ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੀਆਂ ਫ਼ਸਲਾਂ ਦੇ ਢੁਕਵੇਂ ਮੁਆਵਜ਼ੇ ਲਈ ਮੁਜ਼ਾਹਰੇ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਕਿਸਾਨਾਂ ਨੇ ਪ੍ਰਗਟਾਇਆ ਰੋਸ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਜ਼ਿਲ੍ਹਾ ਕਚਹਿਰੀਆਂ ਵਿੱਚ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਬੀ ਕੇ ਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀ ਕੇ ਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਬੀ ਕੇ ਯੂ ਡਕੌਂਦਾ (ਧਨੇਰ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਅਤੇ ਬੀ. ਕੇ. ਯੂ. (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਨੇ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਪ੍ਰਬੰਧਕੀ ਕੁਤਾਹੀਆਂ ਕਰਨ ਵਾਲੇ ਮੁਲਾਜ਼ਮਾਂ ਅਤੇ ਸਰਕਾਰ ਦੇ ਅਧਿਕਾਰੀਆਂ ਵਿਰੁੱਧ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਦੀ ਅਗਵਾਈ ਵਿੱਚ ਕਮਿਸ਼ਨ ਬਣਾ ਕੇ ਜਾਂਚ ਕਰਵਾਈ ਜਾਵੇ ਅਤੇ ਕਥਿਤ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਾਰ-ਵਾਰ ਆ ਰਹੇ ਹੜ੍ਹਾਂ ਤੋਂ ਨਿਜ਼ਾਤ ਪਾਉਣ ਲਈ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਪ੍ਰਬੰਧ ਪੰਜਾਬ ਸਰਕਾਰ ਹਵਾਲੇ ਕੀਤਾ ਜਾਵੇ ਤੇ ਡੈਮਾਂ ਅਤੇ ਦਰਿਆਵਾਂ ਨੂੰ ਚੈਨੇਲਾਈਜ਼ ਕੀਤਾ ਜਾਵੇ। ਕੇਂਦਰ ਸਰਕਾਰ ਪੰਜਾਬ ਅੰਦਰ ਆਏ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨ ਕੇ, ਘੱਟੋ-ਘੱਟ 25 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਪੰਜਾਬ ਨੂੰ ਜਾਰੀ ਕਰੇ। ਕਿਸਾਨਾਂ ਨੂੰ ਫ਼ਸਲਾਂ ਲਈ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇ ਅਤੇ ਪੰਜ ਏਕੜ ਦੀ ਸ਼ਰਤ ਹਟਾਈ ਜਾਵੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਧਰਨੇ ਮੌਕੇ ਬੁਲਾਰਿਆਂ ਨੇ ਕਿਹਾ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪ੍ਰਤੀ ਏਕੜ 70 ਹਜ਼ਾਰ ਰੁਪਏ ਦਿੱਤਾ ਜਾਵੇ, ਮਨੁੱਖੀ ਜਾਨਾਂ ਗੁਆਉਣ ਵਾਲੇ ਪਰਿਵਾਰਾਂ ਨੂੰ ਘੱਟੋ-ਘੱਟ 25 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇ, ਡਿੱਗੇ ਮਕਾਨਾਂ ਤੇ ਹੋਣ ਵਾਲਾ ਸਾਰਾ ਖਰਚਾ ਸਰਕਾਰ ਦੇਵੇ ਤੇ ਪਸ਼ੂਆਂ ਦਾ ਮੁਆਵਜ਼ਾ ਵੀ ਪੂਰੀ ਮਾਤਰਾ ਵਿੱਚ ਦਿੱਤਾ ਜਾਵੇ। ਪਰਾਲੀ ਦੇ ਮਸਲੇ ’ਤੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ, ਜਿਸ ਰਕਮ ਨਾਲ ਕਿਸਾਨ ਪਰਾਲੀ ਆਪਣੇ ਖੇਤਾਂ ਵਿੱਚ ਬਾਹਰ ਕੱਢ ਸਕਣ ਜਾਂ ਕੋਈ ਹੋਰ ਸੌਖਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਭਾਕਿਯੂ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ, ਬੀ.ਕੇ.ਯੂ. ਡਕੌਂਦਾ (ਧਨੇਰ) ਦੇ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਬੀ.ਕੇ.ਯੂ. ਡਕੌਂਦਾ ਬੁਰਜ ਗਿੱਲ ਦੀ ਸ਼ਿੰਦਰਪਾਲ ਕੌਰ, ਬੀ.ਕੇ.ਯੂ. ਲੱਖੋਵਾਲ ਦੇ ਸੂਬਾ ਆਗੂ ਪ੍ਰਸ਼ੋਤਮ ਸਿੰਘ ਗਿੱਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਭਜਨ ਸਿੰਘ ਘੁੰਮਣ, ਮੈਡੀਕਲ ਪ੍ਰੈਕਟੀਸ਼ਨਰ ਦੇ ਸੂਬਾ ਆਗੂ ਧੰਨਾ ਮੱਲ ਗੋਇਲ ਨੇ ਵੀ ਸੰਬੋਧਨ ਕੀਤਾ।
ਬਰਨਾਲਾ (ਪਰਸ਼ੋਤਮ ਬੱਲੀ): ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂ ਮੰਗ ਪੱਤਰ ਵੀ ਸੌਂਪੇ ਗਏ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ’ਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਹੜ੍ਹਾਂ ਨਾਲ ਹੋਈ ਬਰਬਾਦੀ ਦੀ ਭਰਪਾਈ ਕੀਤੀ ਜਾਵੇ, ਬੁਨਿਆਦੀ ਢਾਂਚੇ ਦੀ ਮੁੜ ਉਸਾਰੀ ਲਈ ਸੂਬੇ ਨੂੰ 25 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ ਵਿੱਤੀ ਪੈਕੇਜ ਦਿੱਤਾ ਜਾਵੇ। ਧਰਨੇ ਨੂੰ ਚਮਕੌਰ ਸਿੰਘ ਨੈਣੇਵਾਲ, ਦਰਸ਼ਨ ਸਿੰਘ, ਪਵਿੱਤਰ ਸਿੰਘ ਲਾਲੀ, ਜੱਗਾ ਸਿੰਘ ਬਦਰਾ, ਜਗਸੀਰ ਸਿੰਘ ਸੀਰਾ, ਜਗਰਾਜ ਸਿੰਘ ਹਰਦਾਸਪੁਰਾ, ਨਿਰਭੈ ਸਿੰਘ ਤੇ ਸਿਕੰਦਰ ਸਿੰਘ ਭੂਰੇ ਨੇ ਸੰਬੋਧਨ ਕੀਤਾ।
ਪਰਾਲੀ ਪ੍ਰਬੰਧਨ: ਕਿਸਾਨਾਂ ਨੂੰ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਮੰਗ
ਫਾਜ਼ਿਲਕਾ (ਪਰਮਜੀਤ ਸਿੰਘ): ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਫਾਜ਼ਿਲਕਾ ਡੀਸੀ ਦਫ਼ਤਰ ਦੇ ਸਾਹਮਣੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀਆਂ ਮੰਗਾਂ ਅਤੇ ਪਰਾਲੀ ਦੇ ਮਾਮਲਿਆਂ ’ਤੇ ਕਿਸਾਨਾਂ ’ਤੇ ਕੇਸ ਦਰਜ ਕਰਨ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਦੇ ਨਿਪਟਾਰੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਣੀ ਹੈ। ਇਸ ਲਈ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ 7,000 ਰੁਪਏ ਪ੍ਰਤੀ ਏਕੜ ਨਕਦ ਸਹਾਇਤਾ ਦਿੱਤੀ ਜਾਵੇ। ਇਸ ਦੀ ਅਣਹੋਂਦ ਕਾਰਨ ਮਜਬੂਰੀਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੀਤੀ ਜਾਣ ਵਾਲੀ ਹਰ ਕਿਸਮ ਦੀ ਜਬਰੀ ਕਾਰਵਾਈ ਬੰਦ ਕੀਤੀ ਜਾਵੇ, ਡੀਏਪੀ ਦੀ ਸਪਲਾਈ ਯਕੀਨੀ ਬਣਾਈ ਜਾਵੇ, ਨਮੀ ਅਤੇ ਬਦਰੰਗ ਦਾਣੇ ਦੇ ਬਹਾਨੇ ਕਾਟ ਲਾ ਕੇ ਮੰਡੀਆਂ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਸਖਤੀ ਨਾਲ ਰੋਕਿਆ ਜਾਵੇ। ਇਸ ਮੌਕੇ ਬੀ ਕੇ ਯੂ ਉਗਰਾਹਾਂ ਦੇ ਸੂਬਾ ਆਗੂ ਸ਼ਿੰਗਾਰਾ ਸਿੰਘ ਮਾਨ, ਜਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਗੁਰਦਿਆਲ ਸਿੰਘ, ਬੀ ਕੇ ਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਤੇ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਮੁਹਾਰ ਸੋਨਾ ਨੇ ਸੰਬੋਧਨ ਕੀਤਾ।
ਮੁਕਤਸਰ: ਡੀ ਸੀ ਦਫ਼ਤਰ ਅੱਗੇ ਗਰਜੇ ਕਿਸਾਨ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਰਜਨ ਭਰ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਵਰਕਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲਖਨਪਾਲ ਸਿੰਘ ਆਲਮ ਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀ ਕੇ ਯੂ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਪੰਜਾਬ ਕਿਸਾਨ ਯੂਨੀਅਨ ਦੇ ਬੁਲਾਰੇ ਜਰਨੈਲ ਸਿੰਘ ਰੋੜਾਂਵਾਲਾ ਨੇ ਕਿਹਾ ਕਿ ਤਬਾਹ ਹੋਈਆਂ ਫ਼ਸਲਾਂ ਦਾ ਪੂਰਾ ਮੁਆਵਜ਼ਾ 70 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇ ਤੇ ਇਸ ਸਬੰਧੀ ਪੰਜ ਏਕੜ ਵਾਲੀ ਸ਼ਰਤ ਹਟਾਈ ਜਾਵੇ। ਆਗੂਆਂ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ।