ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 4 ਮਈ
ਪਿਛਲੇ ਦਿਨੀ ਥਾਣਾ ਸੰਗਤ ਅਧੀਨ ਆਉਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਕਿਸਾਨਾਂ ਵੱਲੋਂ ਚੋਰੀ ਦੇ ਦੋਸ਼ ਵਿੱਚ ਸੀਰੀ ਦੀ ਕੀਤੀ ਕੁੱਟਮਾਰ ਦਾ ਮਾਮਲਾ ਠੰਢਾ ਹੋਣ ਦਾ ਨਾਂ ਨਹੀਂ ਲੈ ਰਿਹਾ। ਭਾਵੇਂ ਥਾਣਾ ਸੰਗਤ ਦੀ ਪੁਲੀਸ ਵੱਲੋਂ ਦਲਿਤ ਨੌਜਵਾਨ ਕੁਲਦੀਪ ਸਿੰਘ ਦੇ ਬਿਆਨਾਂ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਪਰ ਵੱਖ ਵੱਖ ਜਥੇਬੰਦੀਆਂ ਵੱਲੋਂ ਲਾਏ ਧਰਨਿਆਂ ਦੌਰਾਨ ਮੰਗ ਕੀਤੇ ਜਾਣ ਤੋਂ ਬਾਅਦ ਕੇਸ ਦੀਆਂ ਧਾਰਾਵਾਂ ’ਚ ਵਾਧਾ ਕਰਦੇ ਹੋਏ ਐੱਸਸੀ, ਐੱਸਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਨੌਜਵਾਨ ਭਾਰਤ ਸਭਾ,ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਫੇਰ ਥਾਣਾ ਸੰਗਤ ਦੇ ਗੇਟ ਅੱਗੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਕੁਲਵੰਤ ਰਾਏ ਸ਼ਰਮਾ ਨੇ ਕਿਹਾ ਕਿ ਪੁਲੀਸ ਵੱਲੋਂ ਸਿਆਸੀ ਗੰਡਤੁੱਪ ਦੇ ਚੱਲਦਿਆਂ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ ਜਿਸ ਕਰਕੇ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਉਨ੍ਹਾਂ ਪੁਲੀਸ ਉੱਤੇ ਦਲਿਤ ਨੌਜਵਾਨ ’ਤੇ ਤਸ਼ੱਦਦ ਢਾਹੁਣ ਦੇ ਦੋਸ਼ ਲਾਏ। ਇਸ ਮੌਕੇ ਧਰਨਾਕਾਰੀਆਂ ਵੱਲੋਂ ਮੰਗ ਕੀਤੀ ਕਿ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ, ਪੀੜਤ ਨੌਜਵਾਨ ਦਾ ਇਲਾਜ਼ ਕਰਵਾਇਆ ਜਾਵੇ, ਨੌਜਵਾਨ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਸੰਘਰਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਮੰਗ ਕੀਤੀ ਕਿ ਮਾਮਲਾ ਪੁਲੀਸ ਦੇ ਧਿਆਨ ਵਿੱਚ ਹੈ ਅਤੇ ਇਸ ਉੱਪਰ ਕਾਰਵਾਈ ਕੀਤੀ ਜਾਵੇ। ਇਸ ਮੌਕੇ ਥਾਣਾ ਸੰਗਤ ਦੇ ਮੁਖੀ ਗੌਰਵਬੰਸ ਸਿੰਘ ਅਤੇ ਥਾਣਾ ਨੰਦਗੜ੍ਹ ਦੇ ਮੁਖੀ ਭੁਪਿੰਦਰ ਸਿੰਘ ਵੱਲੋਂ ਧਰਨਾਕਾਰੀਆਂ ਕੋਲ ਪਹੁੰਚ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ।ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨੇ ਦੀ ਸਮਾਪਤੀ ਕਰ ਲਈ।