ਪੰਜਾਬ ਦੇ ਸਿਹਤ ਮੰਤਰੀ Dr. Balbir Singh ਨੇ ਪਿੰਡ ਹਜ਼ਾਰਾ ਵਾਲਾ ਦਾ ਦੌਰਾ ਕੀਤਾ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਜ਼ਰੂਰੀ ਨਿਰਦੇਸ਼ ਦਿੱਤੇ
ਕਸਬਾ ਮਮਦੋਟ (ਫਿਰੋਜ਼ਪੁਰ) ਦੇ ਨਜ਼ਦੀਕੀ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਫੈਲੀ ਲੈਪਟੋਸਪਾਇਰੋਸਿਸ ਬਿਮਾਰੀ ਕਾਰਨ ਪਿੰਡ ਵਾਲਿਆਂ ਦਾ ਹਾਲ ਜਾਣਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਿੰਡ ਹਜ਼ਾਰਾ ਸਿੰਘ ਵਾਲਾ ’ਚ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ| ਇਸ ਮੌਕੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਅਤੇ ਡਾ. ਹਿਤੇਂਦਰ ਕੌਰ ਡਾਇਰੈਕਟਰ ਸਿਹਤ ਸੇਵਾਵਾਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ|
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਪਹੁੰਚ ਕੇ ਦੂਸ਼ਿਤ ਪਾਣੀ ਪੀਣ ਕਾਰਨ ਬਿਮਾਰ ਹੋਏ ਪਿੰਡ ਵਾਸੀਆਂ ਦੇ ਇਲਾਜ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਅਤੇ ਪਿੰਡ ਵਿੱਚ ਸਫ਼ਾਈ ਕਰਵਾਉਣ ਲਈ ਵੀ ਕਿਹਾ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਐੱਸ ਡੀ ਐੱਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ ਵੀ ਹਾਜ਼ਰ ਸਨ।
ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਪਿੰਡ ਵਿੱਚ ਮੈਡੀਕਲ ਕੈਂਪ, ਲੋਕਾਂ ਦੀ ਸਿਹਤ ਜਾਂਚ ਅਤੇ ਪੀਣ ਵਾਲਾ ਸਾਫ਼ ਪਾਣੀ ਹਰ ਵੇਲੇ ਮੁਹੱਈਆ ਹੋਣਾ ਚਾਹੀਦਾ ਹੈ| ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਪਿੰਡ ਵਿੱਚ ਬਿਮਾਰ ਹੋਏ ਲੋਕਾਂ ਦੀ ਸਥਿਤੀ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ|
ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਮਰੀਜ਼ਾਂ ਦੇ ਇਲਾਜ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਮਰੀਜ਼ਾਂ ਦਾ ਬਿਲਕੁਲ ਮੁਫਤ ਇਲਾਜ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਸਫ਼ਾਈ ਦਾ ਖਾਸ ਧਿਆਨ ਰੱਖਣ| ਇਸ ਮੌਕੇ ਪੱਤਰਕਾਰਾਂ ਵੱਲੋਂ ਇਸ ਪਿੰਡ ਵਿੱਚ ਉਕਤ ਬਿਮਾਰੀ ਕਾਰਨ ਹੋਈਆਂ ਤਿੰਨ ਮੌਤਾਂ ਤੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੇ ਜਾਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬਾਰੇ ਜਲਦੀ ਫ਼ੈਸਲਾ ਲਵੇਗੀ।
ਇਸ ਮੌਕੇ ਡਾ. ਅਵਨੀਸ਼ ਕੁਮਾਰ ਡੀ ਆਰ ਐੱਮ ਈ, ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫਿਰੋਜ਼ਪੁਰ, ਡਾ. ਮਨਮੀਤ ਕੌਰ ਸਟੇਟ ਪ੍ਰੋਗਰਾਮ ਅਫ਼ਸਰ ਆਈ ਡੀ ਐੱਸ ਪੀ, ਡਾ. ਦੀਪਤੀ ਸ਼ਰਮਾ ਸਟੇਟ ਐਪੀਡੀਮੋਲੋਜਿਸਟ ਆਈ ਡੀ ਐੱਸ ਪੀ, ਮੇਜਰ ਸਿੰਘ ਪਰਿਸ਼ਦ ਮੈਂਬਰ, ਬਲਰਾਜ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

