ਜੋਗਿੰਦਰ ਸਿੰਘ ਮਾਨ
ਮਾਨਸਾ, 31 ਅਕਤੂਬਰ
ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਮੁੜ ਗ੍ਰਾਮ ਪੰਚਾਇਤਾਂ ਦੇ ਨਾਂ ਕਰਨ ਦੇ ਹੁਕਮਾਂ ਦੇ ਵਿਰੋਧ ਵਿੱਚ ਮੈਦਾਨ ’ਚ ਉਤਰੀ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਅੱਜ ਪੰਜਾਬ ਸਰਕਾਰ ਖਿਲਾਫ਼ ਮਾਨਸਾ ਵਿੱਚ ਮਜ਼ਦੂਰ ਵੰਗਾਰ ਰੈਲੀ ਕੀਤੀ ਗਈ। ਦੱਸਣਯੋਗ ਹੈ ਕਿ ਧਰਨੇ ਨੂੰ ਮਜ਼ਦੂਰਾਂ ਦੇ ਧਰਨੇ ਨੂੰ ਚੁਕਵਾਉਣ ਲਈ ਪ੍ਰਸ਼ਾਸਨ ਵੱਲੋਂ ਬੀਤੇ ਦਿਨੀ ਧਰਨਾਕਾਰੀਆਂ ਦਾ ਪੀਣ ਵਾਲਾ ਪਾਣੀ ਬੰਦ ਕਰ ਦਿੱਤਾ ਗਿਆ ਸੀ ਜਿਸ ਤੋਂ ਭੜਕੇ ਮਜ਼ਦੂਰਾਂ ਨੇ ਰੈਲੀ ਕਰਨ ਦਾ ਐਲਾਨ ਕੀਤਾ ਸੀ। ਇਸ ਰੈਲੀ ਦੌਰਾਨ ਵੱਡੀ ਪੱਧਰ ’ਤੇ ਮਜ਼ਦੂਰ ਮਰਦ-ਔਰਤਾਂ ਵੱਲੋਂ ਰਾਜ ਸਰਕਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕਰਦਿਆਂ ਜ਼ਿਲ੍ਹਾ ਕਚਹਿਰੀਆਂ ਦਾ ਮੁੱਖ ਗੇਟ ਬੰਦ ਕਰਕੇ ਡਿਪਟੀ ਕਮਿਸ਼ਨਰ ਸਮੇਤ ਸਾਰੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਦਾ ਘਿਰਾਓ ਕੀਤਾ ਗਿਆ। ਇਸ ਘਿਰਾਓ ਤੋਂ ਬਾਅਦ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਦੋ ਘੰਟਿਆਂ ਬਾਅਦ ਮਾਨਸਾ ਦੇ ਐਸਡੀਐਮ ਨੇ ਇਕੱਠ ਵਿੱਚ ਮਜ਼ਦੂਰਾਂ ਦੀਆਂ ਤਕਲੀਫ਼ਾਂ ਸਬੰਧੀ ਸਾਰੇ ਅਧਿਕਾਰੀਆਂ ਦੀ 4 ਨਵੰਬਰ ਨੂੰ ਪੈਨਲ ਮੀਟਿੰਗ ਕਰਵਾਉਣ ਦੇ ਭਰੋਸੇ ਤੋਂ ਬਾਅਦ ਮਜ਼ਦੂਰਾਂ ਨੇ ਜ਼ਿਲ੍ਹਾ ਕਚਿਹਰੀਆਂ ਦਾ ਘਿਰਾਓ ਖ਼ਤਮ ਕੀਤਾ। ਜਥੇਬੰਦੀ ਨੇ ਐਲਾਨ ਕੀਤਾ ਕਿ ਜੇਕਰ ਮਿਥੇ ਸਮੇਂ ’ਤੇ ਅਧਿਕਾਰੀਆਂ ਨੇ ਮਜ਼ਦੂਰਾਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟਿਆ ਤਾਂ 5 ਦਸੰਬਰ ਨੂੰ ਮਾਨਸਾ ਦੀ ਅਦਾਲਤ ਵਿਖੇ ਪੇਸ਼ੀ ਭੁਗਤਣ ਆ ਰਹੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਜ਼ਿਲ੍ਹਾ ਕਚਹਿਰੀਆਂ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੇ ਧਰਨੇ ਨਾਲ ਗੱਲਬਾਤ ਕਰਨ ਦੀ ਥਾਂ, ਉਲਟਾ ਉਨ੍ਹਾਂ ਦਾ ਪਾਣੀ ਬੰਦ ਕਰਕੇ, ਧਰਨਾਕਾਰੀਆਂ ਲਈ ਪ੍ਰੇਸ਼ਾਨੀਆਂ ਪੈਦਾ ਕੀਤੀਆਂ ਜਾਣ ਲੱਗੀਆਂ ਹਨ, ਜਿਸ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਦੋਗਲਾ ਚਿਹਰਾ ਸੱਤ ਮਹੀਨਿਆਂ ਦੇ ਅੰਦਰ ਹੀ ਲੋਕ ਸਾਹਮਣੇ ਨੰਗਾ ਹੋ ਚੁੱਕਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਤੇ ਪ੍ਰਸ਼ਾਸਨ ਜੋ ਮਰਜ਼ੀ ਚਾਲ ਚੱਲ ਲਵੇ, ਪਰ ਮਜ਼ਦੂਰਾਂ ਏਡੀਸੀ ਦਫ਼ਤਰ ਸਾਹਮਣੇ ਪੱਕਾ ਧਰਨਾ ਮੰਗਾਂ ਦੀ ਪ੍ਰਾਪਤੀ ਤੱਕ ਜਾਰੀ ਰਹੇਗਾ।
ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਰਾਜਵਿੰਦਰ ਸਿੰਘ ਰਾਣਾ, ਮਨਜੀਤ ਕੌਰ ਜੋਗਾ, ਜਰਨੈਲ ਮਾਨਸਾ, ਤਰਸੇਮ ਖ਼ਾਲਸਾ, ਜੀਤ ਬੋਹਾ, ਸੁਖਵਿੰਦਰ ਬੋਹਾ, ਕੇਵਲ ਅਕਲੀਆ, ਭੋਲਾ ਸਿੰਘ ਸਮਾਓ, ਗੁਰਨਾਮ ਸਿੰਘ ਨੇ ਵੀ ਸੰਬੋਧਨ ਕੀਤਾ।