ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਮਾਰਚ
ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਕੇਂਦਰੀ ਟਰੇਡ ਯੂਨੀਅਨਾਂ ਨੇ ਮੁਜ਼ਾਹਰਾ ਕੀਤਾ ਅਤੇ ਐੱਸਡੀਐੱਮ ਸਤਵੰਤ ਸਿੰਘ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਸੁਰਿੰਦਰ ਸਿੰਘ ਮੋਗਾ, ਬਲੌਰ ਸਿੰਘ ਘੱਲਕਲਾਂ ਤੇ ਗੁਰਮੀਤ ਸਿੰਘ ਕਿਸ਼ਨਪੁਰਾ ਨੇ 26 ਮਾਰਚ ਦੇ ‘ਭਾਰਤ ਬੰਦ’ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ।
ਦੋਦਾ (ਜਸਵੀਰ ਸਿੰਘ ਭੁੱਲਰ): ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਅੱਜ ਕਿਸਾਨ ਜ਼ਿਲ੍ਹਾ ਆਗੂ ਨਿਰਮਲ ਸਿੰਘ ਜੱਸੇਆਣਾ, ਬਲਾਕ ਪ੍ਰਧਾਨ ਸਾਮੁੰਦ ਸਿੰਘ, ਗਿਆਨ ਸਿੰਘ ਭੁੱਟੀਵਾਲਾ, ਰਾਜੂ ਸੰਗਰਾਣਾ, ਸ਼ੇਰਬਾਜ ਲੱਖੇਵਾਲੀ, ਤਰਸੇਮ ਖਿੜਕੀਆਂਵਾਲਾ, ਮਨਜੀਤ ਹਰੀਕੇ ਕਲ੍ਹਾਂ, ਤਰਸੇਮ ਤਾਮਕੋਟ ਅਤੇ ਬੋਹੜ ਸਿੰਘ ਤੇ ਗੋਬਿੰਦ ਸਿੰਘ ਨੇ ਐੱਸਡੀਐੱਮ ਸਵਰਨਜੀਤ ਕੌਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਮੋਦੀ ਸਰਕਾਰ ਖਿਲਾਫ਼ ਮੁਜ਼ਾਹਰਾ ਕੀਤਾ ਗਿਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਇੱਥੇ ਰੇਲਵੇ ਸਟੇਸ਼ਨ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੇ ਵਧੇ ਰੇਟਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਕੀਮਤਾਂ ਵਿੱਚ ਵਾਧੇ ਅਤੇ ਨਿੱਜੀਕਰਨ ਖਿਲਾਫ਼ ਮਾਨਸਾ ਦੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ।
ਗਿੱਦੜਬਾਹਾ (ਦਵਿੰਦਰ ਮੋਹਨ ਸਿੰਘ ਬੇਦੀ): ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ ਖਿਲਾਫ਼ ਸਾਂਝੇ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸਥਾਨਕ ਸਾਂਝੇ ਕਿਸਾਨ ਮੋਰਚੇ ਵੱਲੋਂ ਗਿੱਦੜਬਾਹਾ ਦੇ ਐੱਸਡੀਐੱਮ ਓਮ ਪ੍ਰਕਾਸ਼ ਦੇ ਦਫ਼ਤਰ ਸਾਹਮਣੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦੇ ਨਾਂ ਇੱਕ ਮੰਗ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ।
ਤਪਾ ਮੰਡੀ (ਪੱਤਰ ਪ੍ਰੇਰਕ): ਪੰਜਾਬ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਾਈਆਂ ਕੀਮਤਾਂ ਨੂੰ ਲੋਕ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਜੱਗਾ ਸਿੰਘ ਬਦਰਾ ਨੇ ਕਿਹਾ ਇਸ ਫ਼ੈਸਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ।
ਫ਼ਾਜ਼ਿਲਕਾ (ਪਰਮਜੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਵੱਲੋਂ ਫਾਜ਼ਿਲਕਾ ਵਿੱਚ ਡੀ ਸੀ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ’ਤੇ ਕੰਟਰੋਲ ਕਰਨ ਲਈ ਮੰਗ ਪੱਤਰ ਦਿੱਤਾ ਗਿਆ।