ਰਾਜਿੰਦਰ ਕੁਮਾਰ
ਬਲੂਆਣਾ (ਅਬੋਹਰ), 28 ਅਗਸਤ
ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ ਸੁਥਰਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਲਾਏ ਜਾ ਰਹੇ ਲਾਰਜ ਸਰਫੇਸ ਵਾਟਰ ਸਪਲਾਈ ਪ੍ਰਾਜੈਕਟ ਦੀ ਅੱਜ ਭੂਮੀ ਪੂਜਨ ਨਾਲ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਉਨ੍ਹਾਂ ਭੂਮੀ ਪੂਜਨ ਵਿੱਚ ਭਾਗ ਲਿਆ। ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅੰਮ੍ਰਿਤਦੀਪ ਸਿੰਘ ਭੱਠਲ ਤੇ ਐੱਸਡੀਓ ਰਤਨ ਜੋਤ ਸਿੰਘ ਢਿੱਲੋਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਵੀ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਮੌਕੇ ਜੋ ਗਾਰੰਟੀਆਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਨ੍ਹਾਂ ਵਿਚੋਂ ਦੋ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਚੋਣਾਂ ਮੌਕੇ ਉਨ੍ਹਾਂ ਵੱਲੋਂ ਹਲਕੇ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਅੱਜ ਪੂਰਾ ਕੀਤਾ ਗਿਆ ਹੈ। ਇਸ ਮੌਕੇ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਅਨਿਲ ਕੁਮਾਰ ਬਿੰਦ ਤੇ ਕਨਸਟਰੱਕਸ਼ਨ ਮੈਨੇਜਰ ਸੌਰਵ ਭੱਟ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੌਰਵ ਦੀਪ ਸਿੰਘ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਪ੍ਰਾਜੈਕਟ ਤਹਿਤ 122 ਪਿੰਡਾਂ ਨੂੰ ਮਿਲੇਗੀ ਸਹੂਲਤ
ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅੰਮ੍ਰਿਤਦੀਪ ਸਿੰਘ ਭੱਠਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 122 ਪਿੰਡਾਂ ਤੇ ਪੰਦਰਾਂ ਢਾਣੀਆਂ ਨੂੰ ਕਵਰ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ 6 ਲੱਖ 3 ਹਜ਼ਾਰ 202 ਲੋਕਾਂ ਨੂੰ ਕਵਰ ਕੀਤਾ ਜਾਵੇਗਾ ਤੇ ਹਰੇਕ ਘਰ ਤਕ ਨਿਰਵਿਘਨ ਸਾਫ ਸੁਥਰਾ ਪਾਣੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਲਾਗਤ 459 ਕਰੋੜ ਰੁਪਏ ਹੈ ਤੇ ਇਹ ਪ੍ਰਾਜੈਕਟ 30 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਬਾਅਦ ਲੋਕਾਂ ਨੂੰ ਪਾਣੀ ਸਬੰਧੀ ਕੋਈ ਸ਼ਿਕਾਇਤ ਨਹੀਂ ਰਹੇਗੀ।