Protest Rally: ਖੇਤੀ ਟੈਕਨੋਕਰੇਟਸ ਵੱਲੋਂ ਬਠਿੰਡਾ ’ਚ ਜ਼ੋਨ ਪੱਧਰੀ ਧਰਨਾ
ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਦਫ਼ਤਰ ਅੱਗੇ ਜ਼ੋਨ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿੱਚ ਬਠਿੰਡਾ ਤੋਂ ਇਲਾਵਾ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਰਨਾਲਾ ਅਤੇ ਫ਼ਰੀਦਕੋਟ...
ਪਲਾਂਟ ਡਾਕਟਰ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਦਫ਼ਤਰ ਅੱਗੇ ਜ਼ੋਨ ਪੱਧਰੀ ਧਰਨਾ ਦਿੱਤਾ ਗਿਆ। ਧਰਨੇ ਵਿੱਚ ਬਠਿੰਡਾ ਤੋਂ ਇਲਾਵਾ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਰਨਾਲਾ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਖੇਤੀਬਾੜੀ ਵਿਕਾਸ ਅਫਸਰਾਂ, ਬਾਗ਼ਬਾਨੀ ਵਿਕਾਸ ਅਫਸਰਾਂ, ਖੇਤੀਬਾੜੀ ਅਫਸਰਾਂ ਅਤੇ ਸੇਵਾਮੁਕਤ ਖੇਤੀ ਟੈਕਨੋਕਰੇਟਸ ਨੇ ਸ਼ਮੂਲੀਅਤ ਕੀਤੀ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਹਰਮਨਦੀਪ ਸਿੰਘ ਘੁੰਮਣ ਨੇ ਕਿਹਾ ਕਿ ਸਰਕਾਰ ਅਤੇ ਉੱਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕਰ ਕੇ ਮੰਗਾਂ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਖੇਤੀ ਤਕਨੀਕੀ ਅਗਵਾਈ ਦੇਣ ਵਾਲਾ ਅਹਿਮ ਵਿਭਾਗ ਹੈ, ਪਰ ਖਾਲੀ ਅਸਾਮੀਆਂ ਅਤੇ ਪਦਉੱਨਤੀਆਂ ਦੇ ਮਾਮਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ।
ਆਗੂਆਂ ਨੇ ਦਾਅਵਾ ਕੀਤਾ ਕਿ ਵਿਭਾਗ ਵਿੱਚ ਲਗਪਗ 100 ਬਲਾਕ ਖੇਤੀਬਾੜੀ ਅਫਸਰਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਛੇ ਸਾਲ ਦੇ ਤਜਰਬੇ ਮਗਰੋਂ ਹੋਣ ਵਾਲੀ ਪਹਿਲੀ ਪਦਉੱਨਤੀ ਦੀ ਥਾਂ 14 ਸਾਲ ਬੀਤਣ ਦੇ ਬਾਵਜੂਦ ਖੇਤੀਬਾੜੀ ਵਿਕਾਸ ਅਫਸਰ ਤਰੱਕੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਲੀ ਅਸਾਮੀਆਂ ’ਤੇ ਨਿਯਮਤ ਨਿਯੁਕਤੀਆਂ ਕਰਨ ਦੀ ਥਾਂ ਲਿੰਕ ਚਾਰਜ ਦੇ ਕੇ ਕੰਮ ਚਲਾਇਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਅਤੇ ਵੈਟਰਨਰੀ ਅਫਸਰਾਂ ਵਿਚਕਾਰ ਚੱਲ ਰਹੀ ਪੇਅ ਪੈਰਿਟੀ, ਪਦਉੱਨਤੀਆਂ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਦੀ ਅਸਾਮੀ ਦਾ ਵਾਧੂ ਚਾਰਜ ਦੇਣ ਦੇ ਮਾਮਲੇ ਵੀ ਉਠਾਏ ਗਏ।
ਧਰਨੇ ਨੂੰ ਡਾ. ਸਤਨਾਮ ਸਿੰਘ ਅਜਨਾਲਾ, ਡਾ. ਸਤਵੰਤ ਸਿੰਘ, ਡਾ. ਦਵਿੰਦਰ ਸਿੰਘ ਸੰਧੂ, ਡਾ. ਜਗਤਾਰ ਸਿੰਘ, ਡਾ. ਡੂੰਗਰ ਸਿੰਘ ਬਰਾੜ, ਡਾ. ਕਮਲ ਕੁਮਾਰ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਆਗੂਆਂ ਨੇ ਐਲਾਨ ਕੀਤਾ ਕਿ 14 ਅਕਤੂਬਰ ਨੂੰ ਲੁਧਿਆਣਾ ਵਿੱਚ ਜ਼ੋਨ ਪੱਧਰੀ ਧਰਨਾ ਅਤੇ 19 ਅਕਤੂਬਰ ਨੂੰ ਕਿਸਾਨਾਂ ਦੀ ਸ਼ਮੂਲੀਅਤ ਨਾਲ ਸੂਬਾ ਪੱਧਰੀ ਇਕੱਠ ਕੀਤਾ ਜਾਵੇਗਾ। ਅੰਤ ਵਿੱਚ ਰੋਸ ਮਾਰਚ ਵੀ ਕੀਤਾ ਗਿਆ।

