ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ: ਥਿੰਦ
ਚੇਅਰਮੈਨ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਮਲਕੀਤ ਸਿੰਘ ਥਿੰਦ ਵੱਲੋਂ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ
ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਇਨ੍ਹਾਂ ਸ਼੍ਰੇਣੀਆਂ ਲਈ ਵਿਦਿਅਕ ਅਤੇ ਹੋਰ ਖੇਤਰਾਂ 'ਚ ਸੁਵਿਧਾਵਾਂ ਅਤੇ ਸਕੀਮਾਂ ਦਾ ਲਾਭ ਦੇ ਰਹੀ ਹੈ। ਚੇਅਰਮੈਨ ਥਿੰਦ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਆਪਣੇ ਪਲੇਠੇ ਦੌਰੇ 'ਤੇ ਪੁੱਜੇ ਸਨ ਜਿਸ ਦੌਰਾਨ ਉਨ੍ਹਾਂ ਪੱਛੜੀਆਂ ਸ਼੍ਰੇਣੀਆਂ ਲਈ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਸਮੀਖਿਆ ਕੀਤੀ।
ਉਨ੍ਹਾਂ ਜ਼ਿਲ੍ਹਾ ਬਰਨਾਲਾ ਵਿੱਚ ਇਸ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਨੂੰ ਤਸੱਲੀਬਖਸ਼ ਦੱਸਦਿਆਂ ਕਿਹਾ ਕਿ ਇਸ ਸ਼੍ਰੇਣੀ ਦੇ ਵਿਦਿਆਰਥੀਆਂ ਨੂੰ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਵਜ਼ੀਫ਼ੇ ਦਿੱਤੇ ਜਾਂਦੇ ਹਨ, ਜਿਸ ਦੀ ਮਦਦ ਨਾਲ ਬੱਚੇ ਆਪਣਾ ਭਵਿੱਖ ਸੁਨਿਹਰੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੇ ਜਾਤੀ ਸਰਟੀਫਿਕੇਟ ਬਣਾਉਣ 'ਚ ਦਿੱਕਤ ਦਰਪੇਸ਼ ਆ ਰਹੀ ਹੈ ਜਿਸ ਬਾਰੇ ਉਨ੍ਹਾਂ ਪੰਜਾਬ ਸਰਕਾਰ ਅਤੇ ਕੌਮੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਜਾਣੂ ਕਰਵਾਇਆ ਹੈ ਅਤੇ ਇਸ ਦੇ ਹੱਲ ਲਈ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਇਸ ਸ਼੍ਰੇਣੀ ਨਾਲ ਸਬੰਧਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਇਨ੍ਹਾਂ ਭਲਾਈ ਸਕੀਮਾਂ ਦੇ ਲਾਹੇ ਤੋਂ ਵਾਂਝੇ ਨਾ ਰਹੇ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਜ਼ਿਲ੍ਹਾ ਭਲਾਈ ਦਫ਼ਤਰ ਦੇ ਬਾਹਰ ਇਨ੍ਹਾਂ ਸਕੀਮਾਂ ਸਬੰਧੀ ਬੋਰਡ ਲਗਾਏ ਜਾਣ ਤਾਂ ਜੋ ਆਮ ਲੋਕਾਂ ਕੋਲ ਹਰ ਇੱਕ ਸਕੀਮ ਬਾਰੇ ਜਾਣਕਾਰੀ ਹੋਵੇ।