ਸੰਜੀਵ ਹਾਂਡਾ
ਫ਼ਿਰੋਜ਼ਪੁਰ, 15 ਮਾਰਚ
ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ’ਤੇ ਅੱਜ ਫ਼ਿਰੋਜ਼ਪੁਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਗਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਛਾਉਣੀ ਦੀ ਦਾਣਾ ਮੰਡੀ ਵਿਚ ਵੱਡਾ ਇਕੱਠ ਕਰਕੇ ਮਹਾਂ ਰੈਲੀ ਕੀਤੀ ਗਈ। ਇਸ ਨੂੰ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੋਂ ਇਲਾਵਾ ਕਈ ਆਗੂਆਂ ਨੇ ਸੰਬੋਧਨ ਕੀਤਾ।
ਆਗੂਆਂ ਨੇ ਦੱਸਿਆ ਕਿ ਦੇਸ਼ ਭਰ ਵਿਚ ਕਿਰਤੀ ਕਾਮਿਆਂ, ਕਿਸਾਨਾਂ, ਟਰੇਡ ਯੂਨੀਅਨਾਂ ਵੱਲੋਂ ਨਿੱਜੀਕਰਨ, ਉਦਾਰੀਕਰਨ ਤੇ ਕਾਰਪੋਰੇਟ ਵਿਕਾਸ ਮਾਡਲ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਦਿੱਤੇ ਜਾ ਰਹੇ ਹਨ। ਆਗੂਆਂ ਨੇ 26 ਮਾਰਚ ਨੂੰ ‘ਭਾਰਤ ਬੰਦ’ ਦੇ ਸੱਦੇ ’ਤੇ ਸਭ ਵਰਗਾਂ ਦੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਵੀ ਕੀਤੀ। ਉਧਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ ਵਿੱਚ ਵਲੂਰ ਸਥਿਤ ਰਿਲਾਇੰਸ ਪੈਟਰੋਲ ਪੰਪ ’ਤੇ ਲਾਇਆ ਧਰਨਾ ਅੱਜ 165ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਜਥੇਬੰਦੀ ਦੇ ਆਗੂਆਂ ਨੇ ਵੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ।