ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਬਜਾਏ 10 ਅਕਤੂਬਰ ਤੋਂ ਕਰਨ ਦੇ ਫੈਸਲੇ ਖਿਲਾਫ਼ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਨ ਦੇ ਫੈਸਲੇ ਅਨੁਸਾਰ ਅੱਜ ਜਦੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵੱਲ ਚਾਲੇ ਪਾਏ ਪੁਲੀਸ ਨੂੰ ਭਾਜੜਾਂ ਪੈ ਗਈਆਂ। ਪੁਲੀਸ ਨੇ ਕਿਸਾਨਾਂ ਨੂੰ ਡੀਸੀ ਦਫ਼ਤਰ ਤੋਂ ਥੋੜ੍ਹੀ ਦੂਰੀ ’ਤੇ ਸਖ਼ਤ ਨਾਕਾਬੰਦੀ ਕਰਕੇ ਰੋਕ ਲਿਆ, ਜਿਸ ’ਤੇ ਕਿਸਾਨਾਂ ਨੇ ਸੜਕ ’ਤੇ ਧਰਨਾ ਸ਼ੁਰੂ ਕਰ ਦਿੱਤਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਲੇਟ ਕਰਨ ਦਾ ਫੈਸਲਾ ਨਵੇਂ ਕਾਨੂੰਨ ਲਾਗੂ ਕਰਨ ਵੱਲ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੇ ਢੇਰ ਲੱਗੇ ਹੋਏ ਹਨ, ਪਰ ਸਰਕਾਰਾਂ ਝੋਨੇ ਦੀ ਖਰੀਦ ਲਈ ਨਹੀਂ ਆ ਰਹੀਆਂ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਰਕਾਰਾਂ ਨੇ ਝੋਨੇ ਦੀ ਖਰੀਦ ਸਬੰਧੀ ਸ਼ਰਤਾਂ ਹੋਰ ਸਖ਼ਤ ਕਰ ਦਿੱਤੀਆਂ ਹਨ ਖਰੀਦ ਸਮੇਂ ਸਿਲ ਦੀ ਮਾਤਰਾ 17 ਪ੍ਰਤੀਸ਼ਤ ਤੋਂ ਘਟਾਕੇ 16 ਪ੍ਰਤੀਸ਼ਤ ਕਰ ਦਿੱਤੀ ਹੈ ਜੋ ਕਿਸਾਨਾ ਦੀ ਬਾਂਹ ਮਰੋੜਕੇ ਪ੍ਰਾਈਵੇਟ ਵਪਾਰੀਆਂ ਨੂੰ ਲੁੱਟ ਕਰਨ ਦਾ ਰਾਸਤਾ ਪੱਧਰਾ ਕੀਤਾ ਹੈ। ਇਸ ਮੌਕੇ ਜਸਵਿੰਦਰ ਕੌਰ ਬੱਛੋਆਣਾ, ਜਸਪ੍ਰੀਤ ਕੌਰ ਕੁਲਾਣਾ, ਸਾਧੂ ਸਿੰਘ ਅਲੀਸ਼ੇਰ, ਮੇਜਰ ਸਿੰਘ ਗੋਬਿੰਦਪੁਰਾ, ਜੁਗਰਾਜ ਸਿੰਘ ਮਾਨਸਾ, ਜਗਸੀਰ ਸਿੰਘ, ਗੁਰਪਿੰਦਰ ਆਦਮਕੇ, ਜਗਦੇਵ ਸਿੰਘ ਭੈਣੀ ਬਾਘਾ ਨੇ ਵੀ ਸੰਬੋਧਨ ਕੀਤਾ।
ਡੱਬੀ::: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਦਾ ਘਿਰਾਓ
ਮਾਨਸਾ: ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ 10 ਦਿਨ ਅੱਗੇ ਪਾਉਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੇ ਕਿਸਾਨਾਂ ਨੇ ਵਜ਼ੀਰਾਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਕੇ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਵਾਉਣ ਦੀ ਜ਼ੋਰਦਾਰ ਮੰਗ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਘਰ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਮੌਕੇ ਫ਼ਸਲ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦੀ ਹੈ, ਜਿਸ ਦੇ ਮੱਦੇਨਜ਼ਰ ਮੋਦੀ ਸਰਕਾਰ ਵੱਲੋਂ ਬਦਲਾ ਲਊ ਭਾਵਨਾ ਅਤੇ ਜਾਣ-ਬੁੱਝਕੇ ਹਰਿਆਣਾ ਨਾਲ ਜੋੜਕੇ ਖਰੀਦ 11 ਅਕਤੂਬਰ ਤੋਂ ਸ਼ੁਰੂ ਕਰਨ ਦਾ, ਜੋ ਫੈਸਲਾ ਕੀਤਾ ਗਿਆ ਹੈ, ਅਤਿ ਨਿੰਦਣਯੋਗ ਹੈ।
ਕੈਪਸ਼ਨ: ਮਾਨਸਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਦੀ ਪੁਲੀਸ। -ਫੋਟੋ: ਸੁਰੇਸ਼