ਪੁਲੀਸ ਦੇ ਸਾਬਕਾ ਅਧਿਕਾਰੀਆਂ ਵਿੱਚ ਰੋਸ
ਪੁਲੀਸ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਨਿੰਦਾ ਮਤਾ ਪਾਸ; ਸਾਬਕਾ ਅਧਿਕਾਰੀਆਂ ਨੂੰ ‘ਅਪਮਾਨਿਤ’ ਕਰਨ ਦਾ ਦੋਸ਼
ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਆਪਣੇ ਹੀ ਮੌਜੂਦਾ ਪੁਲੀਸ ਅਧਿਕਾਰੀਆਂ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਗਿਆ। ਸੇਵਾਮੁਕਤ ਪੁਲੀਸ ਅਫਸਰਾਂ ਨੇ ਦੋਸ਼ ਲਾਇਆ ਕਿ ਪੁਲੀਸ ਜਵਾਨਾਂ ਦੇ ਸ਼ਹੀਦੀ ਸਮਾਗਮ ਮੌਕੇ ਕੁਝ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਅਪਮਾਨਿਤ ਕੀਤਾ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਸੱਦੀ ਹੰਗਾਮੀ ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਜ਼ੀਰ ਚੰਦ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ 21 ਅਕਤੂਬਰ ਨੂੰ ਪੁਲੀਸ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਫਾਜ਼ਿਲਕਾ ਗੁਰਮੀਤ ਸਿੰਘ ਵੱਲੋਂ ਪੈਨਸ਼ਨਰਜ਼ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਵਿੱਚ ਸੇਵਾਮੁਕਤ ਪੁਲੀਸ ਅਫਸਰਾਂ ਅਤੇ ਮੁਲਾਜ਼ਮਾਂ ਵੱਲੋਂ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਗਈ ਸੀ। ਸ਼ਹੀਦੀ ਸਮਾਗਮ ਸਮਾਪਤ ਹੋਣ ਮਗਰੋਂ ਐਸ ਐਸ ਪੀ ਗੁਰਮੀਤ ਸਿੰਘ ਨੂੰ ਪੈਨਸ਼ਨਰਾਂ ਨੇ ਪੇਸ਼ ਹੋ ਕੇ ਆਪਣੀਆਂ ਦੁੱਖ ਤਕਲੀਫਾਂ ਦੱਸੀਆਂ। ਇਸ ਦੌਰਾਨ ਕੋਲ ਖੜ੍ਹੇ ਦੋ ਪੁਲੀਸ ਅਧਿਕਾਰੀਆਂ ਨੇ ਸਿੱਧੇ ਤੌਰ ’ਤੇ ਸੇਵਾਮੁਕਤ ਪੁਲੀਸ ਅਫਸਰਾਂ ’ਤੇ ਦੋਸ਼ ਲਾਇਆ ਕਿ ਉਹ ਲੋਕ ਮੁੱਦਿਆਂ ਨੂੰ ਲੈ ਕੇ ਪੁਲੀਸ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਸੇਵਾਮੁਕਤ ਪੁਲੀਸ ਅਫਸਰਾਂ ਦੇ ਆਗੂਆਂ ਨੇ ਕਿਹਾ ਕਿ ਸ਼ਾਇਦ ਇਸ ਕਰਕੇ ਐੱਸ ਐੱਸ ਪੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਤਵੱਜੋ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਵੀ ਪੰਜਾਬ ਪੁਲੀਸ ਵਿੱਚ ਸੇਵਾਵਾਂ ਦੇ ਕੇ ਇੱਕ ਸਮਾਜ ਦਾ ਵੱਡਾ ਹਿੱਸਾ ਰਹੇ ਹਨ, ਪਰ ਅੱਜ ਕੁਝ ਅਫਸਰਾਂ ਵੱਲੋ ਐੱਸ ਐੱਸ ਪੀ ਨੂੰ ਗ਼ਲਤ ਪੇਸ਼ਕਾਰੀ ਦੇ ਕੇ ਉਨ੍ਹਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਜ਼ਿਲ੍ਹਾ ਪੁਲੀਸ ਅਧਿਕਾਰੀਆਂ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸ਼ਰੇਆਮ ਲੋਕਾਂ ਸਾਹਮਣੇ ਪੁਲੀਸ ਅਧਿਕਾਰੀਆਂ ਸਾਹਮਣੇ ਧਮਕਾਇਆ ਗਿਆ। ਇਸ ਸਬੰਧੀ ਜ਼ਿਲ੍ਹੇ ਦੇ ਸਾਰੇ ਸੇਵਾਮੁਕਤ ਪੁਲੀਸ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮੁੱਦੇ ਸਬੰਧੀ ਬੁਲਾਈ ਮੀਟਿੰਗ ਵਿੱਚ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਵਿਰੋਧ ਪ੍ਰਗਟਾਇਆ ਗਿਆ ਅਤੇ ਪੁਲੀਸ ਅਫਸਰਾਂ ਦੇ ਵਤੀਰੇ ਖ਼ਿਲਾਫ਼ ਨਿੰਦਾ ਮਤਾ ਪਾਸ ਕੀਤਾ ਗਿਆ। ਉਨ੍ਹਾਂ ਭਵਿੱਖ ਵਿੱਚ ਅਜਿਹਾ ਦੁਰਵਿਹਾਰ ਕਰਨ ਵਾਲੇ ਪੁਲੀਸ ਅਫਸਰਾਂ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਵੀ ਕੀਤਾ।

