ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 14 ਅਕਤੂਬਰ
ਪੁਰਾਣੀ ਪੈਨਸ਼ਨ ਸਕੀਮ ਬਹਾਲੀ ਅਤੇ ਬਕਾਇਆ ਡੀ.ਏ. ਕਿਸ਼ਤਾਂ ਜਾਰੀ ਕਰਵਾਉਣ ਸਣੇ ਹੋਰਨਾਂ ਮੰਗਾਂ ਲਈ ਇੱਥੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਸਮੂਹ ਦਫ਼ਤਰਾਂ ਦਾ ਕੰਮਕਾਜ ਬੰਦ ਕਰਕੇ ਸਰਕਾਰ ਖ਼ਿਲਾਫ਼ ਜਾਰੀ ਮੁਜ਼ਾਹਰੇ ਦੌਰਾਨ ਅੱਜ ਪੰਜਵੇਂ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਰੈਲੀ ਕੀਤੀ। ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਅਤੇ ਜਨਰਲ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਨਿਸਟੀਰੀਅਲ ਮੁਲਾਜ਼ਮਾਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਕਿ ਪਰ ਸਰਕਾਰ ਬਣਨ ਦੇ ਛੇ ਮਹੀਨੇ ਬੀਤਣ ਦੇ ਬਾਅਦ ਵੀ ਇਹ ਮੰਗਾਂ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ। ਅਮਰੀਕ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਮਾਨਸਾ ਦੀ ਅਗਵਾਈ ਵਿੱਚ 10 ਅਕਤੂਬਰ ਤੋਂ ਲਗਾਤਾਰ ਪੰਜਵੇੇੇਂ ਦਿਨ ਦਫ਼ਤਰੀ ਬਾਬੂਆਂ ਵੱਲੋਂ ਸਰਕਾਰੀ ਦਫਤਰਾਂ ਦਾ ਕੰਮ ਮੁਕੰਮਲ ਠੱਪ ਕਰਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਤੱਕ ਰੋਸ ਵਿੱਚ ਮੋਟਰਸਾਈਕਲ ਰੈਲੀ ਕੱਢੀ ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ। ਜਥੇਬੰਦੀ ਦੇ ਚੇਅਰਮੈਨ ਜਸਵੰਤ ਸਿੰਘ ਮੋਜ਼ੋ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਣ-ਬੁੱਝਕੇ ਅੱਖੋ-ਪਰੋਖੇ ਕੀਤਾ ਜਾ ਰਿਹਾ ਹੈ।
ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ
ਬਠਿੰਡਾ (ਪੱਤਰ ਪ੍ਰੇਰਕ): ਬਠਿੰਡਾ ਵਿੱਚ ਮਨਿਸਟੀਰੀਅਲ ਸਟਾਫ ਦੀ ਹੜਤਾਲ ਅੱਜ 5ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਮਿਨੀ ਸਕੱਤਰੇਤ ਵਿਚ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਮਨਿਸਟੀਰੀਅਲ ਸਟਾਫ ਯੂਨੀਅਨ ਦੇ ਸੂਬਾ ਜਰਨਲ ਸਕੱਤਰ ਸਰਜੀਤ ਸਿੰਘ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਹਰ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਲੋਕ ਦਫ਼ਤਰਾਂ ਵਿਚ ਆਪਣੇ ਕੰਮ ਧੰਦਿਆਂ ਲਈ ਆਉਂਦੇ ਹਨ, ਪਰ ਉੱਥੇ ਖਾਲੀ ਦਫ਼ਤਰ ਅਤੇ ਕਮਰੇ ਦੇਖ ਕੇ ਨਿਰਾਸ਼ ਹੋ ਕੇ ਵਾਪਸ ਪਰਤ ਜਾਂਦੇ ਹਨ। ਜ਼ਿਕਰਯੋਗ ਹੈ ਕਿ ਸਰਕਾਰੀ ਬਾਬੂਆਂ ਦੀ ਹੜਤਾਲ ਕਾਰਨ ਦਫਤਰਾਂ ਦੀ ਗੱਡੀ ਲੀਹ ਤੋਂ ਲੱਥ ਗਈ ਹੈ। ਆਰਟੀਏ ਦਫ਼ਤਰ ਵਿਚ ਵਾਹਨਾਂ ਦੀ ਆਰਸੀ ਬਣਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਰਿਹਾ ਹੈ। ਸਿਹਤ ਵਿਭਾਗ ਦਾ ਕੰਮ, ਖਜ਼ਾਨਾ ਦਫ਼ਤਰ ਦਾ ਕੰਮ, ਸਿਵਲ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ ਵਿਭਾਗ, ਜਲ ਸਪਲਾਈ ਸੈਨੀਟੇਸ਼ਨ ਵਿਭਾਗ ਆਦਿ ਵਿਚ ਹੋਣ ਵਾਲੇ ਕੰਮ ਪੂਰੀ ਤਰ੍ਹਾਂ ਠੱਪ ਹਨ।