ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 7 ਅਕਤੂਬਰ
ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ ਵਿੱਚ ਅੱਜ ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਸਾਹਿਬ ਤੱਕ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਇੱਥੇ ਅਰਦਾਸ ਕਰਨ ਉਪਰੰਤ ਰਵਾਨਾ ਹੋਇਆ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਮਾਲਵਾ ਖਿੱਤੇ ਦੀ ਪਾਰਟੀ ਲੀਡਰਸ਼ਿਪ ਸਮੇਤ ਸ਼ਾਮਲ ਹੋਏ।
ਰੋਸ ਮਾਰਚ ਦੀ ਆਰੰਭਿਕ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ। ਇਸ ਮਗਰੋਂ ਇਹ ਰੋਸ ਮਾਰਚ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਇਆ। ਰੋਸ ਮਾਰਚ ਦੀ ਆਰੰਭਤਾ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਚਰਨਜੀਤ ਸਿੰਘ ਬਰਾੜ, ਜੀਤਮਹਿੰਦਰ ਸਿੰਘ ਸਿੱਧੂ, ਦਿਲਰਾਜ ਸਿੰਘ ਭੂੰਦੜ ਅਤੇ ਪ੍ਰਕਾਸ਼ ਸਿੰਘ ਭੱਟੀ (ਤਿੰਨੋਂ ਸਾਬਕਾ ਵਿਧਾਇਕ), ਜ਼੍ਹਿਲਾ ਪ੍ਰਧਾਨ ਬਲਕਾਰ ਸਿੰਘ ਬਰਾੜ, ਭਾਈ ਮੋਹਣ ਸਿੰਘ ਬੰਗੀ, ਅਮਰੀਕ ਸਿੰਘ ਕੋਟਸ਼ਮੀਰ, ਗੁਰਪ੍ਰੀਤ ਸਿੰਘ ਝੱਬਰ (ਤਿੰਨੋਂ ਸ਼੍ਰੋਮਣੀ ਕਮੇਟੀ ਮੈਂਬਰ), ਬਹੁਜਨ ਸਮਾਜ ਪਾਰਟੀ ਦੇ ਆਗੂ ਮਾਸਟਰ ਜਗਦੀਪ ਸਿੰਘ ਗੋਗੀ, ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।