ਨਵਕਿਰਨ ਸਿੰਘ
ਮਹਿਲ ਕਲਾਂ, 24 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਹਿਲ ਕਲਾਂ ਟੌਲ ਪਲਾਜ਼ਾ ਅੱਗੇ ਚੱਲ ਰਹੇ ਕਿਸਾਨ ਮੋਰਚੇ ਦੇ ਅੱਜ 147ਵੇਂ ਦਿਨ ਕਿਸਾਨਾਂ ਵੱਲੋਂ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਜੇਲ੍ਹੀਂ ਡੱਕੇ ਕਿਸਾਨਾਂ/ਨੌਜਵਾਨਾਂ ਦੀ ਬਿਨ੍ਹਾਂ ਸ਼ਰਤ ਰਿਹਾਈ ਅਤੇ ਝੂਠੇ ਕੇਸ ਰੱਦ ਕਰਨ ਲਈ ਰੋਸ ਮਾਰਚ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਮਲਕੀਤ ਸਿੰਘ ਈਨਾ, ਗੁਰਮੇਲ ਸਿੰਘ ਠੁੱਲੀਵਾਲ, ਗੋਬਿੰਦਰ ਸਿੰਘ ਮਹਿਲ ਕਲਾਂ, ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ, ਮਾਸਟਰ ਸੋਹਣ ਸਿੰਘ, ਸ਼ਿੰਗਾਰਾ ਸਿੰਘ, ਨਛੱਤਰ ਸਿੰਘ ਕਲਕੱਤਾ, ਸੁਖਦੇਵ ਸਿੰਘ ਆਦਿ ਨੇ ਸੰਬੋਧਨ ਕੀਤਾ।
ਮੋਗਾ (ਨਿੱਜੀ ਪੱਤਰ ਪੇ੍ਰਕ): ਕਿਸਾਨ ਜੱਥੇਬੰਦੀਆਂ ਵੱਲੋਂ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਰਾਹੀਂ ਕਾਲੇ ਖੇਤੀ ਕਾਨੂੰਨ ਸੰਘਰਸ਼ ਦੌਰਾਨ ਗ੍ਰਿਫ਼ਤਾਰ ਅੰਦੋਲਨਕਾਰੀਆਂ ਦੀ ਰਿਹਾਈ ਤੇ ਕੇਸ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਗਏ।
ਇਸ ਮੌਕੇ ਸੂਰਤ ਸਿੰਘ ਧਰਮਕੋਟ, ਪ੍ਰਗਟ ਸਿੰਘ ਸਾਫੂਵਾਲਾ, ਸੁਖਜਿੰਦਰ ਮਹੇਸਰੀ ਉਦੈ ਬੱਡੂਵਾਲ ਆਦਿ ਨੇ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦੇ ਕਿਹਾ ਕਿ ਖੇਤੀ ਅੰਦੋਲਨ ਦੀ ਹਮਾਇਤ ਕਰਨ ਵਾਲੇ ਵਿਅਕਤੀਆਂ, ਸੰਸਥਾਵਾਂ ਅਤੇ ਜੱਥੇਬੰਦੀਆਂ ਖਿਲਾਫ ਕੀਤੇ ਜਾ ਰਹੇ ਝੂਠੇ ਕੇਸ ਰੱਦ ਕੀਤੇ ਜਾਣ।
ਫ਼ਿਰੋਜ਼ਪੁਰ (ਨਿੱਜੀ ਪੱਤਰ ਪੇ੍ਰਕ): ਬੁਧਵਾਰ ਦਾ ਦਿਨ ਕਿਸਾਨਾਂ ਨੇ ਜਬਰ ਵਿਰੋਧੀ ਦਿਵਸ ਵਜੋਂ ਮਨਾਇਆ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਤੇ ਦਿੱਲੀ ਪੁਲੀਸ ਵੱਲੋਂ ਗਿ੍ਰਫ਼ਤਾਰ ਕਿਸਾਨਾਂ ਦੀ ਰਿਹਾਈ ਮੰਗੀ।
ਮੰਗ ਪੱਤਰ ਨਾ ਲੈਣ ਕਾਰਨ ਕਿਸਾਨਾਂ ਨੇ ਡੀਸੀ ਦੀ ਅਰਥੀ ਸਾੜੀ
ਮਾਨਸਾ (ਪੱਤਰ ਪੇ੍ਰਕ): ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਇਥੇ ਡਿਪਟੀ ਕਮਿਸ਼ਨਰ ਮਾਨਸਾ ਦੀ ਅਰਥੀ ਸਾੜੀ ਗਈ। ਮੋਰਚੇ ਦੇ ਆਗੂਆਂ ਨੇ ਦੋਸ਼ ਲਾਇਆ ਕਿ ਡਿਪਟੀ ਕਮਿਸ਼ਨਰ ਅੜੀਅਲ ਵਤੀਰੇ ਕਾਰਨ ਉਨ੍ਹਾਂ ਦੀ ਅਰਥੀ ਸਾੜਨੀ ਪਈ। ਉਨ੍ਹਾਂ ਕਿਹਾ ਕਿ ਜਦੋਂ ਅਧਿਕਾਰੀ ਵੱਲੋਂ ਮੰਗ ਪੱਤਰ ਲੈਣ ਤੋਂ ਜਵਾਬ ਦਿੱਤਾ ਗਿਆ ਤਾਂ ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਅਰਥੀ ਨੂੰ ਫੂਕਿਆ ਗਿਆ।ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੋਸ਼ ਲਾਇਆ ਕਿ ਉਹ ਅਧਿਕਾਰੀ ਨੂੰ ਮੰਗ ਪੱਤਰ ਦੇਣ ਗਏ ਸਨ, ਪਰ ਅਧਿਕਾਰੀ ਨੇ ਉਨ੍ਹਾਂ ਤੋਂ ਮੰਗ ਪੱਤਰ ਨਹੀਂ ਲਿਆ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਲੋਕ ਹਿੱਤਾਂ ਵਾਲੇ ਜ਼ਰੂਰੀ ਕੰਮ ਵਿੱਚ ਰੁੱਝੇ ਹੋਏ ਸਨ ਅਤੇ ਇਸ ਮੰਗ ਪੱਤਰ ਨੂੰ ਵਧੀਕ ਡਿਪਟੀ ਕਮਿਸ਼ਨਰ ਨੂੰ ਦੇਣ ਲਈ ਆਖ ਦਿੱਤਾ ਗਿਆ ਸੀ।