ਪੰਜਾਬ ਸਰਕਾਰ ਵੱਲੋਂ ਹੁਣ ਕਿਸਾਨਾਂ ਦੀ ਹਮਦਰਦੀ ਹਾਸਲ ਕਰਨ ਵਾਸਤੇ ਆ ਰਹੇ ਸਾਉਣੀ ਦੀ ਫ਼ਸਲ ਦੇ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਨੂੰ ਛੇਤੀ ਖਰੀਦਣ ਲਈ ਅਗੇਤੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਵਾਰ ਪੰਜਾਬ ਵਿੱਚ ਪਹਿਲੀ ਦਫ਼ਾ ਝੋਨੇ ਦੀ ਖਰੀਦ ਸਰਕਾਰ ਵੱਲੋਂ ਦੋ ਹਫ਼ਤੇ ਪਹਿਲਾਂ 15 ਸਤੰਬਰ ਤੋਂ ਖਰੀਦਣ ਲਈ ਬਕਾਇਦਾ ਐਲਾਨ ਹੋ ਚੁੱਕਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਪਹਿਲੀ ਵਾਰ ਝੋਨੇ ਦੀ ਲੁਵਾਈ ਪਹਿਲੀ ਜੂਨ ਤੋਂ ਰਾਜ ਵਿੱਚ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਮੁੱਢਲੇ ਪ੍ਰਬੰਧ ਹੁਣ ਤੋਂ ਕਰਨ ਲਈ ਸਖ਼ਤ ਆਦੇਸ਼ ਦਿੱਤੇ ਗਏ ਹਨ, ਜਿਸ ਤਹਿਤ ਅੱਜ ਖਰੀਦ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਅਧਿਕਾਰੀਆਂ, ਆੜ੍ਹਤੀਆਂ ਅਤੇ ਢੋਆ-ਢੋਆਈ ਦੇ ਸਾਧਨਾਂ ਵਾਲੀਆਂ ਧਿਰਾਂ ਨਾਲ ਬਕਾਇਦਾ ਮੀਟਿੰਗਾਂ ਕੀਤੀਆਂ ਗਈਆਂ ਹਨ।
ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਅੱਜ ਮੀਟਿੰਗ ਕਰਦਿਆਂ ਕਿਹਾ ਕਿ ਇਸ ਸੀਜ਼ਨ ਦੌਰਾਨ ਕੰਬਾਇਨ ਮਾਲਕ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਦੇ ਵਿਚਕਾਰ ਹੀ ਝੋਨੇ ਦੀ ਵਾਢੀ ਕਰਨ ਤਾਂ ਜੋ ਫਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਅਤੇ ਮੰਡੀਆਂ ਵਿਚ ਫਸਲ ਲੈਕੇ ਆਉਣ ਵਾਲੇ ਕਿਸਾਨਾਂ ਨੂੰ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਈ ਕਿਸਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਦੇਰ ਸ਼ਾਮ ਤੱਕ ਵਾਢੀ ਕਰਵਾਉਂਦੇ ਹਨ, ਜਿਸ ਕਾਰਨ ਫਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਇਸ ਕਾਰਨ ਮੰਡੀਆਂ ਵਿਚ ਫਸਲ ਦੀ ਖਰੀਦ ਮੌਕੇ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।