ਪੱਤਰ ਪ੍ਰੇਰਕ
ਮਾਨਸਾ, 27 ਜਨਵਰੀ
ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਠ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਵਿਰੁੱਧ ਨਗਰ ਕੌਂਸਲ ਦਫ਼ਤਰ ਮਾਨਸਾ ਦੇ ਅੱਗੇ ਅੱਜ ਲਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਧਰਨਕਾਰੀਆਂ ਨੇ ਦੋਸ਼ ਲਾਇਆ ਕਿ ਵਿਭਾਗ ਅਧੀਨ ਕੰਮ ਕਰਦੇ, ਇਨ੍ਹਾਂ ਮੁਲਾਜ਼ਮਾਂ ਨੂੰ ਦਸੰਬਰ ਮਹੀਨੇ ਵਿੱਚ ਨੌਕਰੀਓਂ ਬਿਨਾਂ ਕਿਸੇ ਕਾਰਨ ਦੱਸਿਆ ਕੱਢਿਆ ਗਿਆ, ਜਿਸ ਨਾਲ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਗਏ। ਕੱਢੇ ਗਏ ਮੁਲਾਜ਼ਮਾਂ ਦੇ ਹੱਕ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਡੱਟ ਗਈ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਰਾਜ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵਿਭਾਗ ਨੇ ਮੰਗ ਤਾਂ ਕਿ ਮੰਨਣੀ ਸੀ, ਸਗੋਂ ਉਨ੍ਹਾਂ ਨਾਲ ਕਿਸੇ ਵੀ ਅਧਿਕਾਰੀ ਵੱਲੋ ਜਾਂ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਗੱਲ ਵੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਕਰਮਚਾਰੀ ਗੁਰਪ੍ਰੀਤ ਸਿੰਘ ਫਾਇਰਮੈਨ ਕਈ ਸਾਲਾਂ ਤੋਂ ਲਗਾਤਾਰ ਸੇਵਾਵਾਂ ਨਿਭਾ ਰਿਹਾ ਹੈ, ਜਿਸ ਦੀ 15 ਮਹੀਨਿਆਂ ਤੋਂ ਤਨਖਾਹ ਅਤੇ ਇਸ ਤੋਂ ਇਲਾਵਾ 7 ਹੋਰ ਕਰਮਚਾਰੀਆਂ ਦੀ ਪਿਛਲੇ 4 ਮਹੀਨਿਆਂ ਦੀ ਤਨਖਾਹ ਅਜੇ ਤੱਕ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।