ਪੱਤਰ ਪ੍ਰੇਰਕ
ਗਿੱਦੜਬਾਹਾ, 6 ਜੁਲਾਈ
ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਸਮਾਘ, ਬੁੱਟਰ ਬਖੂਆ, ਕੁਰਾਈਵਾਲਾ ਆਦਿ ਪਿੰਡਾਂ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਵੱਖ-ਵੱਖ ਪਿੰਡਾਂ ਵਿੱਚ ਆਪਣੇ ਸੰਬੋਧਨ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਸਭ ਤੋਂ ਘੱਟ ਹੋਣ ਦੇ ਬਾਵਜੂਦ ਭਾਰਤ ਵਿੱਚ ਤੇਲ ਕੰਪਨੀਆਂ ਵੱਲੋਂ ਰੋਜਾਨਾਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਲੋਕਾਂ ਦੀ ਆਰਥਿਕ ਸਥਿਤੀ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕੀ ਹੈ, ਉਪਰੋਂ ਤੇਲ ਦੀਆਂ ਰੋਜ਼ਾਨਾ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ ਤੇ ਗਰੀਬਾਂ, ਕਿਸਾਨਾਂ, ਮਜ਼ਦੂਰਾਂ ਦੇ ਹਿੱਤਾਂ ਨਾਲ ਸਰਕਾਰ ਦਾ ਕੁਝ ਲੈਣਾ ਦੇਣਾ ਨਹੀਂ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਤੇਲ ਦੀਆਂ ਵਧੀਆਂ ਕੀਮਤਾਂ ਵਾਪਸ ਨਾ ਲਈਆਂ ਤਾਂ ਆਉਣ ਵਾਲੇ ਦਿਨਾਂ ’ਚ ਸਘੰਰਸ਼ ਤਿੱਖਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਾਂਗਰਸੀ ਆਗੂਆਂ ਨੇ ਕਿਸਾਨ ਮਾਰੂ ਆਰਡੀਨੈਸ ਤੇ ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਵੀ ਮੰਗ ਕੀਤੀ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੰਸਾਰ ਸਿੰਘ ਮੱਲਣ, ਵਾਈਸ ਚੇਅਰਮੈਨ ਦੀਪਕ ਗਰਗ, ਬਲਾਕ ਸੰਮਤੀ ਗਿੱਦੜਬਾਹਾ ਦੇ ਚੇਅਰਮੈਨ ਹਰਮੀਤ ਸਿੰਘ ਬਰਾੜ ਸੁਖਨਾ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਸੇਵਕ ਕੋਟਲੀ, ਬਲਾਕ ਦਿਹਾਤੀ ਪ੍ਰਧਾਨ ਸੁਖਮੰਦਰ ਸਿੰਘ ਸੁਖਨਾ, ਕਿਸਾਨ ਸੈਲ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਦੋਦਾ ਵੀ ਹਾਜ਼ਰ ਸਨ।
ਦੋਦਾ (ਜਸਵੀਰ ਸਿੰਘ ਭੁੱਲਰ) ਕਾਂਗਰਸ ਪਾਰਟੀ ਵੱਲੋਂ ਅੱਜ ਦੋਦਾ ਵਿੱਚ ਕਿਸਾਨ ਮਜਦੂਰ ਸੈਲ ਬਲਾਕ ਗਿੱਦੜਬਾਹਾ ਦੇ ਚੇਅਰਮੈਨ ਜਗਦੀਸ਼ ਸਿੰਘ ਕਟਾਰੀਆ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਵੱਲੋਂ ਹੱਥਾਂ ’ਚ ਤਖਤੀਆਂ ਫੜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਹੀ ਹੈ ਤੇ ਰਹਿੰਦੀ ਕਸਰ ਮੋਦੀ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕਰਕੇ ਖੁੱਲ੍ਹਾ ਮੰਡੀਕਰਨ ਦਾ ਬਹਾਨਾ ਬਣਾ ਕੇ ਐੱਮਐੱਸਪੀ ਖਤਮ ਕਰ ਰਹੀ ਹੈ। ਪੰਜਾਬ ਦੇ ਬਿਜਲੀ ਦੇ ਹੱਕਾਂ ’ਤੇ ਵੀ ਡਾਕਾ ਮਾਰਿਆ ਜਾ ਰਿਹਾ, ਜਿਸ ਨੂੰ ਪਾਰਟੀ ਬਰਦਾਸ਼ਤ ਨਹੀਂ ਕਰੇਗੀ। ਹਾਜ਼ਰ ਆਗੂਆਂ ਤੇ ਵਰਕਰਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਕੋਟਕਪੂਰਾ (ਟ੍ਰਿਬਿਊਨ ਨਿਊਜ਼ ਸਰਵਿਸ) ਅੱਜ ਪਿੰਡ ਕੋਹਾਰਵਾਲਾ ’ਚ ਆਮ ਆਦਮੀ ਪਾਰਟੀ ਨੇ ਕਿਸਾਨਾਂ ਨਾਲ ਮਿਲ ਕੇ ਕੇਂਦਰ ਤੇ ਬਾਦਲਾਂ ਦੇ ਪੂਤਲੇ ਫੂਕੇ ਤੇ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਤੇ ਕਿਸਾਨਾਂ ਪੱਖੀ ਆਵਾਜ਼ ਉਠਾਉਣ ਲਈ ਹਲੂਣਾ ਦਿੱਤਾ। ਪਾਰਟੀ ਦੇ ਸੂਬਾਈ ਕਿਸਾਨ ਵਿੰਗ ਇੰਚਾਰਜ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਹੇਠ ਹੋਏ ਇਸ ਪ੍ਰਦਰਸ਼ਨ ਵਿਚ ਇਸ ਆਰਡੀਨੈਸ ਦਾ ਤਿੱਖਾ ਵਿਰੋਧ ਪ੍ਰਗਟਾਇਆ ਗਿਆ। ਇਸ ਮੌਕੇ ਵਿਧਾਇਕ ਸੰਧਵਾਂ ਨੇ ਕਿਹਾ ਕਿ ਤਾਲਾਬੰਦੀ ਵਿੱਚ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸ ਪੰਜਾਬ ਵਿਰੋਧੀ ਤੇ ਕਿਸਾਨ, ਮਜ਼ਦੂਰ ਤੇ ਆੜ੍ਹਤੀਆਂ ਨੂੰ ਖਤਮ ਕਰਨ ਵਾਲੇ ਹਨ।