ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਵਸੂਲੇ ਜਾ ਰਹੇ ਪੀਟੀਏ ਫੰਡ ਦੇ ਵਿਰੋਧ ’ਚ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ। ਇਸੇ ਦੌਰਾਨ ਵਿਦਿਆਰਥੀਆਂ ਵੱਲੋਂ ਮਾਨਸਾ ਦੇ ਐੱਸਡੀਐੱਮ ਕਾਲਾ ਰਾਮ ਕਾਂਸਲ ਨੂੰ ਮੰਗ ਪੱਤਰ ਵੀ ਸੌਂਪਿਆ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਅਰਵਿੰਦਰ ਕੌਰ ਨੇ ਦੋਸ਼ ਲਾਇਆ ਕਿਹਾ ਕਿ ਨਹਿਰੂ ਕਾਲਜ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਿਆ ਜਾ ਰਿਹਾ ਹੈ, ਜਦੋਂਕਿ ਕਾਲਜ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰਨਾ ਬਣਦਾ ਹੈ।
ਉਨ੍ਹਾਂ ਦੱਸਿਆ ਕਿ ਜਦੋਂ ਤੱਕ ਵਿਦਿਆਰਥੀਆਂ ਦੇ ਬੈਂਕ ਖਾਤੇ ਵਿੱਚ ਸਕਾਲਰਸ਼ਿਪ ਨਹੀਂ ਆਉਂਦੀ, ਉਦੋਂ ਤੱਕ ਕੋਈ ਵੀ ਕਾਲਜ ਜਾਂ ਯੂਨੀਵਰਸਿਟੀ ਕੋਈ ਵੀ ਨਾ-ਮੋੜਨਯੋਗ ਫੀਸ ਸਮੇਤ ਪੀਟੀਏ ਫੰਡ ਨਹੀਂ ਲੈ ਸਕਦੀ। ਉਨ੍ਹਾਂ ਕਿਹਾ ਕਿ ਇਸ ਪੀਟੀਏ ਫੰਡ ਵਸੂਲਣ ਦੇ ਵਿਰੋਧ ’ਚ ਉਹ ਪਿਛਲੇ ਇੱਕ ਹਫ਼ਤੇ ਤੋਂ ਕਾਲਜ ਵਿੱਚ ਧਰਨੇ ’ਤੇ ਬੈਠੇ ਹਨ, ਪ੍ਰੰਤੂ ਕਾਲਜ ਪ੍ਰਬੰਧਕ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਉਨ੍ਹਾਂ ਦੱਸਿਆ ਕਿ ਜਿਸਦੇ ਰੋਸ ਵਜੋਂ ਅੱਜ ਕਾਲਜ ਤੋਂ ਡੀ.ਸੀ ਦਫ਼ਤਰ ਤੱਕ ਇਹ ਮਾਰਚ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਐੱਸਡੀਐੱਮ ਕਾਲਾ ਰਾਮ ਕਾਂਸਲ ਵੱਲੋਂ ਭਲਕੇ 6 ਅਗਸਤ ਨੂੰ ਜ਼ਿਲ੍ਹਾ ਭਲਾਈ ਵਿਭਾਗ ਦੇ ਉੱਚ ਅਧਿਕਾਰੀ, ਕਾਲਜ ਪ੍ਰਿੰਸੀਪਲ ਅਤੇ ਯੂਨੀਅਨ ਦੇ ਮੈਂਬਰਾਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੌਕੇ ਸਾਹਿਬ ਸਿੰਘ ਭਾਟੀਆ, ਪ੍ਰਦੀਪ ਕੌਰ, ਸੁਖਜੀਤ ਕੌਰ, ਰੇਖਾ, ਸਾਹਿਲਦੀਪ ਸਿੰਘ, ਲਖਵਿੰਦਰ ਸਿੰਘ, ਮਾਨ ਬੁਰਜ, ਅਰਸ਼ ਸਿੰਘ, ਕਮਲਜੀਤ ਕੌਰ, ਅੱਕੀ,ਕਿਰਨਪਾਲ ਕੌਰ,ਜਸਪ੍ਰੀਤ ਕੌਰ,ਅਮਨਦੀਪ ਕੌਰ, ਰੂਪ ਕੌਰ, ਸਿਮਰਨਜੀਤ ਕੌਰ, ਨਵਜੋਤ ਕੌਰ, ਜਗਦੇਵ ਸਿੰਘ ਵੀ ਮੌਜੂਦ ਸਨ।