ਚੰਦਰ ਪ੍ਰਕਾਸ਼ ਕਾਲੜਾ
ਜਲਾਲਾਬਾਦ, 15 ਜਨਵਰੀ
ਪੰਜਾਬ ਸਰਕਾਰ ਨੇ ਕਰੋਨਾ ਕੇਸ ਵਧਣ ਕਾਰਨ ਸੂਬੇ ਦੇ ਵਿੱਦਿਅਕ ਅਦਾਰੇ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਵਿਰੋਧ ’ਚ ਅੱਜ ਆਲ ਇੰਡੀਆ ਸਟੂਡੈਂਟਸ ਫੈੱਡਰੇਸ਼ਨ ਅਤੇ ਸਰਵ ਭਾਰਤ ਨੌਜਵਾਨ ਸਭਾ ਵੱਲੋਂ ਪਿੰਡ ਚੱਕ ਛਪੜੀਵਾਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾਈ ਮੀਤ ਸਕੱਤਰ ਹਰਭਜਨ ਛੱਪੜੀਵਾਲਾ, ਸ਼ਿੰਦਰਪਾਲ, ਨਵਜੋਤ, ਰਾਜ, ਏਆਈਐੱਸਐੱਫ ਦੇ ਆਗੂ ਸਤੀਸ਼ ਛੱਪੜੀਵਾਲਾ ਆਦਿ ਨੇ ਕੀਤੀ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਦੇ ਮੱਦੇਨਜ਼ਰ ਇਸ ਤਾਲਾਬੰਦੀ ਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਮਝਣਾ ਜ਼ਰੂਰੀ ਹੈ ਕਿ ਕਿਸੇ ਵੀ ਬਿਮਾਰੀ ਨਾਲ ਬਿਹਤਰ ਸਿਹਤ ਸਹੂਲਤਾਂ ਨਾਲ ਹੀ ਨਜਿੱਠਿਆ ਜਾ ਸਕਦਾ ਹੈ ਨਾ ਕਿ ਤਾਲਾਬੰਦੀ ਨਾਲ। ਉਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਫੈਸਲੇ ਨੂੰ ਮੁੜ ਵਿਚਾਰ ਕੀਤਾ ਜਾਵੇ ਅਤੇ ਕਰੋਨਾ ਦੇ ਟਾਕਰੇ ਲਈ ਸਿਹਤ ਸੇਵਾਵਾਂ ਨੂੰ ਮਜਬੂਤ ਕੀਤਾ ਜਾਵੇ।