ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ
ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਤੇ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਪੁਸ਼ਪਿੰਦਰ ਸਿੰਘ ਭੰਡਾਰੀ ਦੇ ਘਰ ਪੁੱਜੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਭਾਜਪਾ ਦਾ ਹੀ ਹੈ| ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ‘ਤੇ ਫੇਲ੍ਹ ਹੈ| ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਹਾਲਤ ਖਰਾਬ ਹੈ। ਸਰਕਾਰੀ ਕਰਮਚਾਰੀ ਧਰਨੇ ਦੇ ਰਹੇ ਹਨ ਤੇ ਕਿਸਾਨ ਸੜਕਾਂ ‘ਤੇ ਹਨ| ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਹੀ ਖਤਮ ਹੋ ਚੁੱਕਾ ਹੈ ਤੇ ਕਾਂਗਰਸ ਦਾ ਕੋਈ ਵਾਲੀ ਵਾਰਸ ਨਹੀਂ ਹੈ| ਇਸ ਲਈ ਭਾਜਪਾ ਹੀ ਲੋਕਾਂ ਦੀ ਪਸੰਦ ਹੈ| ਪੁਸ਼ਪਿੰਦਰ ਭੰਡਾਰੀ ਅਤੇ ਹੋਰ ਵਰਕਰਾਂ ਨੇ ਭਾਜਪਾ ਦਾ ਡਟ ਕੇ ਸਾਥ ਦੇਣ ਦਾ ਵਾਅਦਾ ਕੀਤਾ|
ਇਸ ਮੌਕੇ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ, ਭਾਰਤ ਭੂਸ਼ਨ ਬਿੰਟਾ ਤੇ ਹੋਰ ਆਗੂ ਵੀ ਮੌਜੂਦ ਸਨ|