Punjab Farmers Protest: ਕਿਸਾਨਾਂ ਨੇ ਡੀ ਸੀ ਦਫ਼ਤਰਾਂ ਨੂੰ ਜਿੰਦਰੇ ਲਾਏ
ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਵੱਲੋਂ ਡੀ ਸੀ ਦਫ਼ਤਰਾਂ ਵਾਲੇ ਮੁੱਖ ਗੇਟਾਂ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਵੱਲੋਂ ਬੀਤੀ ਰਾਤ ਤੋਂ ਇਹ ਐਕਸ਼ਨ ਗੁਪਤ ਰੱਖਿਆ ਗਿਆ ਸੀ। ਮੁੱਖ ਗੇਟਾਂ ਨੂੰ ਰੋਕਣ...
ਮਾਲਵੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਭਾਰਤੀ ਕਿਸਾਨ ਯੂਨੀਅਨ (ਏਕਤਾ)- ਉਗਰਾਹਾਂ ਵੱਲੋਂ ਡੀ ਸੀ ਦਫ਼ਤਰਾਂ ਵਾਲੇ ਮੁੱਖ ਗੇਟਾਂ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਵੱਲੋਂ ਬੀਤੀ ਰਾਤ ਤੋਂ ਇਹ ਐਕਸ਼ਨ ਗੁਪਤ ਰੱਖਿਆ ਗਿਆ ਸੀ। ਮੁੱਖ ਗੇਟਾਂ ਨੂੰ ਰੋਕਣ ਦੀ ਇਸ ਕਾਰਵਾਈ ਨੇ ਪੁਲੀਸ ਪ੍ਰਬੰਧ ਹਿਲਾ ਕੇ ਰੱਖ ਦਿੱਤੇ ਅਤੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਪਹਿਲਾਂ ਜਦੋਂ ਸਫ਼ਾਈ ਸੇਵਕਾਂ ਨੂੰ ਵੀ ਅੰਦਰ ਨਾ ਜਾਣ ਦਿੱਤਾ ਗਿਆ ਤਾਂ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਐਕਸ਼ਨ ਨੂੰ ਗੰਭੀਰਤਾ ਨਾਲ ਲਿਆ ਹੈ। ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਹੋਈ ਇਸ ਕਾਰਵਾਈ ਤੋਂ ਮਗਰੋਂ ਸਰਕਾਰ ਨੇ ਜਥੇਬੰਦੀ ਦੀ ਸੂਬਾਈ ਟੀਮ ਨਾਲ ਗੱਲਬਾਤ ਕੀਤੀ। ਇਸ ਵਿੱਚ ਫ਼ੈਸਲਾ ਹੋਇਆ ਕਿ 13 ਅਕਤੂਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਈ ਜਾਵੇਗੀ। ਇਸ ਤੋਂ ਬਾਅਦ ਮਾਨਸਾ ਸਣੇ ਹੋਰਨਾਂ ਜ਼ਿਲ੍ਹਿਆਂ ਦੇ ਪ੍ਰਬੰਧੀ ਕੰਪਲੈਕਸਾਂ ਦਾ ਘਿਰਾਓ ਖ਼ਤਮ ਕਰ ਦਿੱਤਾ ਗਿਆ।
ਇਸ ਘਿਰਾਓ ਦੀ ਸਮਾਪਤੀ ਤੋਂ ਬਾਅਦ ਕਿਸਾਨਾਂ ਵੱਲੋਂ ਕੀਤੀ ਗਈ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਕਿਸਾਨ ਵਿਰੋਧੀ ਸਮਝੌਤਾ ਨਾ ਕਰੇ ਅਤੇ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਲਵੇ, ਕਿਸਾਨਾਂ ਦੇ ਕਰਜ਼ੇ ਖ਼ਤਮ ਕੀਤੇ ਜਾਣ ਆਦਿ। ਅੱਜ ਜਸਵਿੰਦਰ ਬਹਾਦਰਪੁਰ, ਸਰੋਜ ਰਾਣੀ ਦਿਆਲਪੁਰਾ, ਭੋਲਾ ਸਿੰਘ ਮਾਖਾ, ਇੰਦਰਜੀਤ ਸਿੰਘ ਝੱਬਰ, ਉਤਮ ਸਿੰਘ ਰਾਮਾਂਨੰਦੀ, ਮਹਿੰਦਰ ਸਿੰਘ ਰੋਮਾਣਾ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਬਿੰਦਰ ਸਿੰਘ ਝੰਡਾ ਕਲਾਂ, ਕੁਲਦੀਪ ਸਿੰਘ ਚੌਚਹਰ, ਜਗਰਾਜ ਸਿੰਘ ਨੇ ਵੀ ਸੰਬੋਧਨ ਕੀਤਾ।
ਧਰਮਕੋਟ (ਹਰਦੀਪ ਸਿੰਘ): ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਅੱਜ ਦੂਜੇ ਦਿਨ ਵੀ ਡੀ ਸੀ ਦਫ਼ਤਰ ਦਾ ਘਿਰਾਓ ਜਾਰੀ ਰੱਖਿਆ ਹੋਇਆ ਹੈ। ਦਫ਼ਤਰ ਦੇ ਦੋਵਾਂ ਗੇਟਾਂ ਨੂੰ ਜਿੰਦਰੇ ਲਾ ਕੇ ਅਧਿਕਾਰੀਆਂ ਨੂੰ ਦਫਤਰ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੇਕੇ, ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੋਰ ਸਿੰਘ ਘੱਲਕਲਾਂ, ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਕੌਰ ਕੁੱਸਾ ਅਤੇ ਬਲਾਕ ਮੋਗਾ ਦੇ ਪ੍ਰਧਾਨ ਇਕਬਾਲ ਸਿੰਘ ਨੇ ਕਿਹਾ ਕਿ ਪੰਜਾਬ ਹੋਵੇ ਜਾਂ ਕੇਂਦਰ ਸਰਕਾਰ, ਦੋਵੇਂ ਸਰਕਾਰਾਂ ਵਿੱਚ ਕੋਈ ਫ਼ਰਕ ਨਹੀਂ ਹੈ। ਇਸ ਮੌਕੇ ਕਿਸਾਨ ਆਗੂ ਜੰਗੀਰ ਸਿੰਘ ਹਿੰਮਤਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾ ਵਾਲਾ, ਜਸਵਿੰਦਰ ਸਿੰਘ ਘੱਲਕਲਾਂ, ਜਗਜੀਤ ਸਿੰਘ ਕੋਕਰੀ ਕਲਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਬਲਾਕਾਂ ਦੇ ਕਿਸਾਨ ਹਾਜ਼ਰ ਸਨ।
ਬਠਿੰਡਾ (ਸ਼ਗਨ ਕਟਾਰੀਆ): ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਇੱਥੇ ਡੀ ਸੀ ਦਫ਼ਤਰ ਦਾ ਕੀਤਾ ਦੋ ਰੋਜ਼ਾ ਘਿਰਾਓ ਅੱਜ ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਮੀਟਿੰਗ ਦਾ ਲਿਖਤੀ ਸੱਦਾ ਮਿਲਣ ਮਗਰੋਂ ਮੁਲਤਵੀ ਕਰ ਦਿੱਤਾ ਗਿਆ। ਦੂਜੇ ਦਿਨ ਕਿਸਾਨਾਂ ਨੇ ਸਵੇਰ ਤੋਂ ਹੀ ਡੀਸੀ ਦਫ਼ਤਰ ਦੇ ਸਾਰੇ ਗੇਟਾਂ ਦਾ ਮੁਕੰਮਲ ਘਿਰਾਓ ਕਰਕੇ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਅੰਦਰ ਨਹੀਂ ਜਾਣ ਦਿੱਤਾ। ਲੰਘੀ ਰਾਤ ਔਰਤਾਂ ਨੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਡੀ ਸੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ। ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਸਰਕਾਰ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ ਨਾਲ 13 ਅਕਤੂਬਰ ਨੂੰ ਮੀਟਿੰਗ ਦਾ ਲਿਖਤੀ ਸੱਦਾ ਦਿੱਤਾ ਗਿਆ ਹੈ। ਇਸ ਕਰਕੇ ਅਗਲੇ ਐਲਾਨ ਅਤੇ ਕਾਰਵਾਈ ਨੂੰ ਉਦੋਂ ਤੱਕ ਰੋਕਦਿਆਂ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।
ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਹਰਿੰਦਰ ਬਿੰਦੂ, ਕਰਮਜੀਤ ਕੌਰ, ਮਾਲਣ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਹਰਜਿੰਦਰ ਬੱਗੀ, ਜਗਸੀਰ ਝੁੰਬਾ ਆਦਿ ਨੇ ਸੰਬੋਧਨ ਕੀਤਾ।
ਬਰਨਾਲਾ (ਪਰਸ਼ੋਤਮ ਬੱਲੀ): ਬੀ ਕੇ ਯੂ (ਏਕਤਾ)-ਉਗਰਾਹਾਂ ਜ਼ਿਲ੍ਹਾ ਬਰਨਾਲਾ ਨੇ ਅੱਜ ਡੀ ਸੀ ਦਫ਼ਤਰ ਅੱਗੇ ਲਾਏ ਧਰਨੇ ਦੌਰਾਨ ਕਿਸੇ ਮੁਲਾਜ਼ਮ ਨੂੰ ਦਫ਼ਤਰ ਅੰਦਰ ਨਹੀਂ ਵੜਨ ਦਿੱਤਾ ਗਿਆ। ਰਾਤੀਂ ਕਰੀਬ 12 ਵਜੇ ਮੁੱਖ ਮੰਤਰੀ ਦੇ ਪੁਤਲੇ ਸਾੜ ਕੇ ਸੁੱਤੀਆਂ ਬੀਬੀਆਂ ਸੁਵਖਤੇ ਫੇਰ ਕੰਪਲੈਕਸ ਅੰਦਰਲੇ ਦਫ਼ਤਰਾਂ ਦੀ ਨਾਕਾਬੰਦੀ ’ਤੇ ਡਟ ਗਈਆਂ। ਡੀ ਸੀ ਕੰਪਲੈਕਸ ਬਰਨਾਲਾ ਦੇ ਸਾਰੇ ਦਫ਼ਤਰ ਸਣੇ ਐੱਸ ਐੱਸ ਪੀ ਦਫ਼ਤਰਾਂ ਦਾ ਮੁਕੰਮਲ ਘਿਰਾਓ ਕੀਤਾ ਤੇ ਕੋਈ ਵੀ ਮੁਲਾਜ਼ਮ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ।
ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ ਅਤੇ ਹਰਦੀਪ ਸਿੰਘ ਟੱਲੇਵਾਲ ਨੇ ਕਿਹਾ ਕਿ ਕੇਂਦਰੀ ਹਾਕਮਾਂ ਵਾਂਗ ਮੁੱਖ ਮੰਤਰੀ ਪੰਜਾਬ ਨੇ ਵੀ ਕਿਸਾਨ ਮਜ਼ਦੂਰ ਮੰਗਾਂ ਤੋਂ ਟਾਲਾ ਵੱਟ ਟਾਇਮ ਟਪਾ ਰਹੇ ਹਨ। ਬੁਲਾਰਿਆਂ ਕਿਹਾ ਕਿ ਲੋਕ ਏਕੇ ਨਾਲ ਹੀ ਇਨ੍ਹਾਂ ਨੀਤੀਆਂ ਦਾ ਰੁਖ਼ ਜਨਤਾ ਵੱਲ ਮੋੜਿਆ ਜਾ ਸਕਦਾ ਹੈ। ਅਖ਼ੀਰ ਸੂਬਾਈ ਆਗੂ ਰੂਪ ਸਿੰਘ ਛੰਨਾਂ ਨੇ ਜਥੇਬੰਦੀ ਨੂੰ ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਪੰਜਾਬ ਭਵਨ ਵਿੱਚ ਮੰਤਰੀਆਂ ਨਾਲ ਮੀਟਿੰਗ ਨਿਸ਼ਚਿਤ ਹੋਣ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਰਜ਼ੀ ਤੌਰ ’ਤੇ ਘਿਰਾਓ ਸਮਾਪਤ ਕਰਨ ਦਾ ਐਲਾਨ ਕੀਤਾ।
ਅੱਜ ਦੇ ਧਰਨੇ ’ਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਦਰਸ਼ਨ ਸਿੰਘ ਭੈਣੀ, ਕਨਵੀਨਰ ਕਮਲਜੀਤ ਕੌਰ ਬਰਨਾਲਾ, ਲਖਬੀਰ ਕੌਰ ਧਨੌਲਾ, ਅਮਰਜੀਤ ਕੌਰ ਬਡਬਰ, ਬਿੰਦਰ ਪਾਲ ਕੌਰ ਭਦੌੜ, ਮਨਜੀਤ ਕੌਰ ਕਾਨ੍ਹੇਕੇ ਤੇ ਸੁਖਦੇਵ ਕੌਰ ਠੁੱਲੀਵਾਲ ਆਦਿ ਹਾਜ਼ਰ ਸਨ।
ਡੀ ਸੀ ਦੀ ਰਿਹਾਇਸ਼ ਅੱਗੇ ਸਖ਼ਤ ਸੁਰੱਖਿਆ ਪ੍ਰਬੰਧ
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਬੀ ਕੇ ਯੂ (ਏਕਤਾ)-ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਅੱਜ ਦੂਜੇ ਦਿਨ ਵੀ ਡੀ ਸੀ ਦਫ਼ਤਰ ਦੇ ਸਾਰੇ ਗੇਟ ਬੰਦ ਕਰ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕੋਈ ਵੀ ਅਧਿਕਾਰੀ ਦਫ਼ਤਰ ਵਿੱਚ ਨਹੀਂ ਪੁੱਜਾ। ਇਸ ਕਰ ਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬੀਤੀ ਰਾਤ ਕਰੀਬ 10 ਵਜੇ ਜਥੇਬੰਦੀ ਨੇ ਡੀ ਸੀ ਦੀ ਕੋਟਕਪੂਰਾ ਸਥਿਤ ਰਿਹਾਇਸ਼ ਅੱਗੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਜ਼ਾਹਰ ਕੀਤਾ। ਇਸ ਦੌਰਾਨ ਪੁਲੀਸ ਵੱਲੋਂ ਡੀ ਸੀ ਦੀ ਰਿਹਾਇਸ਼ ਅੱਗੇ ਸੁਰੱਖਿਆ ਅਤੇ ਅੱਗ ਬੁਝਾਊ ਦਸਤੇ ਵੀ ਤਾਇਨਾਤ ਕੀਤੇ ਹੋਏ ਸਨ। ਜਥੇਬੰਦੀ ਦੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਆਖਿਆ ਕਿ ਵਿਧਾਨ ਸਭਾ ਸੈਸ਼ਨ ਵਿੱਚ ਲੈਂਡ ਪੂਲਿੰਗ ਨੀਤੀ ਰੱਦ ਕਰਨ ਦਾ ਮਤਾ ਪਾਸ ਕੀਤਾ ਜਾਵੇ ਅਤੇ ਖੇਤਾਂ ਵਿੱਚ ਮੈਪ ਪੈਮਾਇਸ਼ ਡਰੋਨ ਚਲਾਉਣੇ ਬੰਦ ਕੀਤੇ ਜਾਣ। ਇਸ ਮੌਕੇ ਵੱਡੀ ਗਿਣਤੀ ਕਿਸਾਨ ਮਜ਼ਦੂਰ ਹਾਜ਼ਰ ਸਨ।

