ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਢਿੱਲਵਾਂ ਕਾਲਜ ਵਿੱਚ ਮੁਜ਼ਾਹਰਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਨੇਟ ਭੰਗ ਕਰਨ ਦੇ ਮੁੱਦੇ ਉੱਤੇ ਜ਼ੋਰਦਾਰ ਸੰਘਰਸ਼ ਚੱਲ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਜਿੱਥੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਉੱਥੇ ਪੰਜਾਬ ਵਿੱਚ ਵੀ ਇਸ ਸਬੰਧੀ ਰੋਸ ਸ਼ੁਰੂ ਹੋ ਗਏ ਹਨ। ਅੱਜ ਪਿੰਡ ਢਿੱਲਵਾਂ ਦੇ ਸਰਕਾਰੀ ਯੂਨੀਵਰਸਿਟੀ ਕਾਲਜ ਵਿੱਚ ਵਿਦਿਆਰਥੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਹਾਲਾਂਕਿ ਦੇਰ ਸ਼ਾਮ ਕੇਂਦਰ ਸਰਕਾਰ ਨੇ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ। ਵਿਦਿਆਰਥੀ ਆਗੂ ਅਰਸ਼ਦੀਪ ਸਿੰਘ ਅਤੇ ਹਰਦੀਪ ਕੌਰ ਦੀ ਅਗਵਾਈ ਵਿੱਚ ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫੂਕ ਕੇ ਕਾਲਜ ਦੇ ਵਿਦਿਆਰਥੀਆਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਵਿਰਾਸਤ, ਪੰਜਾਬ ਦੀ ਧਰੋਹਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਕੇ ਭਾਰਤ ਸਰਕਾਰ ਨਿੱਜੀ ਹੱਥਾਂ ਵਿੱਚ ਦੇਣ ਲਈ ਉਤਾਵਲੀ ਹੈ। ਭਾਰਤ ਸਰਕਾਰ ਯੂਨੀਵਰਸਿਟੀ ਦੀ ਵਿਲੱਖਣਤਾ ਨੂੰ ਖਤਮ ਕਰਨ ਦੇ ਰਾਹ ਪਈ ਹੈ। ਉਨ੍ਹਾਂਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ 10 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਪਹੁੰਚ ਕੇ ਸਾਂਝੇ ਵਿਦਿਆਰਥੀ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕੀਤੀ ਜਾਵੇ।
