ਜਸਵੰਤ ਜੱਸ
ਫ਼ਰੀਦਕੋਟ, 4 ਦਸੰਬਰ
ਆਨੰਦਪੁਰ ਸਾਹਿਬ ਵਿੱਚ 6 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ ਬੱਚਿਆਂ ਨੂੰ ਲਿਜਾਣ, ਟਰੈਕ ਸੂਟ ਅਤੇ ਹੋਰ ਸਾਮਾਨ ਲਈ ਪੰਜਾਬ ਸਰਕਾਰ ਨੇ ਅਜੇ ਤੱਕ ਫੰਡ ਜਾਰੀ ਨਹੀਂ ਕੀਤਾ। ਇਸ ਦੇ ਰੋਸ ਵਜੋਂ ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਇੱਥੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਫਰੰਟ ਦੇ ਆਗੂ ਸੁਖਵਿੰਦਰ ਸਿੰਘ ਸੁੱਖੀ, ਗਗਨ ਪਾਹਵਾ ਅਤੇ ਪ੍ਰਦੀਪ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਹੋਈਆਂ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਅਧਿਆਪਕਾਂ ਨੇ ਆਪਣੇ ਪੱਲਿਓਂ ਪੈਸੇ ਖਰਚ ਕੇ ਖੇਡਾਂ ਕਰਵਾਈਆਂ ਅਤੇ ਹੁਣ ਫਿਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਧਿਆਪਕਾਂ ਤੋਂ ਪੈਸੇ ਇਕੱਠੇ ਕਰਕੇ ਬੱਚਿਆਂ ਨੂੰ ਆਨੰਦਪੁਰ ਸਾਹਿਬ ਲਿਜਾਣ ਦੀਆਂ ਸਕੀਮਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਬੱਚਿਆਂ ਨੂੰ ਟਰੈਕ ਸੂਟ ਅਤੇ ਬੱਸਾਂ ਦਾ ਪ੍ਰਬੰਧ ਕਰਕੇ ਦਿੱਤਾ ਜਾਂਦਾ ਸੀ ਪਰ ਇਸ ਵਾਰ ਅਜਿਹੀ ਕੋਈ ਸਹੂਲਤ ਨਹੀਂ ਮਿਲ ਰਹੀ। ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਬੱਚਿਆਂ ਨੂੰ ਖੇਡਾਂ ‘ਤੇ ਲਿਜਾਣ ਅਤੇ ਲਿਆਉਣ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਅਧਿਆਪਕਾਂ ‘ਤੇ ਬੋਝ ਨਾ ਪਾਇਆ ਜਾਵੇ। ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਸਕੂਲਾਂ ਨੂੰ ਖਿਡਾਰੀਆਂ ਲਈ ਫੰਡ ਉਡੀਕਣੇ ਪੈ ਰਹੇ ਹਨ। ਅਧਿਆਪਕ ਆਗੂ ਸਤੇਸ਼ ਭੂੰਦੜ, ਗੁਰਪ੍ਰੀਤ ਸਿੰਘ, ਲਵਕਰਨ ਸਿੰਘ, ਹਰਜਸਦੀਪ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਅਜੈਬ ਸਿੰਘ, ਕਰਨਵੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਵਿੱਚ ਇਹ ਖੇਡਾਂ ਹੋ ਰਹੀਆਂ ਹਨ ਅਤੇ ਸਿੱਖਿਆ ਮੰਤਰੀ ਨੂੰ ਵੀ ਇਸ ਮਾਮਲੇ ਵਿੱਚ ਧਿਆਨ ਦਿੰਦਿਆਂ ਪੁਖਤਾ ਪ੍ਰਬੰਧ ਕਰਨ ਲਈ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ।
ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਫ਼ੰਡ ਮਿਲ ਜਾਣਗੇ: ਿਵਧਾਇਕ
ਹਲਕਾ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਅਤੇ ਖੇਡਾਂ ਲਈ ਲੋੜੀਂਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਖੇਡਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਇਹ ਫੰਡ ਖੇਡਾਂ ਸ਼ੁਰੂ ਹੋਣ ਤੋਂ ਪਹਿਲਾਂ ਸਬੰਧਤ ਵਿਭਾਗ ਤੱਕ ਪੁੱਜ ਜਾਣਗੇ।