ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 22 ਸਤੰਬਰ
ਸਥਾਨਕ ਸ਼ਿਵਾਲਕ ਪਬਲਿਕ ਸਕੂਲ ਵੱਲੋਂ ਫੀਸਾਂ ਦੇ ਮਾਮਲੇ ਵਿਚ ਕੀਤੀ ਜਾ ਰਹੀ ਲੁੱਟ ਖ਼ਿਲਾਫ਼ ਬੱਚਿਆਂ ਦੇ ਮਾਪਿਆਂ ਨੇ ਸਕੂਲ ਦੇ ਗੇਟ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀ ਅੰਮ੍ਰਿਤਪਾਲ ਸਿੰਘ, ਸੋਨੀ ਰਾਮਪੁਰਾ, ਤੇਜ ਸਿੰਘ, ਪ੍ਰਿਤਪਾਲ ਸਿੰਘ ਢਿੱਲੋਂ, ਬੂਟਾ ਸਿੰਘ ਪਿੱਥੋ, ਜੁਗਰਾਜ ਸਿੰਘ, ਸਿਕੰਦਰ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਪਿਛਲੀ ਤਾਲਾਬੰਦੀ ਦੌਰਾਨ ਸਕੂਲ ਪ੍ਰਬੰਧਕਾਂ ਨਾਲ ਗੱਲ ਹੋਈ ਸੀ ਕਿ ਬੱਚਿਆਂ ਦੀ ਫੀਸ 50 ਪ੍ਰਤੀਸ਼ਤ ਭਰਨੀ ਹੈ ਪ੍ਰੰਤੂ ਹੁਣ ਸਕੂਲ ਪ੍ਰਬੰਧਕ ਪੂਰੀ ਫੀਸ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਪ੍ਰਤੀ ਬੱਚਾ 4550 ਰੁਪਏ ਫੀਸ ਭਰੀ ਜਾਂਦੀ ਸੀ ਪ੍ਰੰਤੂ ਹੁਣ ਸਕੂਲ ਨੇ ਆਪਣੀ ਮਰਜ਼ੀ ਨਾਲ ਫੀਸ ਵਧਾ ਕੇ 5100 ਕਰ ਦਿੱਤੀ, ਜਿਸ ਕਾਰਨ ਮਾਪਿਆਂ ’ਚ ਭਾਰੀ ਰੋਸ ਹੈ। ਉਨ੍ਹਾਂ ਆਖਿਆ ਕਿ ਸਕੂਲ ਪ੍ਰਬੰਧਕ ਮਾਪਿਆਂ ਨਾਲ ਮਿਲਣ ਤੋਂ ਕੰਨੀ ਕਤਰਾ ਰਹੇ ਹਨ। ਉਨ੍ਹਾਂ ਆਖਿਆ ਕਿ ਸਕੂਲ ਵੱਲੋਂ ਉਨ੍ਹਾਂ ਦੇ ਬੱਚਿਆਂ ਨੂੰ ਕਲਾਸਾਂ ’ਚ ਖੜ੍ਹਾ ਕਰਕੇ ਫੀਸਾਂ ਭਰਨ ਦੀ ਮੰਗ ਕੀਤੀ ਜਾ ਰਹੀ ਹੈ ਤੇ ਫੀਸ ਨਾ ਭਰਨ ਦੀ ਸੂਰਤ ’ਚ ਵਿਦਿਆਰਥੀਆਂ ਨੂੰ ਸਕੂਲ ’ਚੋਂ ਨਾਮ ਕੱਟਣ ਦੀਆਂ ਕਥਿਤ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਵਧੀਆਂ ਫੀਸਾਂ ਦਾ ਮਸਲਾ ਨਾ ਹੱਲ ਹੋਇਆ ਤਾਂ ਉਹ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਵੱਡਾ ਸੰਘਰਸ਼ ਵਿੱਢਾਣਗੇ, ਜਿਸ ਦੀ ਜ਼ਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੋਵੇਗੀ। ਇਸ ਸਬੰਧੀ ਜਦੋਂ ਸਕੂਲ ਦੇ ਐੱਮਡੀ ਗਗਨਦੀਪ ਸ਼ਰਮਾ ਨਾਲ ਗੱਲ ਕਰਨ ਲਈ ਵਾਰ-ਵਾਰ ਫੋਨ ਕੀਤਾ ਪਰ ਉਨ੍ਹਾਂ ਆਪਣਾ ਫੋਨ ਨਹੀਂ ਚੁੱਕਿਆ।
ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਾਂਗੇ: ਅਧਿਕਾਰੀ
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਆਖਿਆ ਕਿ ਜੇਕਰ ਸਕੂਲ ਪ੍ਰਬੰਧਕਾਂ ਨੇ ਫੀਸ ਆਪਣੀ ਮਰਜ਼ੀ ਨਾਲ ਵਧਾਈ ਹੈ ਤਾਂ ਸਕੂਲ ਦੀ ਗ਼ਲਤੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕੋਈ ਸ਼ਿਕਾਇਤ ਤਾਂ ਉਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਆਖਿਆ ਿਕ ਸਕੂਲ ਪ੍ਰਬੰਧਕਾਂ ਨੂੰ ਫੀਸਾਂ ਵਧਾਉਣ ਮੌਕੇ ਬੱਚਿਆਂ ਦੇ ਮਾਪਿਆਂ ਨਾਲ ਮੀਟਿੰਗ ਕਰਨੀ ਚਾਹੀਦੀ ਸੀ।