ਕਰਨ ਭੀਖੀ
ਭੀਖੀ, 12 ਫਰਵਰੀ
ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਭਾਜਪਾ ਦੀ ਹਰਿਆਣਾ ਸਰਕਾਰ ਵੱਲੋਂ 12 ਜਨਵਰੀ ਨੂੰ ਕਾਰਖਾਨਾ ਮਜ਼ਦੂਰ ਯੂਨੀਅਨ ਆਗੂ ਨੌਦੀਪ ਨੂੰ ਰਿਹਾਅ ਕਰਨ ਦੀ ਮੰਗ ਨੂੰ ਲੈ ਕੇ ਭੀਖੀ ਬਲਾਕ ਦੇ ਪਿੰਡ ਮੱਤੀ, ਖੀਵਾ ਖੁਰਦ, ਹੀਰੋਂ ਕਲਾਂ, ਢੈਪਈ ਅੰਦਰ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਤੇ ਪ੍ਰਧਾਨ ਮੰਤਰੀ ਮੋਦੀ ਦੀਆਂ ਅਰਥੀਆਂ ਸਾੜੀਆਂ ਗਈਆਂ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਬਲਾਕ ਪ੍ਰਧਾਨ ਗੁਲਾਬ ਖੀਵਾ ਨੇ ਕਿਹਾ ਕਿ ਨੌਦੀਪ ਕੌਰ ਨੂੰ ਭਾਵੇਂ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ ਪਰ ਪੁਲੀਸ ਵੱਲੋਂ ਪਾਏ ਝੂਠੇ ਪਰਚੇ ਰੱਦ ਕਰਾਉਣ ਤੱਕ ਸੰਘਰਸ਼ ਜਾਰੀ ਰਹੇਗਾ।
ਸਰਦੂਲਗੜ੍ਹ (ਬਲਜੀਤ ਸਿੰਘ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਸਰਦੂਲਗੜ੍ਹ ਬੱਸ ਅੱਡਾ ਚੌਕ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਬਿਜਲੀ ਦਫ਼ਤਰ ਤੋਂ ਲੈ ਕੇ ਬੱਸ ਅੱਡਾ ਚੌਕ ’ਚ ਚੌਕ ਤੱਕ ਰੋਸ ਮਾਰਚ ਕੀਤਾ ਗਿਆ। ਕਿਸਾਨ ਆਗੂ ਗਰਸੇਵਕ ਸਿੰਘ ਫੱਤਾ ਮਾਲੋਕਾ ਤੇ ਹੋਰਨਾਂ ਨੇ ਮੰਗ ਕੀਤੀ ਕਿ ਕਥਿਤ ਕਾਲੇ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੀ ਨੌਦੀਪ ਕੌਰ ਨੂੰ ਰਿਹਾਅ ਕੀਤਾ ਜਾਵੇ।
ਬੁਢਲਾਡਾ (ਐੱਨ.ਪੀ. ਸਿੰਘ): ਇੱਥੇ ਅੱਜ ਮਜ਼ਦੂਰ ਆਗੂ ਨੌਦੀਪ ਕੌਰ ਦੀ ਰਿਹਾਈ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਪ੍ਰੈਕਟੀਸ਼ਨਰਜ਼ ਮੈਡੀਕਲ ਐਸੋਸੀਏਸ਼ਨ ਨੇ ਗੁਰਦੁਆਰਾ ਪਾਤਸ਼ਾਹੀ ਨੌਂਵੀ ਤੋਂ ਪੁਰਾਣੀਆਂ ਕਚਹਿਰੀਆਂ ਤਕ ਰੋਸ ਮਾਰਚ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਬਬਲੀ ਅਟਵਾਲ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਸਵੀਰ ਸਿੰਘ ਗੁੜੱਦੀ ਤੇ ਹੋਰਨਾਂ ਨੇ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਐੱਸ.ਡੀ.ਐੱਮ ਬੁਢਲਾਡਾ ਨੂੰ ਇੱਕ ਮੰਗ ਪੱਤਰ ਵੀ ਭੇਜਿਆ।
ਬੁਢਲਾਡਾ (ਅਮਿਤ ਕੁਮਾਰ): ਇੱਥੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਕਾਰਕੁਨਾਂ ਵੱਲੋਂ ਨੌਦੀਪ ਕੌਰ ਦੀ ਰਿਹਾਈ ਲਈ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਬੁਲਾਰਿਆਂ ਨੇ ਨੌਦੀਪ ਕੌਰ ’ਤੇ ਕੀਤੇ ਗਏ ਕਥਿਤ ਤਸ਼ੱਦਦ ਲਈ ਸਰਕਾਰਾਂ ਦੀ ਨਿਖੇਧੀ ਕੀਤੀ।
ਚਾਉਕੇ (ਰਮਨਦੀਪ ਸਿੰਘ): ਮਜ਼ਦੂਰ ਮੁਕਤੀ ਮੋਰਚਾ ਵੱਲੋਂ ਨੌਦੀਪ ਕੌਰ ਦੀ ਰਿਹਾਈ ਲਈ ਪਿੰਡ ਰਾਮਪੁਰਾ ਵਿੱਚ ਰੈਲੀ ਕਰਦਿਆਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ। ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਕਿਸਾਨਾਂ-ਮਜ਼ਦੂਰਾਂ ’ਤੇ ਜਬਰ ਕਰ ਰਹੀ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਥਿਤ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਤੇ ਨਾਜਾਇਜ਼ ਹਿਰਾਸਤ ’ਚ ਰੱਖੇ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਨਥਾਣਾ (ਭਗਵਾਨ ਦਾਸ ਗਰਗ): ਨੌਦੀਪ ਕੌਰ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੇਂਦਰ ਅਤੇ ਹਰਿਆਣਾ ਸਰਕਾਰ ਦੀ ਅਰਥੀ ਫ਼ੂਕੀ ਗਈ। ਪਿੰਡ ’ਚ ਰੋਸ ਮਾਰਚ ਕਰਨ ਮਗਰੋਂ ਸਥਾਨਕ ਬੱਸ ਅੱਡੇ ’ਚ ਇਕੱਠ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਖਾਲਸਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਫੈਕਟਰੀ ਮਜ਼ਦੂਰ ਯੂਨੀਅਨ ਦੀ ਆਗੂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ।
ਰੂੜੇਕੇ ਕਲਾਂ (ਅੰਮ੍ਰਿਤਪਾਲ ਸਿੰਘ ਧਾਲੀਵਾਲ): ਸੀਪਆਈ, ਐੱਮਐੱਲ ਲਬਿਰੇਸ਼ਨ, ਔਰਤ ਕਰਜ਼ਾ ਮੁਕਤੀ ਅੰਦੋਲਨ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਨੌਦੀਪ ਕੌਰ ਦੀ ਰਿਹਾਈ ਨੂੰ ਲੈਣ ਕੇ ਹਰਿਆਣਾ ਅਤੇ ਕੇਂਦਰ ਸਰਕਾਰ ਦੀ ਪਿੰਡ ਧੂਰਕੋਟ ਅਤੇ ਧੌਲਾ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਮੋਰਚੇ ਦੇ ਸੀਨੀਅਰ ਆਗੂ ਕਾਮਰੇਡ ਹਰਚਰਨ ਸਿੰਘ ਰੂੜੇਕੇ ਤੇ ਹੋਰਨਾਂ ਨੇ ਨੌਦੀਪ ਨੂੰ ਰਿਹਾਅ ਕਰਨ ਦੀ ਮੰਗੀ ਕੀਤੀ।
ਸ਼ਹਿਣਾ (ਪ੍ਰਮੋਦ ਕੁਮਾਰ ਸਿੰਗਲਾ): ਮਜ਼ਦੂਰ ਮੁਕਤੀ ਮੋਰਚੇ ਵੱਲੋਂ ਅੱਜ ਪੱਖੋਂ ਕੈਂਚੀਆਂ ’ਚ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਅਰਥੀ ਸਾੜ ਗਈ। ਇਸ ਮੌਕੇ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੀ ਧੀ ਅਤੇ ਮਜ਼ਦੂਰ ਆਗੂ ਨੌਦੀਪ ਕੌਰ ਨੂੰ ਰਿਹਾਅ ਕਰਨ ਦੀ ਮੰਗ ਕੀਤੀ।
ਅਰਬ ਦੇਸ਼ਾਂ ’ਚੋਂ ਵੀ ਰਿਹਾਈ ਲਈ ਆਵਾਜ਼ ਉੱਠੀ
ਸਮਾਲਸਰ (ਗੁਰਜੰਟ ਕਲਸੀ): ਸਾਊਦੀ ਅਰਬ ਵਿੱਚ ਕੰਮ ਕਰਦੇ ਜਗਦੀਪ ਸਿੰਘ ਨਿਹਾਲ ਸਿੰਘ ਵਾਲਾ, ਸਭਾਜੀਤ ਪੱਪੂ ਬਾਘਾਪੁਰਾਣਾ, ਦੋਹਾ ਕਤਰ ਤੋਂ ਲੇਖਕ ਦੀਪ ਰਾਊਕੇ ਅਤੇ ਕੁਵੈਤ ਤੋਂ ਗੀਤਕਾਰ ਸੁਰਿੰਦਰ ਔਲਖ ਚੁਗਾਵਾਂ ਨੇ ਸਰਕਾਰਾਂ ਦੀ ਸ਼ਹਿ ’ਤੇ ਦਿੱਲੀ ਤੇ ਹਰਿਆਣਾ ਪੁਲੀਸ ਵੱਲੋਂ ਸੰਘਰਸ਼ ਕਰ ਰਹੇ ਲੋਕਾਂ ’ਤੇ ਕੀਤੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ ਹੈ। ਇਨ੍ਹਾਂ ਬੁੱਧੀਜੀਵੀਆਂ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲ ਕਰਦਿਆਂ ਕਿਹਾ ਕਿ ਭਾਰਤ ’ਚ ਕੇਂਦਰ ਦੀ ਭਾਜਪਾ ਸਰਕਾਰ ਤਾਨਾਸ਼ਾਹੀ ਰਵੱਈਏ ਤੋਂ ਕੰਮ ਲੈ ਰਹੀ ਹੈ। ਉਨ੍ਹਾਂ ਨੇ ਨੌਦੀਪ ਕੌਰ ਦੀ ਤੁਰੰਤ ਰਿਹਾਈ ਦੀ ਅਪੀਲ ਕੀਤੀ।
ਮਹਿਲਾ ਕਮਿਸ਼ਨ ਦੇ ਦਖ਼ਲ ਦੀ ਮੰਗ
ਤਪਾ ਮੰਡੀ (ਪੱਤਰ ਪ੍ਰੇਰਕ): ਕੁੱਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ ਦੀ ਮਹਿਲਾ ਆਗੂ ਇਕਬਾਲ ਕੌਰ ਉਦਾਸੀ ਨੇ ਮੰਗ ਕੀਤੀ ਹੈ ਕਿ ਨੌਦੀਪ ਕੌਰ ਦੀ ਰਿਹਾਈ ਲਈ ਕੌਮੀ ਮਹਿਲਾ ਕਮਿਸ਼ਨ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲਅੰਦਾਜ਼ੀ ਕਰਨੀ ਚਾਹੀਦੀ ਹੈ। ਉਹ ਅੱਜ ਢਿੱਲਵਾਂ, ਮਹਿਤਾ ਅਤੇ ਘੁੰਨਸ ਆਦਿ ਪਿੰਡਾਂ ਵਿਚ ਸੀਪੀਆਈ (ਐਮਐਲ) ਲਬਿਰੇਸ਼ਨ ਅਤੇ ਏਪਵਾ ਵੱਲੋਂ ਨੌਦੀਪ ਕੌਰ ਦੀ ਰਿਹਾਈ ਨੂੰ ਲੈਕੇ ਕੇਂਦਰ ਸਰਕਾਰ ਦੀ ਅਰਥੀ ਫ਼ੂਕ ਮੁਜ਼ਾਹਰੇ ਵਿਚ ਭਾਗ ਲੈਣ ਪਹੁੰਚੇ ਸਨ। ਉਨ੍ਹਾਂ ਨੇ ਹਿਰਾਸਤ ’ਚ ਪੁਲੀਸ ਵੱਲੋਂ ਨੌਦੀਪ ’ਤੇ ਢਾਹੇ ਤਸ਼ੱਦਦ ਢਾਹੇ ਜਾਣ ਦੀ ਵੀ ਨਿਖੇਧੀ ਕਰਦਿਆਂ ਉਸ ਦੀ ਰਿਹਾਈ ਦੀ ਮੰਗ ਕੀਤੀ।