ਕਰਨ ਭੀਖੀ
ਭੀਖੀ, 20 ਮਈ
ਕਸਬੇ ਅੰਦਰ ਤਪਦੀ ਧੁੱਪ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਦੀ ਅਗਵਾਈ ਵਿੱਚ ਮਜ਼ਦੂਰਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕੀਤਾ। ਨਗਰ ਪੰਚਾਇਤ ਦਫ਼ਤਰ ਸਾਹਮਣੇ ਲੱਗੇ ਵਿਸ਼ਾਲ ਪੰਡਾਲ ਵਿੱਚ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾਈ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਮਹਿੰਗਾਈ ਤੋਂ ਜਿੱਥੇ ਹਰ ਇੱਕ ਵਿਅਕਤੀ ਪ੍ਰੇਸ਼ਾਨ ਹੈ, ਉੱਥੇ ਹੀ ਗਰੀਬ ਮਜ਼ਦੂਰਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਮਜ਼ਦੂਰ ਵਰਗ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੇਂਡੂ ਖੇਤ, ਸ਼ਹਿਰੀ ਖੇਤਰ ਅਤੇ ਫੈਕਟਰੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਮਹਿੰਗਾਈ ਦੇ ਹਿਸਾਬ ਨਾਲ ਵਾਧਾ ਕੀਤਾ ਜਾਵੇ। ਜੇਕਰ ਕਿਸੇ ਮਜ਼ਦੂਰ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਉਨ੍ਹਾਂ ਲਈ ਸਿਹਤ ਬੀਮਾ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਣ, ਕਿਸਾਨਾਂ ਵਾਂਗ ਖੇਤ ਮਜ਼ਦੂਰਾਂ ਨੂੰ ਵੀ ਕੁਦਰਤੀ ਆਫ਼ਤਾਂ ਤਹਿਤ ਮੁਆਵਜ਼ਾ ਅਤੇ ਪੰਜ-ਪੰਜ ਮਰਲੇ ਦੇ ਪਲਾਟ ਦਿੱਤੇ ਜਾਣ। ਉਨ੍ਹਾਂ ਮਜ਼ਦੂਰਾਂ ਨੂੰ 24 ਮਈ ਨੂੰ ਮਾਨਸਾ ਵਿੱਚ ਹੋਣ ਵਾਲੀ ਮਜ਼ਦੂਰ ਸੰਘਰਸ਼ ਰੈਲੀ ਵਿੱਚ ਪੁੱਜਣ ਦੀ ਅਪੀਲ ਕੀਤੀ। ਸੀਪੀਆਈ ਜ਼ਿਲ੍ਹਾ ਆਗੂ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀਆਂ ਸਰਕਾਰਾਂ ਵਾਂਗ ਮਜ਼ਦੂਰਾਂ ਬਾਰੇ ਕੁਝ ਵੀ ਨਹੀਂ ਸੋਚ ਰਹੀ। ਇਸ ਮੌਕੇ ਇਕੱਠ ਵਿੱਚ ਪਹੁੰਚੇ ਨਾਇਬ ਤਹਿਸੀਲਦਾਰ ਅਮਿਤ ਕੁਮਾਰ ਨੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਮਜ਼ਦੂਰਾਂ ਦੀਆਂ ਸਾਰੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਆਗੂਆਂ ਨੇ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਪਿਆ। ਇਸ ਮੌਕੇ ਗੁਰਦੀਪ ਸਿੰਘ ਮਾਖਾ, ਰਾਜਿੰਦਰ ਭੀਖੀ, ਸੁਖਦੇਵ ਸਿੰਘ, ਸਰਵਰ ਕੁਰੈਸ਼ੀ, ਐਡਵੋਕੇਟ ਬੀਰਬਲ ਸਿੰਘ ਤੇ ਸ਼ੇਰ ਸਿੰਘ ਬੁਢਲਾਡਾ ਆਦਿ ਨੇ ਸੰਬੋਧਨ ਕੀਤਾ।
ਮਜ਼ਦੂਰਾਂ ਵੱਲੋਂ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਨਥਾਣਾ (ਭਗਵਾਨ ਦਾਸ ਗਰਗ): ਮਜ਼ਦੂਰ ਮੁਕਤੀ ਮੋਰਚਾ ਨੇ ਮਜ਼ਦੂਰ ਵਰਗ ਦਾ ਮਿਹਨਤਾਨਾ ਤੈਅ ਨਾ ਕਰਨ ਦੇ ਵਿਰੋਧ ਵਿੱਚ ਪਿੰਡ ਕਲਿਆਣ ਸੁੱਖਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਜਥੇਬੰਦੀ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮਜ਼ਦੂਰ ਵਰਗ ਨੂੰ ਇਨਸਾਫ਼ ਨਾ ਦਿੱਤਾ ਤਾਂ ਸੂਬੇ ਭਰ ਦੇ ਮਜ਼ਦੂਰ ਇਕੱਠੇ ਕਰ ਕੇ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਨਛੱਤਰ ਸਿੰਘ, ਸੀਰਾ ਸਿੰਘ, ਜਸਵੀਰ ਸਿੰਘ, ਹੈਪੀ ਸਿੰਘ ਤੇ ਗੁਲਾਬ ਸਿੰਘ ਆਦਿ ਹਾਜ਼ਰ ਸਨ।