DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਮੁਜ਼ਾਹਰੇ

ਸਰਕਾਰ ’ਤੇ ਸਾਜਿਸ਼ ਤਹਿਤ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼; ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਡੀਸੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਅਕਾਲੀ ਦਲ ਦੇ ਕਾਰਕੁਨ ਅਤੇ (ਸੱਜੇ) ਮੋਗਾ ’ਚ ਸਕੱਤਰੇਤ ਅੱਗੇ ਧਰਨਾ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਤੇ ਹੋਰ। -ਫੋਟੋਆਂ: ਸੁਰੇਸ਼/ਰੱਤੀਆਂ
Advertisement

ਜੋਗਿੰਦਰ ਸਿੰਘ ਮਾਨ

ਮਾਨਸਾ, 5 ਨਵੰਬਰ

Advertisement

ਸ਼੍ਰੋਮਣੀ ਅਕਾਲੀ ਦਲ ਦੀ ਮਾਨਸਾ ਜ਼ਿਲ੍ਹਾ ਇਕਾਈ ਵੱਲੋਂ ਅੱਜ ਇਥੇ ਡੀਸੀ ਦਫ਼ਤਰ ਦੇ ਬਾਹਰ ਝੋਨੇ ਦੀ ਖਰੀਦ ਵਿੱਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਅਤੇ ਡੀਏਪੀ ਖਾਦ ਦੀ ਘਾਟ ਨੂੰ ਲੈ ਕੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਦੇਸ਼ ਲਈ ਸਭ ਤੋਂ ਜ਼ਿਆਦਾ ਅਨਾਜ ਪੈਦਾ ਕਰਨ ਵਾਲੇ ਪੰਜਾਬ ਦੇ ਅੰਨਦਾਤਾ ਨੂੰ ਇੱਕ ਸਾਜਿਸ਼ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੋਕ ਸਭਾ ਚੋਣਾਂ ਵਿੱਚ ਹੋਈ ਆਪ ਅਤੇ ਭਾਜਪਾ ਦੀ ਹਾਰ ਦਾ ਬਦਲਾ ਇੱਕ ਚਾਲ ਤਹਿਤ ਕਿਸਾਨਾਂ ਲਈ ਸਮੱਸਿਆਵਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ।ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਨੇ ਕਿਹਾ ਕਿ ਮੰਡੀਆਂ ਵਿੱਚ ਸ਼ਰੇਆਮ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਮੂਕ ਦਰਸ਼ਕ ਬਣਕੇ ਦੇਖ ਰਹੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਮੰਡੀਆਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਗਈ, ਸਗੋਂ ਮੰਡੀਆਂ ਵਿੱਚ ਪਾਰਟੀ ਨੇਤਾਵਾਂ ਵੱਲੋਂ ਜਾ ਕੇ ਕਿਸਾਨਾਂ ਦੀ ਬਾਂਹ ਫੜੀ ਗਈ ਸੀ।

Advertisement

ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਏਥੇ ਕਚਿਹਰੀਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਸਰਕਾਰ ‘ਤੇ ਮਿਲੀ ਭੁਗਤ ਅਤੇ ਡੂੰਘੀ ਸਾਜਿਸ਼ ਤਹਿਤ ਪੰਜਾਬ ਵਿੱਚ ਝੋਨੇ ਦੀ ਖਰੀਦ ਵਿਚ ਵੱਡਾ ਸੰਕਟ ਖੜ੍ਹਾ ਕਰਨ ਦਾ ਦੋਸ਼ ਲਗਾਉਂਦਿਆਂ ਰੋਸ ਧਰਨਾ ਦੇਕੇ ਐੱਸਡੀਐਮ ਨਿਹਾਲ ਸਿੰਘ ਵਾਲਾ ਨੂੰ ਮੰਗ ਪੱਤਰ ਦਿੱਤਾ ਗਿਆ।

ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਹਿਲ ਕਲਾਂ ਵਿੱਚ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਵੀ ਸੌਂਪਿਆ।

ਮਲੋਟ (ਨਿੱਜੀ ਪੱਤਰ ਪ੍ਰੇਰਕ): ਝੋਨੇ ਦੀ ਖਰੀਦ ਨੂੰ ਲੈ ਕੇ ਮੰਡੀਆਂ ’ਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਅਤੇ ਕਿਸਾਨਾਂ ਨੂੰ ਲੋੜੀਂਦੀ ਡੀਏਪੀ ਖਾਦ ਦੇ ਨਾ ਮਿਲਣ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਦੀ ਅਗਵਾਈ ਹੇਠ ਅੱਜ ਤਹਿਸੀਲ ਕੰਪਲੈਕਸ ਵਿੱਚ ਧਰਨਾ ਲਗਾਇਆ ਗਿਆ। ਇਸ ਮੌਕੇ ਅਕਾਲੀ ਦਲ ਦੇ ਯੂਥ ਆਗੂ ਲਵਪ੍ਰੀਤ ਸਿੰਘ ਲੱਪੀ ਪਿੰਡ ਈਨਾਖੇੜਾ ਤੇ ਬਸੰਤ ਸਿੰਘ ਕੰਗ ਨੇ ਸੰਬੋਧਨ ਕੀਤਾ।

ਧਰਮਕੋਟ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਇੱਥੇ ਉਪ ਮੰਡਲ ਸਿਵਲ ਅਧਿਕਾਰੀ ਦੇ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਅਕਾਲੀ ਦਲ ਦੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਇਸ ਰੋਸ ਧਰਨੇ ਵਿੱਚ ਵੱਡੀ ਗਿਣਤੀ ਵਰਕਰ ਸ਼ਾਮਲ ਹੋਏ। ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਰਲ ਮਿਲ ਕੇ ਸੂਬੇ ਦੀ ਕਿਸਾਨੀ ਨੂੰ ਖ਼ਤਮ ਕਰਨ ਵਿੱਚ ਲੱਗੀਆਂ ਹੋਈਆਂ ਹਨ।

ਬਠਿੰਡਾ (ਪੱਤਰ ਪ੍ਰੇਰਕ): ਝੋਨੇ ਦੀ ਮੱਠੀ ਖਰੀਦ ਤੇ ਖਾਦ ਦੀ ਕਿੱਲਤ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦੇ ਗੇਟ ਮੂਹਰੇ ਪਾਰਕ ਵਿੱਚ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ਸਰਕਾਰ ਤੇ ਕਿਸਾਨ ਵਿਰੋਧੀ ਨੀਤੀਆਂ ਅਪਣਾਉਣ ਤੇ ਮੰਡੀਆਂ ਵਿੱਚ ਰੁਲ ਰਹੇ ਕਿਸਾਨ ਲਈ ਪੰਜਾਬ ਤੇ ਕੇਂਦਰ ਸਰਕਾਰਾ ਨੂੰ ਜ਼ਿੰਮੇਵਾਰ ਦੱਸਿਆ। ਇਸ ਮੌਕੇ ਦਲਜੀਤ ਸਿੰਘ ਬਰਾੜ, ਬਲਜੀਤ ਸਿੰਘ ਬੀੜ ਬਹਿਮਨ ਨਿਰਮਲ ਸਿੰਘ ਸੰਧੂ, ਰਾਜਵਿੰਦਰ ਸਿੰਘ ਸਿੱਧੂ ਚਮਕੌਰ ਸਿੰਘ ਮਾਨ ਅਤੇ ਵਿਨੋਦ ਕੁਮਾਰ ਗਰਗ, ਗੁਰਦੋਰ ਸਿੰਘ ਸੰਧੂ ਆਦਿ ਮੌਜੂਦ ਸਨ।

ਲੰਬੀ ’ਚ ਸਬ-ਤਹਿਸੀਲ ਮੂਹਰੇ ਗਰਜੇ ਹਲਕੇ ਦੇ ਅਕਾਲੀ ਆਗੂ

ਲੰਬੀ ਵਿੱਚ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਦੇ ਹੋਏ ਅਕਾਲੀ ਆਗੂ।

ਲੰਬੀ (ਇਕਬਾਲ ਸਿੰਘ ਸ਼ਾਂਤ): ਪੰਜਾਬ ਵਿੱਚ ਝੋਨੇ ਦੀ ਖਰੀਦ ਦੇ ਮਾੜੇ ਪ੍ਰਬੰਧਾਂ ਅਤੇ ਡੀਏਪੀ ਖਾਦ ਕਿੱਲਤ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਵੀ ਮੈਦਾਨ ਵਿੱਚ ਉੱਤਰ ਪਿਆ ਹੈ। ਅੱਜ ਲੰਬੀ ਹਲਕੇ ਵਿੱਚ ਅਕਾਲੀ ਵਰਕਰਾਂ ਤੇ ਹਲਕਾ ਲੀਡਰਸ਼ਿਪ ਵੱਲੋਂ ਸਬ ਤਹਿਸੀਲ ਲੰਬੀ ਮੂਹਰੇ ਵਿਸ਼ਾਲ ਧਰਨਾ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ (ਪੀਏਸੀ) ਦੇ ਮੈਂਬਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਦੋਸ਼ ਲਗਾਏ ਕਿ ਵੱਡੇ ਸੱਤਾਪੱਖੀ ਵਿਅਕਤੀਆਂ ਵੱਲੋਂ ਪ੍ਰਤੀ ਕੁਇੰਟਲ ਕਥਿਤ ਰਿਸ਼ਵਤ ਮੰੰਗੇ ਜਾਣ ਕਰਕੇ ਮੰਡੀਆਂ ਵਿੱਚ ਕਿਸਾਨਾਂ ਦੀ ਖੁੱਲ੍ਹੀ ਲੁੱਟ ਕੀਤੀ ਜਾ ਰਹੀ ਹੈ। ਧਰਨੇ ਉਪਰੰਤ ਨਾਇਬ ਤਹਿਸੀਲਦਾਰ ਅੰਜੂ ਬਾਲਾ ਨੂੰ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਖਾਦਾਂ ਤੇ ਬੀਜਾਂ ਦੇ ਸੈਂਪਲ ਫੇਲ੍ਹ ਆਉਣ ਮਗਰੋਂ ਕਿਸੇ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ। ਅਕਾਲੀ ਆਗੂਆਂ ਨੇ ਆਪ ਸਰਕਾਰ ਨੂੰ ਦਿੱਲੀ ਵਾਂਗ ਪੰਜਾਬ ਵਿੱਚ ਸਵਾਮੀ ਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਨਵਾਲਾ ਨੇ ਕਿਹਾ ਕਿ ਆਪ ਸਰਕਾਰ ਦੀ ਭ੍ਰਿਸ਼ਟ ਅਤੇ ਮਾੜੀ ਕਾਰਗੁੁਜ਼ਾਰੀ ਕਰਕੇ ਮੰਡੀਆਂ ਕਿਸਾਨਾਂ ਦੀ ਖੁੱਲ੍ਹੇਆਮ ਲੁੱਟ-ਖਸੁੱਟ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਬੇਹੱਦ ਮੰਦਭਾਗਾ ਹੈ ਕਿ ਪੰਜਾਬ ਅੰਦਰ ਕਿਸਾਨਾਂ ਦਾ ਝੋਨਾ ਸਰਕਾਰੀ ਰੇਟ ਤੋਂ 125 ਰੁਪਏ ਘਟਾ ਕੇ ਖਰੀਦਿਆ ਜਾ ਰਿਹਾ ਹੈ। ਜਦਕਿ ਪ੍ਰਤੀ ਕੁਇੰਟਲ ਝੋਨੇ ‘ਤੇ 3 ਕਿੱਲੋ ਤੋਂ ਅੱਠ ਕਿੱਲੋ ਤੱਕ ਕਾਟ ਕੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲੁੱਟ ਕਿਸਾਨਾਂ ਦੇ ਨਾਲ-ਨਾਲ ਮੰਡੀ ਮਜ਼ਦੂਰਾਂ ਦਾ ਰੁਜ਼ਗਾਰ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਓਐੱਸਡੀ ਬਲਕਰਨ ਸਿੰਘ, ਸੀਨੀਅਰ ਆਗੂ ਗੋਲਡੀ ਅਬੁੱਲਖੁਰਾਣਾ, ਸਾਬਕਾ ਚੇਅਰਮੈਨ ਕਾਕਾ ਭਾਈਕੇਰਾ, ਯੂਥ ਵਿੰਗ (ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਨਵਰਿੰਦਰ ਸਿੰਘ ਕਰਮਗੜ੍ਹ, ਪੱਪੀ ਤਰਮਾਲਾ, ਹਰਤੇਜ ਸਿੰਘ ਭੁੱਲਰਵਾਲਾ, ਰਣਜੀਤ ਸਿੰਘ ਢਿੱਲੋਂ ਫਤੂਹੀਵਾਲਾ, ਜਸਮੇਲ ਸਿੰਘ ਮਿਠੜੀ, ਬੂਟਾ ਸਿੰਘ ਮਹਿਣਾ, ਜਗਮੀਤ ਚਹਿਲ, ਮਨਜੀਤ ਲਾਲਬਾਈ ਆਦਿ ਹਾਜ਼ਰ ਸਨ।

‘ਆਪ’ ਦੇ ਰਾਜ ’ਚ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ: ਗਿੱਲ

ਮੋਗਾ (ਮਹਿੰਦਰ ਸਿੰਘ ਰੱਤੀਆਂ): ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ, ਕਿਸਾਨਾਂ ਦੀ ਹੋ ਰਹੀ ਖੱਜਲ ਖ਼ੁਆਰੀ ਲੁੱਟ ਖਸੁੱਟ ਤੇ ਡੀਏਪੀ ਖਾਦ ਦੀ ਘਾਟ ਖ਼ਿਲਾਫ਼ ਮੋਗਾ ਵਿੱਚ ਜ਼ਿਲ੍ਹਾ ਸਕੱਤਰੇਤ ਅਤੇ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿੱਚ ਐੱਸਡੀਐੱਮਜ਼ ਦਫ਼ਤਰਾਂ ਅੱਗੇ ਧਰਨੇ ਦਿੰਤੇ ਗਏ। ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਧਰਨੇ ’ਚ ਵਰਕਰਾਂ ਦੀ ਨਿਗੂਣੀ ਹਾਜ਼ਰੀ ਦਿਖਾਈ ਦਿੱਤੀ ਅਤੇ ਬਹੁਤੇ ਆਹੁਦੇਦਾਰ ਵੀ ਗੈਰ ਹਾਜ਼ਰ ਰਹੇ। ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਹੋਣ ਕਾਰਨ ਬਹੁਤੇ ਵਰਕਰ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸਰਕਾਰ ਚਲਾਉਂਦਿਆਂ ਢਾਈ ਸਾਲ ਤੋਂ ਵਧੇਰੇ ਸਮਾਂ ਹੋ ਚੱਲਿਆ ਹੈ ਪਰ ਅਜੇ ਤੱਕ ਆਪਣੇ ਵੱਲੋਂ ਕੀਤੇ ਦਾਅਵੇ ਵਾਅਦੇ ਪੂਰੇ ਤਾਂ ਕੀ ਕਰਨੇ ਸੀ ਸਗੋਂ ਲੋਕਾਂ ਤੇ ਕਿਸਾਲਾਂ ਦੀ ਖੱਜਲ ਖੁਆਰੀ ਵਧ ਰਹੀ ਹੈ। ਦਫ਼ਤਰਾਂ ਵਿੱਚ ਭ੍ਰਿਸਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਵਿਕਾਸ ਅੱਜ ਤੱਕ ਵੀ ਮੂੰਹੋਂ ਬੋਲਦਾ ਹੈ, ਜਿਸ ਸਕੱਤਰੇਤ ਅੱਗੇ ਉਹ ਬੈਠੇ ਹਨ ਉਹ ਅਕਾਲੀ ਦਲ ਦੀ ਦੇਣ ਹੈ। ਇਸ ਮੌਕੇ ਲੋਕ ਸਭਾ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸ਼ਹਿਰੀ ਹਲਕਾ ਇੰਚਾਰਜ਼ ਸੰਜੀਤ ਸਿੰਘ ਸੰਨੀ ਗਿੱਲ, ਰਾਜਵੰਤ ਸਿੰਘ ਮਾਹਲਾ, ਦਵਿੰਦਰ ਸਿੰਘ ਰਣੀਆਂ ,ਗੁਰਦੀਪ ਸਿੰਘ ਮਹੇਸਰੀ ਤੇ ਹੋਰਾਂ ਨੇ ਵੀ ਸਰਕਾਰ ਦੀਆਂ ਕਿਸਾਨ ਤੇ ਲੋਕ ਮਾਰੂ ਨੀਤੀਆਂ ਉੱਤੇ ਚਾਨਣਾ ਪਾਇਆ।

Advertisement
×