ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ ਸੀ ਦਫ਼ਤਰ ਮੂਹਰੇ ਪ੍ਰਦਰਸ਼ਨ
ਪੰਜਾਬ ਸਟੂਡੈਂਟਸ ਯੂਨੀਅਨ (ਪੀ ਐੱਸ ਯੂ) ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈਕੇ ਅੱਜ ਡੀ ਸੀ ਦਫਤਰ ਮਾਨਸਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਜਥੇਬੰਦੀ ਦੀ ਅਗਵਾਈ ਵਿੱਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਸਰਕਾਰੀ ਆਈਟੀਆਈ ਮਾਨਸਾ ਦੇ ਵਿਦਿਆਰਥੀ ਸ਼ਾਮਲ ਹੋਏ। ਪ੍ਰਦਰਸ਼ਨ ਤੋਂ ਬਾਅਦ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ।
ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ਕਨਵੀਨਰ ਅਰਵਿੰਦਰ ਕੌਰ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਰਾਸ਼ਟਰੀ ਸਿੱਖਿਆ ਨੀਤੀ-2020 ਨੇ ਰਾਜਾਂ ਦੇ ਅਧਿਕਾਰਾਂ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਵਰਤੀ ਸੂਚੀ ਦਾ ਵਿਸ਼ਾ ਹੋਣ ਦੇ ਬਾਵਜੂਦ ਵੀ ਇਹ ਸਿੱਖਿਆ ਨੀਤੀ ਬਣਾਉਣ ਵਿੱਚ ਰਾਜ ਸਰਕਾਰਾਂ ਦੀ ਕੋਈ ਭਾਗੀਦਾਰੀ ਨਹੀਂ ਹੈ, ਹਾਲਾਂਕਿ ਸਿੱਖਿਆ ਵਿੱਚ 75 ਫੀਸਦੀ ਤੋਂ ਵੱਧ ਫੰਡ ਰਾਜ ਸਰਕਾਰਾਂ ਅਦਾ ਕਰਦੀਆਂ ਹਨ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਵਿਦਿਆਰਥੀਆਂ ਨੂੰ ਨਵੀਂ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਨੁਸਾਰ ਵਿਸ਼ਿਆਂ ਦੀ ਗਿਣਤੀ 5 ਨਾਲੋਂ ਵੱਧ ਕੇ 9 ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜਿਸ ਵਿੱਚ ਮੇਜਰ-ਮਾਈਨਰ ਵਿਸ਼ੇ, ਲਾਜ਼ਮੀ ਵਿਸ਼ੇ, ਮੁੱਲ-ਵਰਧਿਤ ਕੋਰਸ, ਹੁਨਰ-ਵਿਕਾਸ ਕੋਰਸ, ਅੰਤਰ-ਅਨੁਸ਼ਾਸਨੀ ਅਤੇ ਬਹੁ-ਅਨੁਸ਼ਾਸਨੀ ਕੋਰਸ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ਿਆਂ ਨੂੰ ਪੜ੍ਹਾਉਣ ਲਈ ਕਾਲਜਾਂ ਕੋਲ ਨਾ ਤਾਂ ਕੋਈ ਢੁਕਵੇਂ ਪ੍ਰਬੰਧ ਹਨ ਅਤੇ ਨਾ ਹੀ ਪੂਰੇ ਅਧਿਆਪਕ ਹਨ ਜਿਸ ਕਾਰਨ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਸਕਦੀਆਂ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਤਹਿਤ ਵਾਧੂ ਵਿਸ਼ੇ ਰੱਦ ਕਰਨ,ਪੰਜਾਬ ਵਾਸੀਆਂ ਨੂੰ ਨੌਕਰੀਆਂ ਵਿੱਚ 90 ਫੀਸਦੀ ਰਾਖਵਾਂਕਰਨ ਦੇਣ ਦਾ ਕਾਨੂੰਨ ਬਣਾਉਣ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪ੍ਰੀਖਿਆ ਫੀਸਾਂ ਵਿੱਚ ਕੀਤਾ ਵਾਧਾ ਵਾਪਸ ਲੈਣ, ਵਿਦਿਅਕ ਸੰਸਥਾਵਾਂ ਅੱਗੇ ਬੱਸਾਂ ਰੋਕਣਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਰੇਸ਼ਮਾ ਕੌਰ, ਸਨਦੀਪ ਕੌਰ, ਜਸ਼ਨਦੀਪ ਸਿੰਘ, ਲਖਵਿੰਦਰ ਸਿੰਘ, ਸਾਹਿਲਦੀਪ ਸਿੰਘ, ਜਗਦੇਵ ਸਿੰਘ, ਹਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।