ਜੋਗਿੰਦਰ ਸਿੰਘ ਮਾਨ
ਮਾਨਸਾ, 25 ਨਵੰਬਰ
ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਆਰੰਭ ਕੀਤੀ ਕੰਮ ਛੱਡੋ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਸਰਕਾਰ ਤੇ ਸਿਹਤ ਮੰਤਰੀ ਦਾ ਪਿੱਟ-ਸਿਆਪਾ ਕੀਤਾ ਗਿਆ। ਜਥੇਬੰਦਕ ਆਗੂਆਂ ਨੇ 30 ਨਵੰਬਰ ਨੂੰ ਪੰਜਾਬ ਸਰਕਾਰ ਵਿਰੁੱਧ ਖਰੜ ਵਿੱਚ ਰੋਸ ਰੈਲੀ ਲਈ ਜ਼ਿਲ੍ਹਾ ਭਰ ਵਿੱਚ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਭਾਗ ਲੈਣ ਲਈ ਪੂਰੇ ਜ਼ਿਲ੍ਹੇ ਦੇ ਐੱਨਐੱਚਐੱਮ ਕਰਮਚਾਰੀਆਂ ਵਿੱਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਆਗੂ ਜਗਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੇ ਐੱਨਐੱਚਐੱਮ ਕਰਮਚਾਰੀਆਂ ਨੇ ਰੋਸ ਧਰਨਿਆਂ ’ਤੇ ਬੈਠ ਕੇ ਰੋਸ ਰੈਲੀ ਸਬੰਧੀ ਤਿਆਰੀਆਂ ਦੀ ਯੋਜਨਾ ਬਣਾਈ ਹੈ ਤਾਂ ਕਿ ਪੰਜਾਬ ਸਰਕਾਰ ਦੇ ਐਲਾਨਾਂ ਦੀ ਪੋਲ ਖੋਲ੍ਹੀ ਜਾ ਸਕੇ।
ਬਰਨਾਲਾ (ਪਰਸ਼ੋਤਮ ਬੱਲੀ): ਕੌਮੀ ਸਿਹਤ ਮਿਸ਼ਨ (ਐੱਨਐੱਚਐੱਮ) ਤਹਿਤ ਸਿਹਤ ਵਿਭਾਗ ਪੰਜਾਬ ’ਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਅੱਜ ਵੀ ਜਾਰੀ ਰਹੀ। ਇਥੋਂ ਦੇ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ’ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਇੱਕਠ ਨੂੰ ਸੰਬੋਧਨ ਕਰਦਿਆਂ ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐੱਚਓ ਤੇ ਹਰਜੀਤ ਸਿੰਘ, ਰਾਕੇਸ਼ ਗਰਗ, ਰਣਧੀਰ ਸਿੰਘ, ਜਤਿੰਦਰ ਕੁਮਾਰ ਤੇ ਅਵਤਾਰ ਸਿੰਘ ਨੇ ਸੂਬਾ ਸਰਕਾਰ ’ਤੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਲਾਉਂਦਿਆਂ ਕੱਚਿਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ।
ਗਿੱਦੜਬਾਹਾ (ਦਵਿੰਦਰ ਮੋਹਨ ਬੇਦੀ): ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਆਪਣੀਆਂ ਮੰਗਾਂ ਸਬੰਧੀ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਐਨ.ਐਚ.ਐਮ. ਮੁਲਾਜ਼ਮਾਂ ਦੀ ਇੱਕ ਹੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ।
ਲੰਬੀ (ਇਕਬਾਲ ਸਿੰਘ ਸ਼ਾਂਤ): ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੇ ਅੱਜ ਲੰਬੀ ਵਿੱਚ ਚੰਨੀ ਸਰਕਾਰ ਦੇ ਫੋਕੇ ਐਲਾਨਾਂ ਦੀ ਪੰਡ ਸਾੜ ਕੇ ਤਿੱਖਾ ਵਿਰੋਧ ਜਤਾਇਆ। ਇਸ ਮੌਕੇ ਮੁਲਾਜਮਾਂ ਨੇ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਵੀ ਕੀਤੀ।