ਗੁਰਵਿੰਦਰ ਸਿੰਘ
ਰਾਮਪੁਰਾ ਫੂਲ, 20 ਅਕਤੂਬਰ
ਰਾਸ਼ਨ ਡਿਪੂ ਹੋਲਡਰ ਫੈੱਡਰੇਸ਼ਨ ਆਫ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸਥਾਨਕ ਸ਼ਹਿਰ ਦੇ ਰਾਮਬਾਗ਼ ਸ਼ਾਂਤੀ ਹਾਲ ਵਿਚ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਦੀ ਅਗਵਾਈ ਹੇਠ ਹੋਈ। ਇਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਡਿਪੂ ਹੋਲਡਰ ਪਹੁੰਚੇ ਤੇ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਸਰਕਾਰ ਵੱਲੋਂ ਕੀਤੀ ਵਾਅਦਾਖ਼ਿਲਾਫ਼ੀ ਕਾਰਨ ਰੋਸ ਪ੍ਰਗਟਾਇਆ ਅਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ।
ਸੂਬਾ ਪ੍ਰਧਾਨ ਸ੍ਰੀ ਕਾਂਝਲਾ ਨੇ ਮੌਜੂਦਾ ਦੌਰ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਸ਼ਾਮਲ ਹੋਣ ਅਤੇ ਡੀਪੂ ਹੋਲਡਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਨੂੰ ਘੇਰਨ ਦਾ ਐਲਾਨ ਕੀਤਾ। ਕਾਂਝਲਾ ਨੇ ਕਿਹਾ ਕਿ ਡਿਪੂ ਹੋਲਡਰਾਂ ਦੇ ਸਮਰਥਨ ਨਾਲ ਬਣੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਮੰਨਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਕਰੋਨਾ ਦੌਰਾਨ ਡਿਪੂ ਹੋਲਡਰਾਂ ਨੇ ਫਰੰਟ ਲਾਈਨ ’ਤੇ ਰਹਿ ਕੇ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਿਆ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਅਗਲੇ ਪ੍ਰੋਗਰਾਮ ਤਹਿਤ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੀ ਸ਼ੁਰੂਆਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਤੋਂ ਕੀਤੀ ਜਾਵੇਗੀ।