ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਮਾਰਚ
ਇੱਥੇ ਰੂਸ-ਯੁੂਕਰੇਨ ਜੰਗ ਵਿਰੁੱਧ ਜਨਤਕ ਜਥੇਬੰਦੀਆਂ ਨੇ ਰੋਸ ਰੈਲੀ ਕਰ ਕੇ ਜਿੱਥੇ ਰੂਸੀ ਹਾਕਮਾਂ ਨੂੰ ਯੁੂਕਰੇਨ ’ਚੋਂ ਫੌਜ ਵਾਪਸ ਸੱਦਣ ਦੀ ਮੰਗ ਕੀਤੀ, ਉੱਥੇ ਹੀ ਰੋਸ ਮਾਰਚ ਕਰਕੇ ਸਾਮਰਾਜ ਵਿਰੋਧੀ ਤਾਕਤਾਂ ਖ਼ਿਲਾਫ਼ ਜੱਦੋ- ਜਹਿਦ ਤੇਜ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਰਧਾਨ ਤਾਰਾ ਸਿੰਘ, ਸੂਬਾ ਕਮੇਟੀ ਆਗੂ ਮਾਸਟਰ ਦਰਸ਼ਨ ਸਿੰਘ ਤੂਰ, ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ, ਬੀਕੇਯੂ ਕਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਵੈਰੋਕੇ, ਕਰਾਂਤੀਕਾਰੀ ਪੇਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵੀਰ ਸਿੰਘ ਲੱਖਾ ਅਤੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਸਰਬਜੀਤ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਹਕੂਮਤਾਂ ਵੱਲੋਂ ਲੜੀ ਜਾ ਰਹੀ ਇਸ ਜੰਗ ਵਿਚ ਆਮ ਲੋਕਾਂ ਦਾ ਘਾਣ ਹੋ ਰਿਹਾ ਹੈ ਤੇ ਵੱਡੀ ਗਿਣਤੀ ਵਿੱਚ ਲੋਕ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਇਹ ਵਿਸ਼ਵ ਯੁੱਧ ਬਣੇ, ਜੰਗ ਨੂੰ ਵਿਸ਼ਰਾਮ ਦੇ ਦੇਣਾ ਚਾਹੀਦਾ ਹੈ। ਇਹ ਵੀ ਮੰਗ ਕੀਤੀ ਗਈ ਕਿ ਯੂਕਰੇਨ ਵਿਚ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਤੇ ਹੋਰ ਲੋਕਾਂ ਨੂੰ ਵਾਪਸ ਭਾਰਤ ਲਿਆਉਣ ਲਈ ਕੇਂਦਰ ਸਰਕਾਰ ਵੱਲੋਂ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਰੂਸੀ ਫੌਜਾਂ ਵੱਲੋਂ ਵਿਦਿਆਰਥੀਆਂ ਨੂੰ ਸੁਰੱਖਿਅਤ ਲਾਂਘਾ ਮੁਹੱਈਆ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੰਗ ਸਾਮਰਾਜੀਆਂ ਦੇ ਭੇੜ ਦਾ ਸਿੱਟਾ ਹੈ, ਜਿਸ ਵਿੱਚ ਆਮ ਲੋਕਾਂ ਦਾ ਕਚੂੰਮਰ ਨਿਕਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੰਗ ਦਾ ਜਿੰਨਾ ਵਿਰੋਧ ਕੀਤਾ ਜਾਵੇਗਾ ਓਨਾ ਘੱਟ ਹੈ।