ਪੱਤਰ ਪ੍ਰੇਰਕ
ਅਬੋਹਰ, 29 ਜੁਲਾਈ
ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਅਬੋਹਰ ਦੇ ਸਫ਼ਾਈ ਸੇਵਕਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਸਬੰਧੀ ਪ੍ਰਧਾਨ ਅਸ਼ਵਨੀ ਟਾਂਕ ਦੀ ਅਗਵਾਈ ਹੇਠ ਅੱਜ ਦੂਜੇ ਦਿਨ ਸ਼ਹਿਰ ’ਚ ਰੋਸ ਮਾਰਚ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜੀ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਟਾਂਕ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਸਫ਼ਾਈ ਸੇਵਕਾਂ ਦੀ ਕੋਈ ਮੰਗ ਪੂਰੀ ਨਹੀਂ ਹੋਈ, ਜਿਸ ਕਾਰਨ ਸ਼ਹਿਰ ਸਫ਼ਾਈ ਸੇਵਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੁਲਾਜ਼ਮਾਂ ਨੂੰ ਪੱਕਾ ਕਰਨ, ਮੁਲਾਜ਼ਮਾਂ ਦੇ ਬਕਾਇਆ ਫੰਡ ਜਾਰੀ ਕਰਨ, ਤਨਖ਼ਾਹਾਂ ਦੇ ਬਕਾਏ ਸਮੇਤ ਪੀ.ਐਫ਼. ਫ਼ੰਡ ’ਚ ਵਾਪਸੀ ਯੋਗ ਕਰਜ਼ਾ ਲੈਣ ਦੀ ਮਨਜ਼ੂਰੀ ਦੇਣ ਸਮੇਤ ਹੋਰ ਮੰਗਾਂ ਦੀ ਪੂਰਤੀ ਮੰਗੀ। ਸਫਾਈ ਸੇਵਕਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 6 ਅਗਸਤ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਸਫ਼ਾਈ ਸੇਵਕ ਯੂਨੀਅਨ ਮਾਨਸਾ ਨੇ ਆਪਣੀਆਂ ਮੰਗਾਂ ਸਬੰਧੀ ਅੱਜ ਦੂਜੇ ਦਿਨ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕਣ ਮਗਰੋਂ ਦੋਸ਼ ਲਾਇਆ ਕਿ ‘ਆਪ’ ਵੀ ਰਵਾਇਤੀ ਪਾਰਟੀਆਂ ਵਾਲਾ ਵਤੀਰਾ ਅਪਣਾ ਰਹੀ ਹੈ। ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਨੇ ਕਿਹਾ ਕਿ ਆਪਣੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 6 ਅਗਸਤ ਨੂੰ ਕੀਤਾ ਜਾਵੇਗਾ।