ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਡੀ ਸੀ ਦਫ਼ਤਰਾਂ ਅੱਗੇ ਮੁਜ਼ਾਹਰੇ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਕਿ ਹੜ੍ਹਾਂ ਦੌਰਾਨ ਹੋਏ ਅਤੇ ਹੋਰ ਰਹੇ ਨੁਕਸਾਨ ਦੀ ਪੂਰਤੀ ਲਈ ਇਸ ਨੂੰ ਕੌਮੀ ਆਫ਼ਤ ਐਲਾਨਿਆ ਜਾਵੇ। ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਸਾਉਂਕੇ, ਕਾਕਾ ਸਿੰਘ ਖੁੰਡੇ ਹਲਾਲ, ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਈਆਂ ਮੌਤਾਂ ਲਈ ਘੱਟੋ ਘੱਟ 25 ਲੱਖ ਰੁਪਏ, ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਲਈ 15 ਲੱਖ ਰੁਪਏ, ਬਾਲੇ ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ 5 ਲੱਖ ਰੁਪਏ ਦੀ ਰਾਸ਼ੀ ਗਰਾਂਟ ਵਜੋਂ ਦਿੱਤੀ ਜਾਵੇ, ਮਰੇ ਦੁਧਾਰੂ ਪਸ਼ੂਆਂ ਦਾ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦੇਣ ਤੋਂ ਇਲਾਵਾ ਫ਼ਸਲਾਂ, ਜ਼ਮੀਨਾਂ ਵਗੈਰਾ ਦੀ ਬਰਬਾਦੀ ਨੂੰ ਝੱਲਣ ਵਾਲੇ ਲੋਕਾਂ ਦੇ ਨੁਕਸਾਨ ਦੀ ਸੌ ਫ਼ੀਸਦੀ ਪੂਰਤੀ ਕੀਤੀ ਜਾਵੇ। ਇਸੇ ਤਰ੍ਹਾਂ ਮਜ਼ਦੂਰਾਂ ਦੀਆਂ ਟੁੱਟੀਆਂ ਕੰਮ ਦਿਹਾੜੀਆਂ ਦੀ ਭਰਪਾਈ ਵਾਸਤੇ 50 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਇਸੇ ਦੌਰਾਨ ਬਠਿੰਡਾ ’ਚ ਪੇਂਡੂ ਤੇ ਖੇਤ ਮਜ਼ਦੂਰ ਸੰਗਠਨਾਂ ਦੇ ਸਾਂਝੇ ਮੋਰਚੇ ਨੇ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸਬੰਧ ਅੱਜ ਇੱਥੇ ਮਿਨੀ ਸਕੱਤਰੇਤ ਸਾਹਮਣੇ ਧਰਨਾ ਦੇਣ ਬਾਅਦ ਤਹਿਸੀਲਦਾਰ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ। ਬੁਲਾਰਿਆਂ ਨੇ ਹਕੂਮਤਾਂ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਕੀਤੇ ਐਲਾਨਾਂ ਨੂੰ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਲੀ ਕਾਰਵਾਈ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ’ਚ ਮਜ਼ਦੂਰ ਤਬਕੇ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਐਲਾਨੀ ਗਈ 20 ਹਜ਼ਾਰ ਰੁਪਏ/ਏਕੜ ਦੀ ਮੁਆਵਜ਼ਾ ਰਾਸ਼ੀ ਨੂੰ ‘ਨਿਗੂਣੀ’ ਦੱਸਿਆ। ਇਸ ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੀਨੀਅਰ ਆਗੂ ਮਿੱਠੂ ਸਿੰਘ ਘੁੱਦਾ ਅਤੇ ਦਲਿਤ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ ਨੇ ਸੰਬੋਧਨ ਕੀਤਾ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਪੰਜਾਬ ਪੱਧਰ ਦੇ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਮੁਤਾਬਕ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ 100 ਪ੍ਰਤੀਸ਼ਤ ਮੁਆਵਜ਼ਾ ਦੇਣ ਦੀ ਮੰਗ ਲੈ ਕੇ ਇੱਥੇ ਪੇਂਡੂ ਤੇ ਖੇਤ ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਾਨਸਾ (ਪੱਤਰ ਪ੍ਰੇਰਕ): ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵੱਲੋਂ ਇਥੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਵੱਲੋਂ ਇਹ ਪ੍ਰਦਰਸ਼ਨ ਹੜ੍ਹਾਂ ਤੇ ਮੀਂਹਾਂ ਕਾਰਨ ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦੇਣ ਦੇ ਰੋਸ ਵਜੋਂ ਕੀਤਾ ਗਿਆ।