ਸ਼ਗਨ ਕਟਾਰੀਆ
ਜੈਤੋ, 23 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ‘ਤੇ ਪਿੰਡ ਸੇਢਾ ਸਿੰਘ ਵਾਲਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਨੇ ਰੋਹ ਭਰਪੂਰ ਮੁਜ਼ਾਹਰਾ ਕੀਤਾ। ਇਹ ਮੁਜ਼ਾਹਰਾ ਪਾਵਰਕੌਮ ਦੇ ਅਧਿਕਾਰੀਆਂ ਵੱਲੋਂ ਪਿਛਲੇ ਦਿਨੀਂ 17 ਕੁਨੈਕਸ਼ਨ ਕੱਟੇ ਜਾਣ ਦੇ ਖ਼ਿਲਾਫ਼ ਕੀਤਾ ਗਿਆ।
ਪ੍ਰਦਰਸ਼ਨ ਦੀ ਅਗਵਾਈ ਮਜ਼ਦੂਰ ਸੰਗਠਨ ਜੈਤੋ ਬਲਾਕ ਦੇ ਪ੍ਰਧਾਨ ਅੰਗਰੇਜ਼ ਸਿੰਘ ਗੋਰਾ ਮੱਤਾ ਅਤੇ ਕਿਸਾਨ ਜਥੇਬੰਦੀ ਦੇ ਬਲਾਕ ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਨੇ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਮਜ਼ਦੂਰਾਂ ਅਤੇ ਕਿਸਾਨਾਂ ਦੇ ਘਰਾਂ ਦੇ ਬਿੱਲ ਵਧ ਕੇ ਆ ਰਹੇ ਹਨ। ਇਸ ਕਾਰਨ ਮਜ਼ਦੂਰਾਂ ਦੇ ਘਰਾਂ ਦੇ ਹਜ਼ਾਰਾਂ ਬਿੱਲ ਆਉਣ ਤੋਂ ਬਾਅਦ ਪਾਵਰਕੌਮ ਦੇ ਅਧਿਕਾਰੀਆਂ ਨੇ 17 ਮਜ਼ਦੂਰ ਘਰਾਂ ਦੇ ਬਿਜਲੀ ਕੁਨੈਕਸ਼ਨ ਕੱਟ ਦਿੱਤੇ ਸਨ। ਇਸ ਮੌਕੇ ਮਜ਼ਦੂਰ ਕਿਸਾਨ ਆਗੂਆਂ ਨੇ ਕਿਹਾ ਕਿ ਪਾਵਰਕੌਮ ਦੇ ਅਧਿਕਾਰੀ ਮਜ਼ਦੂਰਾਂ ਨਾਲ ਕਿਸੇ ਕਿਸਮ ਦਾ ਧੱਕਾ ਕਰਨਗੇ ਤਾਂ ਉਸ ਦਾ ਦੋਹਾਂ ਜਥੇਬੰਦੀਆਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਇਕਾਈ ਪ੍ਰਧਾਨ ਜਸਵਿੰਦਰ ਸਿੰਘ ਸੇਢਾ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ।