦਰ ਸਿੰਘ ਸੰਧੂ ਅਤੇ ਬਿਮਲਾ ਰਾਣੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਿੰਦਰ ਸਿੰਘ ਸੰਧੂ ਅਤੇ ਬਿਮਲਾ ਰਾਣੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਰਤ ਕਾਨੂੰਨਾਂ ਨੂੰ ਸੋਧ ਕੇ ਕਿਰਤੀ ਵਰਗ ਦੇ ਹੱਕ ਖੋਹੇ ਜਾ ਰਹੇ ਹਨ। ਇਸ ਮੌਕੇ ਸੂਬਾਈ ਆਗੂ ਕੁਲਬੀਰ ਸਿੰਘ ਢਾਬਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਤਿੰਨ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਸਬੰਧੀ ਵੀ ਸਰਕਾਰ ਚੁੱਪੀ ਧਾਰੀ ਬੈਠੀ ਹੈ।