ਮਾਨਸਾ (ਪੱਤਰ ਪ੍ਰੇਰਕ): ਇਥੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਦਲਿਤ ਦੇ ਮੁੱਦਿਆਂ ਨੂੰ ਲੈ ਕੇ ਕਚਹਿਰੀ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਮਗਰੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ 75 ਸਾਲਾਂ ਬਾਅਦ ਵੀ ਦੇਸ਼ ਵਿੱਚ ਲੋਕ ਗੁਲਾਮਾਂ ਵਰਗੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਿੱਤ ਦਿਨ ਪੰਜਾਬ ਅਤੇ ਰਾਜਸਥਾਨ ਸਮੇਤ ਹੋਰਨਾਂ ਸੂਬਿਆਂ ਵਿੱਚ ਦਲਿਤਾਂ ’ਤੇ ਅੱਤਿਆਚਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਦਲਿਤਾਂ ’ਤੇ ਵਧ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਬਹੁਜਨ ਸਮਾਜ ਪਾਰਟੀ ਸਰਕਾਰਾਂ ਦੇ ਨਾਲ ਆਰ ਪਾਰ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਦਲਿਤਾਂ ’ਤੇ ਹੁੰਦੇ ਜ਼ੁਲਮਾਂ ਦੀਆਂ ਘਟਨਾਵਾਂ ਨੂੰ ਠੱਲ੍ਹ ਨਾ ਪਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਬਸਪਾ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਵੀ ਇਸ ਮੌਕੇ ਸੰਬੋਧਨ ਕੀਤਾ।