ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਇਥੇ ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਵਰਕੌਮ ਵੱਲੋਂ ਮੀਟਰ ਲਾਉਣ ਕੀਤੀ ’ਚ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਵਿਭਾਗੀ ਮੁਖੀਆਂ ਨੂੰ ਲੇਟ ਆਉਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ। ਕਮੇਟੀ ਨੇ ਮੌਜੂਦਾ ਸਰਕਾਰ ਬਣਨ ਬਾਅਦ ਫਰਵਰੀ-2022 ਤੋਂ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਪ੍ਰਾਪਤ, ਅਣਵਰਤੇ ਫੰਡਾਂ ਅਤੇ ਕੀਤੇ ਗਏ ਕੰਮਾਂ ਦੀ ਸਮੀਖਿਆ ਰਿਪੋਰਟ ਪ੍ਰਾਪਤ ਕੀਤੀ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਰਾਣਾ ਗੁਰਜੀਤ ਸਿੰਘ, ਹਾਕਮ ਸਿੰਘ ਠੇਕੇਦਾਰ, ਹਰਦੇਵ ਸਿੰਘ ਲਾਡੀ, ਜੀਵਨ ਸਿੰਘ ਸੰਗੋਵਾਲ, ਰਜਨੀਸ਼ ਕੁਮਾਰ ਦਹੀਆ, ਡਾ. ਸੁਖਵਿੰਦਰ ਕੁਮਾਰ ਸੁਖੀ, ਅੰਮ੍ਰਿਤਪਾਲ ਸਿੰਘ ਸੁਖਾਨੰਦ ਤੇ ਵਿਧਾਇਕ ਲਾਭ ਸਿੰਘ ਉੱਗੋਕ ਨੇ ਸ਼ਿਰਕਤ ਕੀਤੀ।
ਕਮੇਟੀ ਨੇ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਇਆ ਜਾਵੇ ਤੇ ਜੌਬ ਕਾਰਡਾਂ ਜਾਂ ਹੋਰ ਮਗਨਰੇਗਾ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਏ ਫੰਡਾਂ ਬਾਰੇ ਰਿਪੋਰਟ ਪ੍ਰਾਪਤ ਕੀਤੀ। ਕਮੇਟੀ ਨੇ ਅਧਿਕਾਰੀਆਂ ਨੂੰ ਹਦਾਇਤਾ ਦਿੱਤੀਆਂ ਕਿ ਮਹੀਨੇ ਵਿੱਚ ਘੱਟ ਤੋਂ ਘੱਟ ਦੋ ਵਾਰ ਆਪਣੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਅਤੇ ਲੇਟ ਆਉਣ ਵਾਲੇ ਮੁਲਾਜ਼ਮਾਂ ਤੇ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ।
ਡੀਸੀ ਸਾਗਰ ਸੇਤੀਆ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁਹੰਚਾਇਆ ਜਾਵੇਗਾ। ਇਸ ਮੌਕੇ ਐਸਐੱਸਪੀ ਅਜੇ ਗਾਂਧੀ ਤੇ ਹੋਰ ਮੌਜੂਦ ਸਨ।