ਸਿਹਤ ਵਿਭਾਗ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਪਿਛਲੇ ਮਹੀਨੇ ਦੀਆਂ ਤਨਖ਼ਾਹਾਂ ਨਾ ਮਿਲਣ ਕਰ ਕੇ ਅੱਜ ਉਨ੍ਹਾਂ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਧਰਨਾ ਦਿੱਤਾ। ਇਸ ਪ੍ਰਦਰਸ਼ਨ ਦੀ ਅਗਵਾਈ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕੀਤੀ। ਇਸ ਦੌਰਾਨ ਜ਼ਿਲ੍ਹਾ ਹਸਪਤਾਲ ਬਠਿੰਡਾ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਾਅਦੇ ਤਾਂ ਵੱਡੇ ਵੱਡੇ ਕੀਤੇ ਗਏ ਸਨ ਪਰ ਕੱਚੇ ਮੁਲਾਜ਼ਮਾਂ ਦੀ ਤਨਖ਼ਾਹ ਮਹੀਨਿਆਂ ਤੋਂ ਰੋਕ ਦਿੱਤੀ ਗਈ ਹੈ। ਇਸ ਕਾਰਨ ਦਿਨ-ਰਾਤ ਸੇਵਾ ਕਰਨ ਵਾਲੇ ਕਰਮਚਾਰੀਆਂ ਲਈ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਦਸ ਹਜ਼ਾਰ ਤਨਖ਼ਾਹ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਤਨਖ਼ਾਹ ਵਿੱਚੋਂ 1500 ਰੁਪਏ ਨਾਜਾਇਜ਼ ਤੌਰ ’ਤੇ ਕੱਟੇ ਜਾ ਰਹੇ ਹਨ।
ਧਰਨੇ ਦੌਰਾਨ ਆਗੂਆਂ ਨੇ ਸਰਕਾਰ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਦੋਸ਼ੀ ਠਹਿਰਾਉਂਦਿਆਂ ਰੋਸ ਪ੍ਰਗਟਾਇਆ। ਇਸ ਮੌਕੇ ਅਧਿਕਾਰੀਆਂ ਨੇ ਮੀਟਿੰਗ ਕਰ ਕੇ ਭਰੋਸਾ ਦਿਵਾਇਆ ਕਿ ਰੋਕੀਆਂ ਤਨਖ਼ਾਹਾਂ ਦੋ ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤੀਆਂ ਜਾਣਗੀਆਂ ਅਤੇ ਅਗਲੇ ਸਮੇਂ ਤਨਖ਼ਾਹ ਹਰ ਮਹੀਨੇ ਦੀ ਪੰਜ ਤਾਰੀਕ ਤੱਕ ਦੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਿਟਸ ਕੰਪਨੀ ਵੱਲੋਂ ਕੱਟੇ 1500 ਰੁਪਏ ਵੀ ਜਲਦੀ ਵਾਪਸ ਕਰਵਾਏ ਜਾਣਗੇ।
ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਧਰਨਾ ਅਸਥਾਈ ਤੌਰ ’ਤੇ ਮੁਲਤਵੀ ਕਰ ਦਿੱਤਾ ਗਿਆ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

